- ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬਧ : ਮੁਸਾਫਿਰ
- ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ
ਫਾਜ਼ਿਲਕਾ 11 ਅਪ੍ਰੈਲ : ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਅਬੋਹਰ ਦੀ ਦਾਣਾ ਮੰਡੀ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਣਕ ਦੀ ਖਰੀਦ ਦੀ ਸ਼ੁਰੂਆਤ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਕੀਤੀ ਅਤੇ ਕਿਸਾਨਾਂ ਨੂੰ ਖਰੀਦ ਸੀਜਨ ਦੀ ਵਧਾਈ ਵੀ ਦਿੱਤੀ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਸਾਨਾਂ ਨੂੰ ਭਰੋਸਾ ਦਵਾਉਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੀਦੀ ਫਸਲ ਦੀ ਅਦਾਇਗੀ ਨਾਲੋਂ-ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ 'ਚ ਸੁੱਕੀ ਹੋਈ ਕਣਕ ਹੀ ਲੈਕੇ ਆਉਣ ਤਾਂ ਜੋ ਮੰਡੀ 'ਚ ਆਈ ਕਣਕ ਦੀ ਨਾਲੋ-ਨਾਲ ਖਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਮੰਡੀਆਂ 'ਚ ਕਣਕ ਦੀ ਨਿਰਵਿਘਨ ਖਰੀਦ ਲਈ ਅਧਿਕਾਰੀਆਂ ਤੇ ਸਟਾਫ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਮੰਡੀਆਂ 'ਚ ਬਾਰਦਾਨੇ ਸਮੇਤ ਲੋੜ ਮੁਤਾਬਕ ਤਰਪਾਲਾਂ ਦੀ ਉਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਪੀਣ ਵਾਲੇ ਪਾਣੀ, ਪਖਾਣੇ, ਛਾਂ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਫਸਲ ਦੀ ਖਰੀਦ-ਵੇਚ ਦੌਰਾਨ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲ ਨੂੰ ਸੁੱਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਇਆ ਜਾਵੇ ਤਾਂ ਜੋ ਉਨ੍ਹਾਂ ਫਸਲ ਦੀ ਵੇਚ ਦੌਰਾਨ ਮੰਡੀਆਂ ਵਿਚ ਨਾ ਰੁਕਣਾ ਪਵੇ। ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਮੰਡੀਆਂ ਵਿਚ ਅਗੇਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਐਸ.ਡੀ.ਐਮ. ਅਬੋਹਰ ਸ੍ਰੀ ਅਕਾਸ਼ ਬਾਂਸਲ ਸਮੇਤ ਹੋਰ ਅਧਿਕਾਰੀ ਤੇ ਮੰਡੀ ਦੇ ਅਧਿਕਾਰੀ ਹਾਜਰ ਸਨ।