- ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਕੈਂਪ
- ਪਰਾਲ਼ੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨ ਸਨਮਾਨਤ
ਫ਼ਤਹਿਗੜ੍ਹ ਸਾਹਿਬ, 22 ਸਤੰਬਰ : ਏ.ਆਰ.ਸਰਕਲ ਬੱਸੀ ਪਠਾਣਾ ਵਿਖੇ ਹਲਕਾ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਦੀ ਪ੍ਰਧਾਨਗੀ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਝੋਨੇ ਦੀ ਪਰਾਲ਼ੀ ਨੂੰ ਅੱਗ ਨਾ ਲਗਾਉਣ ਵਾਲੇ 10 ਅਗਾਂਹ ਵਧੂ ਕਿਸਾਨਾਂ ਨੂੰ ਵੀ ਮੁੱਖ ਮਹਿਮਾਨ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਨਾੜ ਨੂੰ ਨਾ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ, ਜਿਸ ਨਾਲ ਕਿਸਾਨ ਨੂੰ ਬਾਅਦ ਵਿੱਚ ਬਹੁਤੀਆਂ ਖਾਦਾਂ ਦੀ ਵਰਤੋਂ ਨਹੀਂ ਕਰਨੀ ਪੈਂਦੀ। ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਜਿਹੜੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਂਦੇ ਹਨ, ਉਹ ਵੀ ਨਸ਼ਟ ਹੋਣ ਤੋਂ ਬਚ ਜਾਂਦੇ ਹਨ। ਹਲਕਾ ਵਿਧਾਇਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ, ਨਾੜ ਨੂੰ ਖੇਤਾਂ ਵਿੱਚ ਵਾਹ ਦੇਣ ਅਤੇ ਪਰਾਲੀ ਨੂੰ ਬੇਲਰ ਦੀ ਸਹਾਇਤਾ ਨਾਲ ਗੰਢਾਂ ਦੇ ਰੂਪ ਵਿੱਚ ਤਿਆਰ ਕਰਨ, ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕਰਨ ਉੱਪਰ ਜੋਰ ਦਿੱਤਾ ਜਾਵੇ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ ਅਤੇ ਭੂਮੀ ਦੀ ਸਿਹਤ ਵਿੱਚ ਵਾਧਾ ਕੀਤਾ ਜਾ ਸਕੇ। ਹਲਕਾ ਵਿਧਾਇਕ ਨੇ ਕਿਹਾ ਕਿ ਕਿਸਾਨ ਕਸਟਮ ਹਾਇਰਿੰਗ ਸੈਂਟਰ ਅਤੇ ਸਹਿਕਾਰੀ ਸਭਾਵਾਂ ਵਿੱਚੋਂ ਪਰਾਲੀ ਪ੍ਰਬੰਧਨ ਸਬੰਧੀ ਖੇਤੀ ਮਸ਼ੀਨਰੀ ਨੂੰ ਕਿਰਾਏ 'ਤੇ ਲੈ ਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਰਲਾ ਸਕਦੇ ਹਨ। ਉਹਨਾਂ ਦੱਸਿਆ ਕਿ ਵਾਤਾਵਰਣ ਪ੍ਰਦੂਸ਼ਿਤ ਹੋਣ ਕਾਰਨ ਜੈਵਿਕ ਵਿਭਿੰਨਤਾ ਅਤੇ ਮਨੁੱਖੀ ਸਿਹਤ ਉੱਪਰ ਮਾੜੇ ਪ੍ਰਭਾਵ ਪੈ ਰਹੇ ਹਨ ਅਤੇ ਧੂੰਏਂ ਕਾਰਨ ਕਈ ਭਿਆਨਕ ਸੜਕ ਹਾਦਸੇ ਵਾਪਰਨ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਇਸ ਮੌਕੇ ਐਸ.ਡੀ.ਐਮ. ਬੱਸੀ ਪਠਾਣਾ ਡਾ. ਸੰਜੀਵ ਕੁਮਾਰ , ਉਪ ਰਜਿਸਟਰਾਰ ਸਹਿਕਾਰੀ ਸਭਾਵਾ ਸ੍ਰੀਮਤੀ ਸ਼ਹਿਨਾਜ ਮਿੱਤਲ , ਤਹਿਸੀਲਦਾਰ ਬੱਸੀ ਪਠਾਣਾ ਸ. ਅਵਤਾਰ ਸਿੰਘ , ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀਮਤੀ ਹਰਪ੍ਰੀਤ ਕੌਰ , ਬਲਾਕ ਖੇਤੀਬਾੜੀ ਅਫਸਰ ਸ੍ਰੀ ਕਿਰਪਾਲ ਸਿੰਘ, ਪੀ ਏ ਡੀ ਬੀ ਚੇਅਰਮੈਨ ਸ੍ਰੀਮਤੀ ਬਲਜੀਤ ਕੌਰ , ਪ੍ਰਧਾਨ ਦਿ ਘੁਮੰਡਗੜ ਬਹੁਮੰਤਵੀ ਸਹਿਕਾਰੀ ਸਭਾ ਸ੍ਰੀ ਜਗਦੀਸ਼ ਸਿੰਘ ਵੱਲੋ ਵੀ ਸ਼ਿਰਕਤ ਕੀਤੀ ਗਈ । ਇਸ ਤੋਂ ਇਲਾਵਾ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਸ੍ਰੀ ਗੁਰਪ੍ਰੀਤ ਸਿੰਘ, ਸ੍ਰੀ ਸ਼ਮਿੰਦਰ ਸਿੰਘ, ਸ੍ਰੀ ਗੁਰਜੋਤ ਸਿੰਘ, ਸ੍ਰੀਮਤੀ ਹਰਮਨਦੀਪ ਕੌਰ ਵੀ ਹਾਜ਼ਰ ਰਹੇ।