ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ 'ਮੋਬਾਇਲ ਦਫ਼ਤਰ ਵੈਨ' ਰਾਹੀਂ ਅੱਜ ਵਾਰਡ ਨੰਬਰ 49 ਦੇ ਵਸਨੀਕਾਂ ਦੀਆਂ ਮਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਨਗਰ ਨਿਗਮ, ਪੀ.ਐਸ.ਪੀ.ਸੀ.ਐਲ., ਵਾਟਰ ਸਪਲਾਈ, ਪੁਲਿਸ਼ ਪ੍ਰਸ਼ਾਸ਼ਨ, ਮਾਲ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ਜਿਨ੍ਹਾਂ ਮੌਕੇ 'ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ। ਵਿਧਾਇਕ ਸਿੱਧੂ ਵੱਲੋਂ ਇਸ ਮੌਕੇ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਜ਼ੋਰ ਦੇ ਕੇ ਕਿਹਾ ਕਿ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾ ਦੇ ਘਰੋ-ਘਰ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚੌਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਹ ਮੋਬਾਇਲ ਵੈਨ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਿੱਜੀ ਫੰਡ ਵਿੱਚੋਂ ਚਲਾਈ ਜਾ ਰਹੀ ਹੈ। ਵਿਧਾਇਕ ਸਿੱਧੂ ਨੇ ਕਿਹਾ ਕਿ 'ਮੋਬਾਇਲ ਦਫ਼ਤਰ ਵੈਨ' ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 'ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਧੰਨਵਾਦ ਕਰਦਿਆਂ ਦੁਹਰਾਇਆ ਕਿ ਉਹ ਹਲਕਾ ਆਤਮ ਨਗਰ ਦੇ ਵਸਨੀਕਾਂ ਦੇ ਰਿਣੀ ਹਨ ਜਿਨ੍ਹਾਂ ਆਮ ਆਦਮੀ ਪਾਰਟੀ 'ਤੇ ਭਰੋਸਾ ਕਰਦਿਆਂ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਵਸਨੀਕਾਂ ਦੇ ਮਸਲਿਆਂ ਦਾ ਘਰ-ਘਰ ਜਾ ਕੇ ਨਿਬੇੜਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ। ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।