ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਜੰਡ ਸਾਹਿਬ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ 

  • ਕਣਕ ਦੀ ਖਰੀਦ ਸਬੰਧੀ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਸੇਖੋਂ

ਸਾਦਿਕ (ਫ਼ਰੀਦਕੋਟ) 15 ਅਪ੍ਰੈਲ 2025 : ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਜੰਡ ਸਾਹਿਬ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਜਿਲ੍ਹੇ ਦੇ ਕੁੱਲ 68 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ,ਮਜ਼ਦੂਰਾਂ, ਆੜਤੀਆਂ ਲਈ ਛਾਂ, ਪੀਣ ਵਾਲੇ ਪਾਣੀ, ਰੌਸ਼ਨੀ ਤੇ ਸਫਾਈ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਫਸਲ ਵੇਚਣ ਸਮੇਂ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 12 ਫੀਸਦੀ ਨਮੀ ਵਾਲੀ ਫਸਲ ਹੀ ਮੰਡੀਆਂ ਵਿੱਚ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਸਮੇਂ ਸਮੱਸਿਆਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਣਕ ਦਾ ਸਮਰਥਨ ਮੁੱਲ 2425 ਰੁਪਏ ਨਿਸ਼ਚਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਚੁੱਕਿਆ ਜਾਵੇਗਾ ਅਤੇ ਖਰੀਦੀ ਗਈ ਫਸਲ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ ਵਿੱਚ 24 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਮੂਹ ਖਰੀਦ ਕੇਂਦਰਾਂ ਵਿੱਚ ਖਰੀਦ ਏਜੰਸੀਆਂ ਵੱਲੋਂ ਆਪਣੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ.ਰਮਨਦੀਪ ਸਿੰਘ ਮੁਮਾਰਾ, ਸ.ਹਰਜੀਤ ਸਿੰਘ ਸਰਪੰਚ,ਕੁਲਵਿੰਦਰ ਸਿੰਘ ਸੰਧੂ, ਗੁਰਚਰਨ ਸਿੰਘ, ਸਮਸ਼ੇਰ ਸਿੰਘ, ਹਰਪ੍ਰੀਤ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਆੜਤੀਏ ਅਤੇ ਕਿਸਾਨ ਹਾਜ਼ਰ ਸਨ।