ਸ੍ਰੀ ਮੁਕਤਸਰ ਸਾਹਿਬ, 07 ਅਗਸਤ 2024 : ਸਾਉਣੀ 2024 ਦੌਰਾਨ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੀ ਯੋਗ ਅਗਵਾਈ ਹੇਠ ਨਰਮੇਂ ਦੀ ਫ਼ਸਲ ’ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਫੀਲਡ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਅਤੇ ਵਿਚਾਰ ਵਟਾਂਦਰੇ ਕਰਨ ਲਈ ਅੱਜ ਦਫ਼ਤਰ, ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਕਪਾਹ ਪੱਟੀ ਵਾਲੇ ਜ਼ਿਲ੍ਹੇ ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ ਅਤੇ ਮੋਗਾ ਜਿਸ ਵਿੱਚ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਟੀਮ ਇੰਚਾਰਜ਼ ਹਨ ਅਤੇ ਬਾਕੀ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸਿਖ਼ਲਾਈ ਅਫ਼ਸਰ ਅਤੇ ਇਨ੍ਹਾਂ ਜ਼ਿਲ੍ਹਿਆਂ ਅਧੀਨ ਬਲਾਕਾਂ ਦੇ ਬਲਾਕ ਖੇਤੀਬਾੜੀ ਅਫ਼ਸਰ ਮੈਂਬਰਜ਼ ਵੱਲੋਂ ਭਾਗ ਲਿਆ ਗਿਆ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਵੱਲੋਂ ਮੀਟਿੰਗ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਿਸਾਨਾਂ ਨੂੰ ਪੀ.ਏ.ਯੂ ਲੁਧਿਆਣਾ ਦੀਆਂ ਸਿਫਾਰਸ਼ਾਂ ਅਨੁਸਾਰ ਕੀਟਨਾਸ਼ਕ ਸਪਰੇਆਂ ਦੀ ਸਿਫਾਰਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਪਿਛਲੇ ਦਿਨੀ ਹੋਈ ਬਾਰਿਸ਼ ਨਰਮੇਂ ਦੀ ਫ਼ਸਲ ਲਈ ਬਹੁਤ ਲਾਹੇਵੰਦ ਸਿੱਧ ਹੋਈ ਹੈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਨੂੰ ਕਿਹਾ ਗਿਆ ਖੇਤਾਂ ਵਿੱਚ ਟਿਊਬਵੈਲਾਂ ’ਤੇ ਪਏ ਛਟੀਆਂ ਦੇ ਢੇਰ ਤੁਰੰਤ ਨਸ਼ਟ ਕਰਵਾਏ ਜਾਂ ਚੁਕਵਾਏ ਜਾਣ ਕਿਉਂ ਜੋ ਮਹੀਨਾ ਅਗਸਤ ਦੌਰਾਨ ਨਰਮੇਂ ਦੀ ਫ਼ਸਲ ਤੇ ਗੁਲਾਬੀ ਸੁੰਡੀ ਦਾ ਹਮਲਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਇਸ ਕੰਮ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਲਈ ਲਗਾਤਾਰ ਨਰਮੇਂ ਦੇ ਖੇਤਾਂ ਦਾ ਸਰਵੇਲੈਂਸ ਕੀਤਾ ਜਾਵੇ ਅਤੇ ਖੇਤਾਂ ਦੀ ਲਗਾਤਾਰ ਵਿਜ਼ਿਟ ਕੀਤੀ ਜਾਵੇ। ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਨੂੰ ਕਿਹਾ ਕਿ ਸਰਵੇਲੈਂਸ ਦੇ ਅਧਾਰ ’ਤੇ ਪਿੰਡ ਪੱਧਰ ਤੇ ਕਿਸਾਨਾਂ ਨੂੰ ਅਡਵਾਈਜ਼ਰੀ ਜਾਰੀ ਕੀਤੀ ਜਾਵੇ।
ਇਸ ਮੌਕੇ ਉਨ੍ਹਾਂ ਵੱਲੋਂ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਪਾਸੋਂ ਨਰਮੇਂ ਦੀ ਫ਼ਸਲ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਡਾਇਰੈਕਟਰ ਖੇਤੀਬਾੜੀ (ਦਾਲਾਂ)ਬਠਿੰਡਾ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਖੇਤੀਬਾੜੀ ਅਧਿਕਾਰੀ ਵੀ ਹਾਜ਼ਰ ਸਨ।