ਲੁਧਿਆਣਾ, 28 ਜੂਨ : ਵਿਧਾਨ ਸਭਾ ਹਲਕਾ ਉੱਤਰੀ ਦੇ ਵਿਕਾਸ ਕਾਰਜ਼ ਨਿਰੰਤਰ ਜਾਰੀ ਹਨ ਅਤੇ ਹਲਕੇ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਸਥਾਨਕ ਸੈਸ਼ਨ ਚੋਂਕ ਤੋਂ ਹੈਬੋਵਾਲ ਚੌਂਕ ਤੱਕ ਦੰਡੀ ਸਵਾਮੀ ਵਾਲੇ ਰੋਡ ਦੀ ਮੁੱਖ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੰਡਿਤ ਰਾਜ ਕੁਮਾਰ ਸ਼ਰਮਾ ਤੋਂ ਇਲਾਵਾ ਹਲਕੇ ਦੇ ਹੋਰ ਲੋਕ ਵੀ ਮੌਜੂਦ ਸਨ। ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਪੁਰਾਣੀ ਕਚਿਹਰੀ, ਪੈਵੇਲੀਅਨ ਮਾਲ ਤੋਂ ਬਣਨ ਵਾਲੀ ਇਸ ਮੁੱਖ ਸੜ੍ਹਕ ਦੇ ਮੁੜ ਨਿਰਮਾਣ 'ਤੇ ਕਰੀਬ 2 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਲਈ 24 ਘੰਟੇ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰਕੇ ਲਿਖਤੀ ਜਾਂ ਫ਼ੋਨ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਆਪਣੇ ਚੋਣ ਵਾਅਦੇ ਨੂੰ ਯਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਇੰਤਜ਼ਾਰ ਕੀਤੇ ਬਿਨ੍ਹਾਂ ਹੀ ਵਿਧਾਇਕ ਜਨਤਾ ਦੇ ਦੁਆਰ ਪ੍ਰੋਗਰਾਮ ਤਹਿਤ ਬਿਨਾਂ ਕਿਸੇ ਸ਼ਿਕਾਇਤ ਦੇ ਆਪਣੇ ਤੌਰ 'ਤੇ ਨੋਟਿਸ ਲੈ ਕੇ ਹਰ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਸਨੀਕਾਂ ਨੂੰ ਸਿਹਤ, ਸਿੱਖਿਆ ਅਤੇ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।