ਲੁਧਿਆਣਾ, 06 ਸਤੰਬਰ 2024 : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਸਥਾਨਕ ਸੀ.ਡੀ.ਪੀ.ਓ. ਅਰਬਨ-4, ਲੁਧਿਆਣਾ ਦੀਆਂ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਤਾਇਨਾਤ ਕੀਤਾ ਗਿਆ ਹੈ। ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਰਮਨਪ੍ਰੀਤ ਕੌਰ ਹੈਲਪਰ ਅਤੇ ਸੀਮਾ ਰਾਣੀ ਹੈਲਪਰ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਵਧਾਈ ਦਿੰਦਿਆਂ ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਕਰਨ ਲਈ ਪ੍ਰੇਰਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਕੌਰ ਸੀ.ਡੀ.ਪੀ.ਓ. ਅਰਬਨ-4, ਲੁਧਿਆਣਾ, ਅਮਨਦੀਪ ਕੌਰ ਸੀਨੀਅਰ ਸਹਾਇਕ ਅਤੇ ਜਿੰਦਰਪਾਲ ਕੌਰ ਸੁਪਰਵਾਈਜ਼ਰ ਵੀ ਮੌਜੂਦ ਸਨ।