ਪਟਿਆਲਾ, 17 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਆਏ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਅਹਿਮ ਮੀਟਿੰਗ ਸੱਦੀ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਹੜ੍ਹਾਂ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਗਏ ਯਤਨਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਜ਼ਿਲ੍ਹੇ ਨੂੰ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਤੋਂ ਬਚਾਉਣ ਲਈ ਵਿਆਪਕ ਰਣਨੀਤੀ ਘੜਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸਾਹਨੀ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਭਰ ਵਿੱਚ ਨਦੀਆਂ ਤੇ ਨਾਲਿਆਂ ਵਿੱਚ ਪਾੜ ਪੂਰਨ ਨੂੰ ਪਹਿਲ ਦਿੱਤੀ ਜਾਵੇ।ਉਨ੍ਹਾਂ ਨੇ ਨੁਕਸਾਨੀਆਂ ਸੜਕਾਂ ਦੀ ਮੁਰੰਮਤ ਅਤੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੀਣ ਵਾਲੇ ਸਵੱਛ ਪਾਣੀ ਦੀ ਸਪਲਾਈ ਬਹਾਲ ਕਰਨ ਅਤੇ ਪੀ.ਡੀ.ਏ ਨੂੰ ਅਰਬਨ ਅਸਟੇਟ ਖੇਤਰ ਦੀ ਤੁਰੰਤ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ। ਹੜ੍ਹਾਂ ਕਾਰਨ ਹੋਏ ਮੰਦਭਾਗੇ ਜਾਨੀ ਨੁਕਸਾਨ ਲਈ 4-4 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਜਾਰੀ ਕਰਨ ਲਈ, ਡਿਪਟੀ ਕਮਿਸ਼ਨਰ ਨੇ ਸਾਰੇ ਉਪ ਮੰਡਲ ਮੈਜਿਸਟਰੇਟਾਂ ਨੂੰ ਰਿਪੋਰਟ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਜ਼ਿਲ੍ਹੇ ਅੰਦਰ ਲਗਪਗ 45,000 ਹੈਕਟੇਅਰ ਝੋਨੇ ਦੀ ਫਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜਿੱਥੇ ਝੋਨਾ ਮੁੜ ਲਗਾਉਣਾ ਪਵੇਗਾ। ਡਿਪਟੀ ਕਮਿਸ਼ਨਰ ਸਾਹਨੀ ਨੇ ਹੜ੍ਹਾਂ ਦੇ ਨੁਕਸਾਨ ਨੂੰ ਘੱਟ ਕਰਨ ਲਈ ਕੀਤੇ ਯਤਨਾਂ ਅਤੇ ਭੂਗੋਲਿਕ ਸੂਚਨਾ ਪ੍ਰਣਾਲੀ (ਜੀਆਈਐਸ) ਆਧਾਰਿਤ ਸਰਵੇਖਣ ਕਰਨ ਲਈ ਡਰੇਨੇਜ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਭਵਿੱਖ ਦੇ ਸੰਭਾਵੀ ਹੜ੍ਹਾਂ ਵਰਗੇ ਖ਼ਤਰਿਆਂ ਨੂੰ ਘਟਾਉਣ ਲਈ ਪਾਣੀ ਦੇ ਕੁਦਰਤੀ ਵਹਾਅ ਦੇ ਬੇਰੋਕ ਲੰਘਣ ਲਈ ਯੋਜਨਾ ਬਣਾਉਣ ਦੇ ਮਹੱਤਵ 'ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਸਾਹਨੀ ਨੇ ਹੜ੍ਹਾਂ ਦੇ ਸੰਕਟ ਨਾਲ ਨਜਿੱਠਣ ਲਈ ਜੁੜੇ ਸਾਰੇ ਵਿਭਾਗਾਂ ਦੇ ਤਾਲਮੇਲ ਵਾਲੇ ਯਤਨਾਂ ਦੀ ਸ਼ਲਾਘਾ ਕਰਦਿਆਂ ਵਿਸ਼ੇਸ਼ ਤੌਰ ਉਤੇ ਐਸ.ਡੀ.ਐਮਜ਼ ਤੋਂ ਇਲਾਵਾ ਡਰੇਨੇਜ, ਲੋਕ ਨਿਰਮਾਣ ਵਿਭਾਗ , ਬਿਜਲੀ, ਮੰਡੀ ਬੋਰਡ, ਪੇਂਡੂ ਵਿਕਾਸ, ਸਿਹਤ, ਨਗਰ ਨਿਗਮ, ਖੇਤੀਬਾੜੀ, ਪਸ਼ੂ ਪਾਲਣ, ਅਤੇ ਪਟਿਆਲਾ ਵਿਕਾਸ ਅਥਾਰਟੀ (ਪੀਡੀਏ) ਦੁਆਰਾ ਕੀਤੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਵਾਸੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਦ੍ਰਿੜਤਾ ਜ਼ਾਹਰ ਕਰਦਿਆਂ ਸਾਰੇ ਵਿਭਾਗਾਂ ਨੂੰ ਲਗਾਤਾਰ ਸਹਿਯੋਗ ਅਤੇ ਤੇਜ਼ੀ ਨਾਲ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਨਾਲ ਹੀ ਜ਼ਿਲ੍ਹੇ ਨੂੰ ਭਵਿੱਖ ਵਿੱਚ ਹੜ੍ਹਾਂ ਵਰਗੀਆਂ ਸਥਿਤੀਆਂ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਰਣਨੀਤੀ ਤਿਆਰ ਕਰਨ ਦੀ ਉਤੇ ਵੀ ਜ਼ੋਰ ਦਿੱਤਾ। ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਸਹਾਇਕ ਕਮਿਸ਼ਨਰ ਯੂਟੀ ਡਾ: ਅਕਸ਼ਿਤਾ ਗੁਪਤਾ, ਏਡੀਸੀਜ਼ ਜਗਜੀਤ ਸਿੰਘ ਅਤੇ ਅਨੁਪ੍ਰਿਤਾ ਜੌਹਲ, ਐਸਡੀਐਮ ਡਾ: ਇਸਮਤ ਵਿਜੇ ਸਿੰਘ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਨਮਨ ਮਾਰਕਨ ਸਮੇਤ ਹੋਰ ਐਸਡੀਐਮਜ਼ ਅਤੇ ਅਧਿਕਾਰੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼਼ਾਮਲ ਹੋਏ ਜਦਕਿ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ ਸਨ।