ਵਿਧਾਇਕ ਛੀਨਾ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੇ ਲੈਪਟਾਪ

  • ਬੱਚਿਆਂ ਦੇ ਬੌਧਿਕ ਵਿਕਾਸ 'ਚ ਸਿੱਖਿਆ ਦਾ ਵਿਸ਼ੇਸ਼ ਮਹੱਤਵ ਹੈ : ਰਜਿੰਦਰਪਾਲ ਕੌਰ ਛੀਨਾ 

ਲੁਧਿਆਣਾ, 28 ਫਰਵਰੀ 2025 : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਰਕਾਰੀ ਹਾਈ ਸਕੂਲ, ਢੰਡਾਰੀ ਕਲਾਂ ਵਿਖੇ ਵੱਖ-ਵੱਖ ਅੱਠ ਹੋਣਹਾਰ ਵਿਦਿਆਰਥੀਆਂ ਨੂੰ ਲੈਪਟਾਪ ਵੰਡੇ। ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਵਿਧਾਇਕ ਛੀਨਾ ਦਾ ਧੰਨਵਾਦ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਬੱਚਿਆਂ ਦੇ ਬੌਧਿਕ ਵਿਕਾਸ ਵਿੱਚ ਸਿੱਖਿਆ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਤਕਨਾਲੋਜੀ ਦਾ ਵਿਸ਼ੇਸ਼ ਮਹੱਤਵ ਹੈ ਅਤੇ ਬੱਚਿਆਂ ਨੂੰ ਇਸ ਨਾਲ ਸਵੈ-ਰੁਚੀ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਮਾਪਿਆਂ ਨੂੰ ਵੀ ਬੱਚਿਆਂ ਨੂੰ ਆਧੁਨਿਕ ਸਿੱਖਿਆ ਅਤੇ ਤਕਨੀਕੀ ਸਿੱਖਿਆ ਨਾਲ ਜੋੜਨ 'ਤੇ ਜ਼ੋਰ ਦਿੱਤਾ ਅਤੇ ਸਾਕਾਰਤਮਕ ਸੁਝਾਅ ਦਿੱਤੇ। ਵਿਧਾਇਕ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਮਿਆਰੀ ਸਿੱਖਿਆ, ਸਿਹਤ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਨੂੰ ਪ੍ਰਮੁੱਖ ਤਰਜੀਹ ਦੇਣ ਲਈ ਵਚਨਬੱਧ ਹੈ।