
ਸ੍ਰੀ ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਆਯੋਜਿਤ ਸੈਸ਼ਨ 2024-25 ਦਾ ਨੌਰਥ ਜ਼ੋਨ ਅੰਤਰ ਯੂਨੀਵਰਸਿਟੀ ਕ੍ਰਿਕਟ ਕੈਂਪ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਆਰੰਭ ਹੋ ਗਿਆ ਜਿਸ ਵਿੱਚ ਵੱਖ ਵੱਖ ਕਾਲਜਾਂ ਦੇ ਖਿਡਾਰੀ ਬੜੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਸਾਹਿਬ ਸ੍ਰ. ਜਗਦੀਪ ਸਿੰਘ ਚੀਮਾ ਨੇ ਅੰਤਰ ਯੂਨੀਵਰਸਿਟੀ ਕ੍ਰਿਕਟ ਕੈਂਪ ਵਿੱਚ ਭਾਗ ਲੈ ਰਹੇ ਸਭ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਕ ਸਿਰਮੌਰ ਸਿੱਖਿਆ ਸੰਸਥਾ ਹੈ ਜਿਸ ਵੱਲੋਂ ਧਰਮ ਦੇ ਪ੍ਰਚਾਰ, ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਿਰੰਤਰ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ੍ਰ. ਅਵਤਾਰ ਸਿੰਘ ਰਿਆ ਨੇ ਵੀ ਖਿਡਾਰੀਆਂ ਨੂੰ ਕ੍ਰਿਕਟ ਕੈਂਪ ਵਿੱਚ ਉੱਚਕੋਟੀ ਦਾ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵੀ ਹੋਣਹਾਰ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਦੱਸਿਆ ਕਿ ਕਾਲਜ ਵੱਲੋਂ ਖਿਡਾਰੀਆਂ ਨੂੰ ਵਧੀਆ ਕ੍ਰਿਕਟ ਪਿੱਚਾਂ, ਪ੍ਰੈਕਟਿਸ ਲਈ ਨੈੱਟ, ਚੰਗੀ ਖੁਰਾਕ ਅਤੇ ਉੱਚਕੋਟੀ ਦੀਆਂ ਕੋਚਿੰਗ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਵਾਈਸ ਪ੍ਰਿੰਸੀਪਲ ਡਾ. ਹਰਵੀਨ ਕੌਰ ਨੇ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਇਹ ਆਸ ਜਤਾਈ ਕਿ ਪੰਜਾਬ ਦੇ ਨੌਜਵਾਨ ਖੇਡਾਂ ਜ਼ਰੀਏ ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਕਰਨ। ਕਾਲਜ ਦੀ ਕ੍ਰਿਕਟ ਟੀਮ ਦੇ ਇੰਚਾਰਜ ਪ੍ਰੋ. ਮੁਹੰਮਦ ਅਨਵਰ ਨੇ ਕਾਲਜ ਦੇ ਵਿਦਿਆਰਥੀਆਂ ਦੀਆਂ ਖੇਡ ਗਤੀਵਿਧੀਆਂ 'ਤੇ ਚਾਨਣਾ ਪਾਇਆ। ਕਾਲਜ ਦੇ ਖੇਡ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਕੌਰ ਨੇ ਕਾਲਜ ਵਿੱਚ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਭਵਿੱਖ ਦੀਆਂ ਯੋਜਨਾਵਾਂ 'ਤੇ ਚਾਨਣਾ ਪਾਇਆ। ਇਸ ਮੌਕੇ ਕੋਚ ਸ੍ਰ. ਬਹਾਦਰ ਸਿੰਘ ਅਤੇ ਕ੍ਰਿਕਟ ਟੀਮ ਕੋਚ ਸ੍ਰ. ਗੁਰਜੋਤ ਸਿੰਘ ਨੇ ਵੀ ਹੋਣਹਾਰ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।