- ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਫ਼ਾਈ ਕਾਰਜਾਂ ਦੀ ਸਮੀਖਿਆ, ਬੂਟੇ ਲਾਉਣ ਦੀ ਮੁਹਿੰਮ ਦਾ ਵੀ ਲਿਆ ਜਾਇਜ਼ਾ
ਫ਼ਤਹਿਗੜ੍ਹ ਸਾਹਿਬ, 07 ਜੁਲਾਈ : ਸ਼ਹਿਰਾਂ ਨੂੰ ਸਾਫ ਸੁਥਰਾ ਬਣਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ ਤੇ ਸਫ਼ਾਈ ਕਾਰਜਾਂ ਦੀ ਲਗਾਤਾਰ ਸਮੀਖਿਆ ਵੀ ਕੀਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ ਨੇ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਵੱਖੋ-ਵੱਖ ਥਾਈਂ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਹਨਾਂ ਨੇ ਐਮ.ਆਰ.ਐਫ਼. ਸੈਂਟਰ ਅਤੇ ਕੰਪੋਜ਼ਡ ਪਿਟ ਦਾ ਜਾਇਜ਼ਾ ਵੀ ਲਿਆ। ਇਸ ਤੋਂ ਇਲਾਵਾ ਉਹਨਾਂ ਨੇ ਬੂਟੇ ਲਾਉਣ ਦੀ ਚੱਲ ਰਹੀ ਮੁਹਿੰਮ ਦੀ ਸਮੀਖਿਆ ਵੀ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਜਗ੍ਹਾਂ ’ਤੇ ਚੱਲ ਰਹੇ ਕਾਰਜ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਉਹਨਾਂ ਨੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਵੱਲ ਖ਼ਾਸ ਧਿਆਨ ਦੇਣ ਲਈ ਆਖਿਆ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ਼੍ਰੀਮਤੀ ਹਰਜੋਤ ਕੌਰ ਨੇ ਕਿਹਾ ਕਿ ਚੱਲ ਰਹੇ ਸ਼ਹਿਰੀ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੰਮ ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆ ਰਹੀ ਹੈ ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ ਤਾਂ ਜੋ ਇਹ ਵਿਕਾਸ ਕਾਰਜ ਪਹਿਲ ਦੇ ਅਧਾਰ 'ਤੇ ਮਿਥੇ ਸਮੇਂ ਵਿੱਚ ਮੁਕੰਮਲ ਕੀਤੇ ਜਾ ਸਕਣ। ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੇ ਆਪਣੇ ਦਫਤਰਾਂ ਨੂੰ ਪਲਾਸਟਿਕ ਫਰੀ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਸਬੰਧੀ ਵੀ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਨੇ ਸਫ਼ਾਈ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਦਰਪੇਸ਼ ਦਿੱਕਤਾਂ ਦੂਰ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਤੇ ਖ਼ਾਸ ਤੌਰ ਉੱਤੇ ਸ਼ਹਿਰੀ ਖੇਤਰ ਵਿੱਚ ਚਲ ਰਹੀ ਬੂਟੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਵੀ ਲਿਆ। ਉਹਨਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੱਧ ਤੋਂ ਵੱਧ ਬੂਟੇ ਲਾਏ ਜਾਣ। ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।