
- ਪ੍ਰੋਜੈਕਟ ਤਹਿਤ ਕਰੀਬ 95 ਲੱਖ ਰੁਪਏ ਕੀਤੇ ਜਾਣਗੇ ਖਰਚ
ਲੁਧਿਆਣਾ, 10 ਫਰਵਰੀ 2025 : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 87 ਵਿਖੇ ਸਰਕਾਰੀ ਹਾਈ ਸਕੂਲ ਵਿੱਚ ਨਵੀਂ ਇਮਾਰਤ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਨਾਨਕ ਨਗਰ, ਸਲੇਮ ਟਾਬਰੀ ਵਿਖੇ ਬਣਨ ਵਾਲੀ ਇਸ ਨਵੀਂ ਇਮਾਰਤ 'ਤੇ ਤਕਰੀਬਨ 95 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਬੱਗਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਉਨ੍ਹਾ ਅੱਗੇ ਕਿਹਾ ਕਿ ਉਨ੍ਹਾ ਦੀ ਸਰਕਾਰ ਵੱਲੋਂ ਅਜਿਹੀ ਵਿਵਸਥਾ ਕਾਇਮ ਕੀਤੀ ਜਾਵੇਗੀ ਜਿਸਦੇ ਤਹਿਤ ਆਮ ਲੋਕ ਵੀ ਆਪਣੇ ਬੱਚਿਆਂ ਨੂੰ ਉਚੇਰੀ ਸਿੱਖਿਆ ਦੇ ਸਕਣਗੇ। ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਚੰਗੀ ਸਿੱਖਿਆ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਵਧੀਆ ਤਰੀਕਿਆਂ ਨਾਲ ਤਿਆਰ ਕਰਕੇ ਉਨ੍ਹਾਂ ਨੂੰ ਜਾਗਰੂਕ ਅਤੇ ਚੰਗੇ ਨਾਗਰਿਕ ਬਣਾਉਂਦੀ ਹੈ। ਸਾਨੂੰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਮੂਹਿਕ ਤੌਰ 'ਤੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖਤਾ ਦੀ ਸਭ ਤੋਂ ਉੱਤਮ ਸੇਵਾ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ, ਕੌਂਸਲਰ ਅਮਨ ਬੱਗਾ, ਕੌਂਸਲਰ ਹਰਜਿੰਦਰ ਬਾਲੀ, ਬੋਨੀ, ਵਿਜੇ ਕੁਮਾਰ ਅਤੇ ਸਮੁੱਚਾ ਸਕੂਲ ਸਟਾਫ ਵੀ ਮੌਜੂਦ ਸੀ।