ਵਿਧਾਇਕ ਡਿੰਪੀ ਢਿੱਲੋਂ ਨੇ ਨਸ਼ਿਆਂ ਵਿਰੁੱਧ ਇਕਜੁਟ ਹੋਣ ਦਾ ਦਿੱਤਾ ਸੱਦਾ

  • ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਹਰੀਕੇ ਕਲਾਂ, ਭੁੱਟੀਵਾਲਾ ਅਤੇ ਸਮਾਘ ਮੌੜ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ
  • ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 18 ਮਈ 2025 : ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਗਿੱਦੜਬਾਹਾ ਦੇ ਪਿੰਡ ਹਰੀਕੇ ਕਲਾਂ, ਭੁੱਟੀਵਾਲਾ ਅਤੇ ਸਮਾਘ ਮੌੜ ਵਿਖੇ ਰੱਖਿਆ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਇਹ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜੋ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਹਾਈ ਸਿੱਧ ਹੋਣਗੀਆਂ। ਇਹ ਯਾਤਰਾ, ਜੋ ਕਿ ਜਾਗਰੂਕਤਾ ਸਭਾਵਾਂ ਦੇ ਰੂਪ ਵਿੱਚ ਕੀਤੀ ਜਾ ਰਹੀ ਹੈ, ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਤਹਿਤ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ 'ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਪੰਚਾਇਤ ਵਿਭਾਗ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਰਗਰਮ ਹਨ ਅਤੇ ਹਰੇਕ ਪੱਖ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਹਲਕਾ ਵਿਧਾਇਕ ਨੇ ਲੋਕਾਂ ਨੂੰ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ। ਉਹਨਾਂ ਨੇ ਇਹ ਵੀ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰ ਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ, ਜਿਸ ਵਿੱਚ ਸਹਿਯੋਗ ਲਈ ਲੋਕਾਂ ਨੂੰ ਵੀ ਵਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਮਾਧੋ ਦਾਸ ਸਿੰਘ ਖ਼ਾਲਸਾ ਸਮੇਤ ਹੋਰ ਆਗੂ ਅਤੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਵੱਡੀ ਗਿਣਤੀ ਆਮ ਲੋਕ ਹਾਜ਼ਰ ਸਨ।