ਬਠਿੰਡਾ, 26 ਜੂਨ : ਬਠਿੰਡਾ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਇੱਕ ਸਾਈਕਲ ਰੈਲੀ ਕੱਢੀ ਗਈ। ਇਸ ਸਾਈਕਲ ਰੈਲੀ ਨੂੰ ਪੁਲੀਸ ਲਾਈਨ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਰੈਲੀ ਵਿੱਚ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਸ਼ਹਿਰ ਦੀਆਂ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ, ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਦੀ ਹੁੰਦੀ ਹੋਈ ਫਾਇਰ ਬ੍ਰਿਗੇਡ ਨੇੜੇ ਸਮਾਪਤ ਹੋਈ। ਇਸ ਮੌਕੇ ਐਸਪੀਡੀ ਗੁਰਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਇਸ ਰੈਲੀ ਨੂੰ ਕੱਢਣ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਨਾਲ ਹੀ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕਦਾ ਹੈ। ਉ ਕਿਹਾ ਕਿ ਪੁਲੀਸ ਪਿੰਡ ਪੱਧਰ ਤੱਕ ਹਰ ਤਰ੍ਹਾਂ ਦੇ ਨਸ਼ੇ ਖਤਮ ਕਰਨ ਲਈ ਆਮ ਲੋਕਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦਾ ਸਹਿਯੋਗ ਲਵੇਗੀ। ਉਨ੍ਹਾਂ ਕਿਹਾ ਕਿ ਪੁਲੀਸ ਨੇ ਦੂਜੇ ਸੂਬਿਆਂ ਤੋਂ ਆ ਰਹੇ ਨਸ਼ੇ ’ਤੇ ਬਾਜ਼ ਅੱਖ ਰੱਖੀ ਹੋਈ ਹੈ ਜਿਸ ਕਰਕੇ ਨਸ਼ਾ ਘੱਟ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨਸ਼ਾ ਤਸਕਰਾਂ ਨੂੰ ਬਖਸ਼ੇਗੀ ਨਹੀਂ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਨਾਲ ਕੋਈ ਲਿਹਾਜ ਨਹੀਂ ਰੱਖੀ ਜਾਏਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਸਮਾਜ ਨੂੰ ਨੁਕਸਾਨ ਪੁਚਾਉਣ ਵਾਲੇ ਨਸ਼ਿਆਂ ਦੇ ਧੰਦੇ ਤੋਂ ਬਾਜ ਆ ਜਾਣ ਨਹੀਂ ਤਾਂ ਉਨ੍ਹਾਂ ਨੂੰ ਕਨੂੰਨ ਦਾ ਸਾਹਮਣਾ ਕਰਨਾ ਪਵੇਗਾ।