ਬਰਨਾਲਾ, 5 ਸਤੰਬਰ 2024 : ਲੋਕ ਸਭਾ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਨੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਬਰਨਾਲਾ ਬਲਾਕ ਦੇ ਦੋ ਕਿਸਾਨਾਂ ਦੇ ਪਰਿਵਾਰਾਂ ਨੂੰ 5 - 5 ਲੱਖ ਦੀ ਮੁਆਵਜ਼ਾ ਰਾਸ਼ੀ ਸੌਂਪੀ। ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਕਿਸਾਨ ਪਰਮਜੀਤ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਅਸਪਾਲ ਖੁਰਦ ਅਤੇ ਕਿਸਾਨ ਹਰਨੇਕ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਕੱਟੂ ਸ਼ਹੀਦ ਹੋ ਗਏ ਸਨ। ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਐਮ ਪੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ 5 - 5 ਲੱਖ ਦੀ ਮੁਆਵਜ਼ਾ ਰਾਸ਼ੀ ਪੰਜਾਬ ਸਰਕਾਰ ਵਲੋਂ ਦਿੱਤੀ ਗਈ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਦਿੱਲੀ ਧਰਨੇ ਵਿੱਚ ਕਿਸਾਨਾਂ ਨੇ ਪੂਰੀ ਕਿਸਾਨੀ ਬਚਾਉਣ ਖਾਤਰ ਜਾਨ ਗਵਾਈ ਸੀ , ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਉਲੀਕੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ ਅਤੇ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜਿਆ ਜਾ ਰਿਹਾ ਹੈ ਅਤੇ ਜੋ ਕੰਮ ਪਿਛਲੇ 70 ਸਾਲਾਂ ਵਿੱਚ ਨਹੀਂ ਹੋਏ, ਉਹ ਹੋ ਰਹੇ ਹਨ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਮੁੱਖ ਖੇਤੀਬਾੜੀ ਅਫ਼ਸਰ ਜਗਦੀਸ਼ ਸਿੰਘ, ਵੱਖ ਵੱਖ ਵਾਰਡਾਂ ਦੇ ਐਮ ਸੀ ਤੇ ਹੋਰ ਪਤਵੰਤੇ ਹਾਜ਼ਰ ਸਨ। ਕੈਪਸ਼ਨ: ਸ਼ਹੀਦ ਕਿਸਾਨਾਂ ਦੇ ਪਰਿਵਾਰ ਨੂੰ ਮੁਆਵਜ਼ਾ ਰਾਸ਼ੀ ਸੌਂਪਦੇ ਹੋਏ ਸੰਸਦ ਮੈਂਬਰ ਮੀਤ ਹੇਅਰ।