ਬਰਨਾਲਾ, 02 ਫਰਵਰੀ (ਭੁਪਿੰਦਰ ਧਨੇਰ) : ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੇਕਸ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਨਵਨਿਯੁਕਤ ਚੇਅਰਮੈਨ ਗੁਰਦੀਪ ਸਿੰਘ ਬਾਠ ਦੀ ਤਾਜਪੋਸ਼ੀ ਮੌਕੇ ਕੈਬਨਿਟ ਮੰਤਰੀ ਗੁਰਮਿਤ ਸਿੰਘ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਹਾਜ਼ਰ ਹੋਏ । ਇਸ ਮੌਕੇ ਕੈਬਨਿਟ ਮੰਤਰੀ ਗੁਰਮਿਤ ਸਿੰਘ ਮੀਤ ਹੇਅਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਦੱਸਿਆ ਕਿ ਇਹ ਦਫਤਰ ਲੋਕਾਂ ਲਈ 24 ਘੰਟੇ ਖੁੱਲ੍ਹਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਪਿਛਲੀ ਸਰਕਾਰ ਵੇਲੇ ਨਿਯੁਕਤ ਕੀਤੇ ਚੇਅਰਮੈਨ ਵਲੋਂ ਕਦੇ ਵੀ ਇਸ ਦਫਤਰ ਨੂੰ ਨਹੀਂ ਖੋਲ੍ਹਿਆ ਗਿਆ ਅਤੇ 5 ਸਾਲ ਇਹ ਦਫਤਰ ਬੰਦ ਹੋ ਰਿਹਾ ਹੈ। ਇਸ ਮੌਕੇ 'ਤੇ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਦੇ ਛੱਪੜਾਂ ਦਾ ਨਵੀਨੀਕਰਨ ਅਤੇ ਵਿਕਾਸ ਕਾਰਜ ਆਉਣ ਵਾਲੇ 5 ਸਾਲ ਦੌਰਾਨ ਪੂਰੇ ਕਰ ਦਿੱਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਕਿਸੇ ਵੀ ਪਿੰਡ ਦੇ ਛੱਪੜ ਦਾ ਵਿਕਾਸ ਕਾਰਜ ਅਧੂਰਾ ਨਹੀਂ ਰਹੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵਾਨ ਮਾਨ ਦੀ ਅਗਵਾਈ 'ਚ ਪੰਜਾਬ ਦੇ ਲੋਕਾਂ ਦੀ ਤਹਿ ਦਿਲ ਤੋਂ ਸੇਵਾ ਕਰ ਰਹੀ ਹੈ ਅਤੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ।