ਲੁਧਿਆਣਾ, 10 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਰਾਜ ਸਭਾ ਮੈਂਬਰ ਰਾਘਵ ਚੱਢਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਬਿਜਲੀ ਦੇ ਮੀਟਰਾਂ ਅਤੇ ਰਜਿਸਟਰੀਆਂ ਲਈ ਐਨ.ਓ.ਸੀ. ਦੇ ਮੁੱਦੇ 'ਤੇ ਖਾਸ ਤਵੱਜੋ ਦੇਣ ਦੀ ਅਪੀਲ ਕੀਤੀ। ਉਨ੍ਹਾਂ ਰਾਜ ਸਭਾ ਮੈਂਬਰ ਚੱਢਾ ਨਾਲ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਵਿਕਾਸ ਕਾਰਜ਼ਾਂ ਤੋਂ ਇਲਾਵਾ ਵੱਖ-ਵੱਖ ਸੰਵੇਦਨਸ਼ੀਲ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ। ਐਮ.ਪੀ. ਰਾਘਵ ਚੱਢਾ ਵਲੋਂ ਐਨ.ਓ.ਸੀ. ਦੇ ਮੁੱਦੇ ਦੇ ਜਲਦ ਨਿਪਟਾਰੇ ਦਾ ਭਰੋਸਾ ਦਿੰਦਿਆਂ ਕਿਹਾ ਕਿ ਹੋਰ ਮਸਲੇ ਵੀ ਇੱਕ-ਇੱਕ ਕਰਕੇ ਹੱਲ ਕੀਤੇ ਜਾਣਗੇ।ਵਿਧਾਇਕ ਚੌਧਰੀ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ ਰਾਜ ਸਭਾ ਮੈਂਬਰ ਚੱਢਾ ਦੇ ਧਿਆਨ ਵਿੱਚ ਲਿਆਂਦਾ ਕਿ ਆਮ ਜਨਤਾ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋ ਰਹੀ ਹੈ। ਉਨ੍ਹਾ ਦੱਸਿਆ ਕਿ ਬਿੱਜਲੀ ਦੇ ਮੀਟਰਾਂ ਅਤੇ ਰਜਿਸ਼ਟਰੀਆਂ ਲਈ ਐਨ.ਓ.ਸੀ. ਸਬੰਧੀ ਲੋਕ ਦਫ਼ਤਰਾਂ ਵਿੱਚ ਧੱਕੇ ਖਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਟਵਾਰਖਾਨਿਆਂ ਵਿੱਚ ਵੀ ਆਮ ਲੋਕਾਂ ਦੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਬੁੱਢੇ ਨਾਲੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਤੋਂ ਵੀ ਜਾਣੂੰ ਕਰਵਾਇਆ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।