- ਬਜ਼ੁਰਗ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਨੈਸ਼ਨਲ ਐਲਡਰ ਹੈਲਪਲਾਈਨ ਨੰਬਰ 14567 ਤੇ ਕਾਲ ਕਰਕੇ ਮਦਦ ਲੈ ਸਕਦੇ ਹਨ ਲੋੜੀਂਦੀ ਮਦਦ: ਡੀ.ਸੀ. ਜਤਿੰਦਰ ਜੋਰਵਾਲ
- ਦਿਵਿਆਂਗਜਨਾਂ ਸਰਟੀਫਿਕੇਟ ਸੰਜੀਦਗੀ ਨਾਲ ਬਣਾਏ ਜਾਣ ਤਾਂ ਜੋ ਕਿਸੇ ਨੂੰ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ: ਜੋਰਵਾਲ
ਸੰਗਰੂਰ, 13 ਸਤੰਬਰ : ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਅੱਜ ਸੀਨੀਅਰ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਜ਼ਿਲ੍ਹੇ ਵਿੱਚ ਬਣੇ ਬਿਰਧ ਘਰਾਂ ਲਈ ਜ਼ਿਲ੍ਹਾ ਪੱਧਰੀ ਜਾਂਚ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਮੂਹ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਅਤੇ ਸੀਨੀਅਰ ਨਾਗਰਿਕਾਂ ਨੂੰ ਭਲਾਈ ਸਕੀਮਾਂ, ਸਿਹਤ ਸਹੂਲਤਾਂ ਅਤੇ ਹੋਰਨਾਂ ਅਜਿਹੀਆਂ ਸਹੂਲਤਾਂ ਦਾ ਲਾਭ ਪਹਿਲ ਦੇ ਆਧਾਰ ਤੇ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਜਾਂ ਬੈਂਕਾਂ ਵਿੱਚ ਕਿਸੇ ਵੀ ਕੰਮ-ਕਾਜ ਲਈ ਆਉਣ ਵਾਲੇ ਬਜ਼ੁਰਗਾਂ ਅਤੇ ਸੀਨੀਅਰ ਨਾਗਰਿਕਾਂ ਲਈ ਵੱਖਰੀਆਂ ਕਤਾਰਾਂ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਚੱਲ ਰਹੇ ਬਿਰਧ ਆਸ਼ਰਮਾਂ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਨਿਯਮਤ ਤੌਰ ਤੇ ਵਿਸ਼ੇਸ਼ ਸਿਹਤ ਜਾਂਚ ਕੈਂਪ ਲਾਉਣੇ ਯਕੀਨੀ ਬਣਾਏ ਜਾਣ ਤਾਂ ਜੋ ਹਰ ਲੋੜਵੰਦ ਬਜ਼ੁਰਗ ਦਾ ਸਿਹਤ ਪੱਖੋਂ ਖਾਸ ਖਿਆਲ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਦੇ ਨਾਲ ਹੀ ਜੇਕਰ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮਦਦ ਦੀ ਲੋੜ ਹੋਵੇ ਤਾਂ ਉਹ ਨੈਸ਼ਨਲ ਐਲਡਰ ਹੈਲਪਲਾਈਨ ਨੰਬਰ 14567 ਉਪਰ ਕਾਲ ਕਰਕੇ ਮਦਦ ਲੈ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸੇ ਤਰ੍ਹਾਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਸਪੈਸ਼ਲਿਸਟ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਦਿਵਿਆਂਗਜਨਾਂ ਦੇ ਦਿਵਿਆਂਗਤਾ ਸਬੰਧੀ ਸਰਟੀਫਿਕੇਟ ਸੰਜੀਦਗੀ ਨਾਲ ਬਣਾਏ ਜਾਣ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਨੈਸ਼ਨਲ ਟਰੱਸਟ ਐਕਟ ਅਧੀਨ ਗਠਿਤ ਲੋਕਲ ਪੱਧਰੀ ਕਮੇਟੀ ਦੀ ਮੀਟਿੰਗ ਵੀ ਹੋਈ ਜਿਸ ਤਹਿਤ ਲੀਗਲ ਗਾਰਡੀਅਨ ਦੇ ਦੋ ਵੱਖ ਵੱਖ ਕੇਸ ਪ੍ਰਵਾਨ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸਰਕਾਰੀ ਪੈਨਸ਼ਨਰਾਂ ਅਤੇ ਉਨ੍ਹਾਂ ਦੇ ਜੀਵਨ ਸਾਥੀਆਂ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਵੈਰੀਫਾਈ ਕਰਵਾਉਣੀ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਬਜ਼ੁਰਗ ਹੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾਵਾਂ ਤੋਂ ਰਿਟਾਇਰਡ ਪੈਨਸ਼ਨਰ ਆਪਣਾ ਅਤੇ ਆਪਣੇ ਜੀਵਨ ਸਾਥੀ ਦੇ ਆਧਾਰ ਕਾਰਡ ਦੀ ਫੋਟੋ ਕਾਪੀ ਕਿਸੇ ਵੀ ਦਫ਼ਤਰੀ ਕੰਮ ਕਾਜ ਦੇ ਸਮੇਂ ਅੰਦਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵਿਖੇ ਜਮਾਂ ਕਰਵਾ ਕੇ ਆਪਣੀ ਪੈਨਸ਼ਨ ਵੈਰੀਫਾਈ ਕਰਵਾ ਸਕਦੇ ਹਨ। ਇਸ ਮੌਕੇ ਸਹਾਇਕ ਕਮਿਸ਼ਨਰ ਰਿਚਾ ਗੋਇਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਵੜਿੰਗ, ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਬਿਰਧ ਆਸ਼ਰਮਾਂ ਦੇ ਪ੍ਰਬੰਧਕ ਹਾਜ਼ਰ ਸਨ।