ਸ੍ਰੀ ਫਤਿਹਗੜ੍ਹ ਸਾਹਿਬ, 28 ਦਸੰਬਰ : ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੱਜ ਆਖਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਗੁਰਦੁਆਰਾ ਜੋਤੀ ਸਰੂਪ ਵਿਖੇ ਜਾ ਕੇ ਸਮਾਪਤ ਹੋਏਗਾ। ਸ਼ਹੀਦੀ ਸਭਾ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ ਹਨ। ਨਗਰ ਕੀਰਤਨ ਸਮੇਂ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਉਥੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਵੀ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਧਰਤੀ ’ਤੇ ਪੁੱਜੀਆਂ ਹੋਈਆਂ ਸਨ। ਇਸ ਦੌਰਾਨ ਸੰਗਤੀ ਰੂਪ ਵਿਚ ਜਪੁ ਜੀ ਸਾਹਿਬ ਦੇ ਪਾਠ ਮਗਰੋਂ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸਰਵਣ ਕਰਵਾਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਗੱਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਸਮੇਂ ਸਜਾਏ ਗਏ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ ਅਤੇ ਸਮਾਪਤੀ ਦੀ ਅਰਦਾਸ ਗਿਆਨੀ ਹਰਪਾਲ ਸਿੰਘ ਨੇ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਅਸੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਦਿਹਾੜਾ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਨਾਲ ਬਾਬਾ ਕਹਿੰਦੇ ਹਾਂ ਅਤੇ ਇਹ ਲਕਬ ਵਿਰਲੇ ਸਿੱਖਾਂ ਨੂੰ ਮਿਲਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਲਾਸਾਨੀ ਵਿਰਸੇ ਦੀ ਵਾਰਸ ਹੈ ਅਤੇ ਕੌਮ ਦੇ ਇਤਿਹਾਸ ਅੰਦਰ ਸ਼ਹਾਦਤਾਂ ਦੀ ਲੰਮੀ ਲੜੀ ਮੌਜੂਦ ਹੈ। ਉਨ੍ਹਾਂ ’ਤੇ ਜ਼ੋਰ ਦਿੰਦਿਆਂ ਸਿੱਖ ਕੌਮ ਨੂੰ ਗੁਰਬਾਣੀ, ਇਤਿਹਾਸ, ਮਰਯਾਦਾ ਅਜੋਕੀ ਨੌਜੁਆਨੀ ਨੂੰ ਆਪਣੇ ਇਤਿਹਾਸ ਤੋਂ ਵਾਕਫ ਕਰਵਾਉਣ ਦੀ ਵੱਡੀ ਲੋੜ ਅਤੇ ਪ੍ਰੰਪਰਾਵਾਂ ਦੇ ਗਿਆਨ ਤੋਂ ਜਾਣੂ ਹੋਣ ਦੀ ਅਪੀਲ ਕੀਤੀ। ਇਸੇ ਦੌਰਾਨ ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ’ਚ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਜੀ ਦੇ ਸਾਹਿਬਜ਼ਾਦਿਆਂ ਵੱਲੋਂ ਸ਼ਹਾਦਤ ਦੇ ਕੇ ਪਾਈਆਂ ਪੈੜਾਂ ਸਦਕਾ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦੇ ਸਾਡੇ ਬਾਬੇ ਹਨ, ਜਿਨ੍ਹਾਂ ਦੀ ਸ਼ਹਾਦਤ ਕੌਮ ਦੀ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਇਤਿਹਾਸ ਅਤੇ ਵਿਰਾਸਤ ਨੂੰ ਬਦਲਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਿਨ੍ਹਾਂ ਤੋਂ ਕੌਮ ਨੂੰ ਸੁਚੇਤ ਹੋਣ ਦੀ ਲੋੜ ਹੈ।