- ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ 'ਚ ਬੈਂਚ ਸਥਾਪਤ ਕੀਤੇ ਜਾਣਗੇ
- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਆਮ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦਾ ਸੱਦਾ
ਲੁਧਿਆਣਾ, 16 ਅਕਤੂਬਰ : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ 09 ਦਸੰਬਰ, 2023 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ 'ਨੈਸ਼ਨਲ ਲੋਕ ਅਦਾਲਤ' ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਸ੍ਰੀ ਰਮਨ ਸ਼ਰਮਾ ਵਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਸਿਵਲ ਜੱਜਾਂ ਜਾਂ ਜੁਡੀਅਸ਼ੀਅਲ ਮੈਜਿਸਟਰੇਟਾਂ ਦੁਆਰਾ ਲੋਕ ਅਦਾਲਤ ਵਿੱਚ ਕੀਤੀ ਜਾਵੇਗੀ।
ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ਜਿਹੜੇ ਅਜੇ ਤੱਕ ਕਿਸੇ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ । ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।