ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੋਇਆ ਸਹੁੰ ਚੁੱਕ ਸਮਾਗਮ

  • ਨਸ਼ੇ ਨੂੰ ਮੁਕੰਮਲ ਤੌਰ ਤੇ ਖਤਮ ਕੀਤਾ ਜਾਵੇਗਾ- ਵਿਧਾਇਕ ਜਗਦੀਪ ਕੰਬੋਜ ਗੋਲਡੀ

ਜਲਾਲਾਬਾਦ, 21 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਕੂਲ ਆਫ ਐਮੀਨੈਂਸ ਜਲਾਲਾਬਾਦ ਵਿਖੇ ਇੱਕ ਸਹੁੰ ਚੁੱਕ ਸਮਾਗਮ ਹੋਇਆ ਜਿਸ ਵਿੱਚ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮਾਜ ਦੇ ਪਤਵੰਤਿਆਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਸਹੁੰ ਚੁਕਾਈ। ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ੇ ਨੂੰ ਮੁਕੰਮਲ ਤੌਰ ਤੇ ਖਤਮ ਕਰਨ ਲਈ ਦ੍ਰਿੜ ਸੰਕਲਪਿਤ ਹੈ। ਉਹਨਾਂ ਨੇ ਕਿਹਾ ਕਿ ਇਸ ਲਈ ਸਰਕਾਰ ਵੱਲੋਂ ਇੱਕ ਵਿਆਪਕ ਮੁਹਿੰਮ ਚਲਾਈ ਗਈ ਹੈ ਅਤੇ ਨਸ਼ਾ ਤਸਕਰਾਂ ਦੇ ਘਰਾਂ ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ । ਉਹਨਾਂ ਨੇ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਨੂੰ ਜੇਲ ਭੇਜਿਆ ਜਾ ਰਿਹਾ ਹੈ ਅਤੇ ਨਸ਼ੇ ਤੋਂ ਪੀੜਤਾਂ ਦਾ ਇਲਾਜ ਸਰਕਾਰ ਵੱਲੋਂ ਮੁਫਤ ਕਰਵਾਇਆ ਜਾ ਰਿਹਾ ਹੈ । ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦੇ ਨੇੜੇ ਕੋਈ ਨਸ਼ੇ ਤੋਂ ਪੀੜਿਤ ਹੋਵੇ ਤਾਂ ਉਸਨੂੰ ਪ੍ਰੇਰਿਤ ਕਰਕੇ ਇਲਾਜ ਲਈ ਨਸ਼ਾ ਛੜਾਊ ਕੇਂਦਰ ਭੇਜਿਆ ਜਾਵੇ ਅਤੇ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।  ਇਸ ਮੌਕੇ ਜਲਾਲਾਬਾਦ ਦੇ ਐਸਡੀਐਮ ਕੰਵਰਜੀਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਨਸ਼ੇ ਤੋਂ ਹਮੇਸ਼ਾ ਦੂਰ ਰਹਿਣ ਅਤੇ ਆਪਣੇ ਦੋਸਤਾਂ ਮਿੱਤਰਾਂ ਨੂੰ ਵੀ ਇਸ ਅਲਾਮਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਰਹਿਣ। ਇਸ ਮੌਕੇ ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਦੇਵਰਾਜ ਸ਼ਰਮਾ, ਬਲਾਕ ਸਿੱਖਿਆ ਅਫ਼ਸਰ ਜਸਪਾਲ ਸਿੰਘ, ਪ੍ਰਿੰਸੀਪਲ ਹੰਸ ਰਾਜ, ਬਲਾਕ ਸਿੱਖਿਆ ਕੋਆਰਡੀਨੇਟਰ ਤਿਲਕ ਰਾਜ ਤੋਂ ਇਲਾਵਾ ਇਲਾਕੇ ਦੇ ਵੱਖ ਵੱਖ ਪਤਵੰਤੇ ਹਾਜ਼ਰ ਸਨ।