- ਛੋਟੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਆਂਗਣਵਾੜੀ ਹੈਲਪਰ ਦੀ ਅਹਿਮ ਭੂਮਿਕਾ – ਡਾ ਜਮੀਲ ਉਰ ਰਹਿਮਾਨ
ਮਾਲੇਰਕੋਟਲਾ, 02 ਸਤੰਬਰ : ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਕੀਤਾ ਵਾਅਦਾ ਬਾਖ਼ੂਬੀ ਪੂਰਾ ਕੀਤਾ ਜਾ ਰਿਹਾ ਹੈ । ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਲਈ ਪੰਜਾਬ ਸਰਕਾਰ ਵੱਲੋਂ ਕਰੀਬ 35 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਮੀਡੀਆ ਲਾਂਜ ਵਿਖੇ ਸਮਾਜਿਕ ਸੁਰੱਖਿਆ,ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਭਰਤੀ ਹਲਕਾ ਮਾਲੇਰਕੋਟਲਾ ਨਾਲ ਸਬੰਧਤ ਅਹਿਮਦਗੜ੍ਹ ਬਲਾਕ ਦੇ 06 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਵਿਖੇ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ 500 ਆਂਗਣਵਾੜੀ ਹੈਲਪਰਾਂ /ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ । ਸਮੁੱਚੇ ਸੂਬੇ ਵਿੱਚ ਕਰੀਬ 5714 ਆਂਗਣਵਾੜੀ ਵਰਕਰ/ਹੈਲਪਰਾਂ ਨੂੰ ਸਬੰਧਤ ਵਿਧਾਨ ਸਭਾ ਦੇ ਵਿਧਾਇਕਾਂ ਵੱਲੋਂ ਨਿਯੁਕਤ ਪੱਤਰ ਦਿੱਤੇ ਜਾ ਰਹੇ ਹਨ ।ਇਸ ਕੜੀ ਤਹਿਤ ਹਲਕਾ ਮਾਲੇਰਕੋਟਲਾ ਨਾਲ ਸਬੰਧਤ ਅਹਿਮਦਗੜ੍ਹ ਬਲਾਕ ਦੇ ਆਂਗਣਵਾੜੀ ਹੈਲਪਰਾਂ ਨੂੰ ਇਹ ਨਿਯੁਕਤੀ ਪੱਤਰ ਦਿੱਤੇ ਗਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੇ ਆਖ਼ਰੀ ਸਾਲ ਨੌਕਰੀਆਂ ਦਿੰਦੀਆਂ ਸਨ ਪਰ ਮੌਜੂਦ ਸਰਕਾਰ ਦਾ ਇੱਕੋ ਇੱਕ ਸੁਪਨਾ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਚ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਸਿਫ਼ਾਰਸ਼ ਤੋਂ ਯੋਗਤਾ ਦੇ ਆਧਾਰ ’ਤੇ ਭਰਤੀ ਕੀਤਾ ਜਾ ਰਿਹਾ ਹੈ । ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਰਿਕਾਰਡ ਤੋੜ ਨੌਕਰੀਆਂ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾ ਰਹੀਆਂ ਹਨ । ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਦੀ ਮੁਬਾਰਕਬਾਦ ਦਿੰਦਿਆਂ ਚੰਗੇ ਭਵਿੱਖ ਦੀਆਂ ਕਾਮਨਾਵਾਂ ਕਰਦਿਆ ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ ।ਉਹ ਛੋਟੀ ਉਮਰ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਨਵ ਨਿਯੁਕਤ ਵਰਕਰਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ । ਨਵ ਨਿਯੁਕਤ ਆਂਗਣਵਾੜੀ ਵਰਕਰਾਂ ਨੇ ਵਿਧਾਇਕ ਨੂੰ ਭਰੋਸਾ ਦਿੱਤਾ ਕਿ ਉਹ ਇਸ ਸਰਕਾਰੀ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਬਾਲ ਵਿਕਾਸ ਅਤੇ ਪ੍ਰੋਜੈਕਟ ਅਫ਼ਸਰ ਸ੍ਰੀ ਅਰਵਿੰਦਰ ਸਿੰਘ ਭੱਟੀ ਦੱਸਿਆ ਕਿ ਜ਼ਿਲ੍ਹੇ ਦੇ ਕੁਲ 12 ਆਂਗਣਵਾੜੀ ਹੈਲਪਰਾਂ ਦੀ ਚੋਣ ਹੋਈ ਹੈ ਜਿਨ੍ਹਾਂ ਵਿੱਚੋਂ 06 ਹੈਲਪਰ ਹਲਕਾ ਮਾਲੇਰਕੋਟਲਾ ਨਾਲ ਸਬੰਧਤ ਅਹਿਮਦਗੜ੍ਹ ਬਲਾਕ ਦੇ ਅਤੇ 06 ਵਿਧਾਨ ਸਭਾ ਹਲਕਾ ਅਮਰਗੜ੍ਹ ਨਾਲ ਸਬੰਧਤ ਹਨ । ਇਸ ਮੌਕੇ ਸੁਪਰਵਾਈਜ਼ਰ ਸ੍ਰੀਮਤੀ ਪਾਲ ਕੌਰ, ਸ੍ਰੀਮਤੀ ਗੁਰਵਿੰਦਰ ਕੌਰ ਅਤੇ ਸ੍ਰੀ ਤਰਿਦੰਰ ਕੁਮਾਰ ਵੀ ਮੌਜੂਦ ਸਨ।