ਮਾਤਾ ਗੁਜਰੀ ਕਾਲਜ ਦੇ ਐਨ.ਸੀ.ਸੀ. ਯੂਨਿਟ ਨੇ ਮਨਾਇਆ ਵਿਸ਼ਵ ਸਿਹਤ ਦਿਵਸ

ਸ੍ਰੀ ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : 23 ਪੰਜਾਬ ਬਟਾਲੀਅਨ ਐਨ.ਸੀ.ਸੀ., ਰੂਪਨਗਰ ਦੇ ਕਮਾਂਡਿੰਗ ਅਫ਼ਸਰ ਦੇ ਨਿਰਦੇਸ਼ਾਂ ਅਨੁਸਾਰ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਦੇ ਐਨ.ਸੀ.ਸੀ. ਯੂਨਿਟ ਵੱਲੋਂ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਵਸ ਮੌਕੇ ਕੈਡਿਟਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਵੱਖ-ਵੱਖ ਉਸਾਰੂ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੌਰਾਨ ਪੋਸਟਰ ਪੇਸ਼ਕਾਰੀ ਅਤੇ ਪ੍ਰੇਰਨਾਦਾਇਕ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਐਨ.ਸੀ.ਸੀ. ਕੈਡਿਟਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੇ ਵਿਚਾਰਾਂ ਰਾਹੀਂ ਸਿਹਤਮੰਦ ਜੀਵਨ ਦੀ ਮਹੱਤਤਾ ਨੂੰ ਦਰਸਾਇਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿਹਤ ਅਤੇ ਤੰਦਰੁਸਤੀ ਜੀਵਨ ਦੇ ਮਹੱਤਵਪੂਰਨ ਪਹਿਲੂ ਹਨ ਜਿਨ੍ਹਾਂ ਉੱਪਰ ਹਰ ਇਕ ਵਿਅਕਤੀ ਨੂੰ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਐਨ.ਸੀ.ਸੀ. ਯੂਨਿਟ ਵੱਲੋਂ ਵਿਸ਼ਵ ਸਿਹਤ ਦਿਵਸ ਮੌਕੇ ਕੀਤੀਆਂ ਗਤੀਵਿਧੀਆਂ ਨਾ ਕੇਵਲ ਕੈਡਿਟਾਂ ਵਿੱਚ ਜਾਗਰੂਕਤਾ ਪੈਦਾ ਕਰਦੀਆਂ ਹਨ, ਸਗੋਂ ਇਨ੍ਹਾਂ ਰਾਹੀਂ ਵਿਦਿਆਰਥੀਆਂ ਵਿੱਚ ਸਵੈ-ਅਨੁਸ਼ਾਸਨ, ਸਰੀਰਕ ਤੰਦਰੁਸਤੀ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੇ ਨੈਤਿਕ ਕਦਰਾਂ ਕੀਮਤਾਂ ਨੂੰ ਵੀ ਉਭਾਰਿਆ ਜਾਂਦਾ ਹੈ। ਲੈਫਟਿਨੈਂਟ ਡਾ. ਪੁਸ਼ਪਿੰਦਰ ਸਿੰਘ, ਐਸੋਸੀਏਟ ਐਨ.ਸੀ.ਸੀ. ਅਫ਼ਸਰ ਨੇ ਕਿਹਾ ਕਿ ਐੱਨ.ਸੀ.ਸੀ. ਯੂਨਿਟ ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਸਮਾਜ ਵਿੱਚ ਸਿਹਤ ਦੇ ਰਾਖੇ ਵਜੋਂ ਉਭਰਨ ਲਈ ਪ੍ਰੇਰਿਤ ਕਰਨ ਵਿੱਚ ਸਫ਼ਲ ਰਿਹਾ।