ਲੁਧਿਆਣਾ : ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਹਲਕਾ ਪੂਰਬੀ 'ਚ ਪੈਂਦੇ ਵਾਰਡ ਨੰਬਰ 2 ਵਿੱਚ ਜ਼ਮੀਨੀ ਪੱਧਰ 'ਤੇ ਸੀਵਰੇਜ਼ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਭੋਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਾਰਡ ਦੇ ਵਸਨੀਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ਼ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸਦਾ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾ ਇਲਾਕਿਆਂ ਵਿੱਚ ਬਰਸਾਤੀ ਮੌਸਮ ਦੌਰਾਨ ਤਾਂ ਹਾਲਾਤ ਬੇਹੱਦ ਮਾੜੇ ਹੋ ਜਾਂਦੇ ਹਨ ਅਤੇ ਬਦਬੂ ਫੈਲਣ ਕਾਰਨ ਲੋਕ ਨਰਕ ਭਰਿਆ ਜੀਵਨ ਬਤੀਤ ਕਰਦੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਸਬੰਧਤ ਅਧਿਕਾਰੀਆਂ ਨਾਲ ਇਸ ਸਬੰਧੀ ਮੀਟਿੰਗ ਕੀਤੀ ਗਈ ਸੀ ਅਤੇ ਮੀਟਿੰਗ ਦੌਰਾਨ ਵਸਨੀਕਾਂ ਵੱਲੋਂ ਆਪਣੀ ਪ੍ਰੇਸ਼ਾਨੀਆਂ ਤੋਂ ਅਧਿਕਾਰੀਆਂ ਨੂੰ ਜਾਣੂੰ ਕਰਵਾਇਆ ਗਿਆ ਅਤੇ ਅਧਿਕਾਰੀਆਂ ਵੱਲੋਂ ਵੀ ਜਲਦ ਇਸ ਦਾ ਢੁੱਕਵਾਂ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ ਸੀ। ਵਿਧਾਇਕ ਭੋਲਾ ਗਰੇਵਾਲ ਵਲੋਂ ਅਧਿਕਾਰੀਆਂ ਨੂੰ ਮਸ਼ੀਨਾਂ ਰਾਹੀਂ ਸੀਵਰੇਜ਼ ਦੀ ਸਫਾਈ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਸਨ। ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰਵਾਸੀਆਂ ਨੂੰ ਹਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।