- ਬਜੁਰਗ ਲੈਣ ਇਸ ਕੈਂਪ ਦਾ ਲਾਭ—ਏਡੀਸੀ
ਫਾਜਿ਼ਲਕਾ, 12 ਅਕਤੂਬਰ : ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਤਹਿਤ 16 ਅਕਤੂਬਰ ਨੂੰ ਫਾਜਿ਼ਲਕਾ ਵਿਖੇ ਵਿਸੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਵਿੰਦਰ ਸਿੰਘ ਅਰੋੜਾ ਨੇ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਇਹ ਕੈਂਪ ਫਾਜਿ਼ਲਕਾ ਦੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਇਸ ਵਿਚ ਬਜੁਰਗਾਂ ਲਈ ਮੈਡੀਕਲ ਚੈਕਅੱਪ ਕੈਂਪ ਲਗਾਇਆ ਜਾਵੇਗਾ ਅਤੇ ਅੱਖਾਂ ਦੀ ਜਾਂਚ ਕਰਕੇ ਮੌਕੇ ਤੇ ਐਨਕਾਂ ਵੀ ਮੁਹਈਆ ਕਰਵਾਈਆਂ ਜਾਣਗੀਆਂ। ਇਸੇ ਤਰਾਂ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ। ਉਨ੍ਹਾਂ ਨੇ ਜਿ਼ਲ੍ਹੇ ਦੇ ਬਜੁਰਗਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।ਉਨ੍ਹਾਂ ਨੇ ਬੈਠਕ ਵਿਚ ਹਾਜਰ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕੈਂਪ ਦੀਆਂ ਤਿਆਰੀਆਂ ਕੀਤੀਆਂ ਜਾਣ। ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜ ਕਿਰਨ ਕੌਰ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਜਿ਼ਲਿ੍ਹਆਂ ਵਿਚ ਇਸ ਤਰਾਂ ਦੇ ਕੈਂਪ ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਤਹਿਤ ਲਗਾਏ ਜਾ ਰਹੇ ਹਨ। ਇੰਨ੍ਹਾਂ ਕੈਂਪਾਂ ਦਾ ਉਦੇਸ਼ ਬਜੁਰਗਾਂ ਨੂੰ ਸਹੁਲਤ ਮੁਹਈਆ ਕਰਵਾਉਣਾ ਹੈ। ਬੈਠਕ ਵਿਚ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਸਾਰੰਗਪ੍ਰੀਤ ਸਿੰਘ, ਡਾ: ਐਰਿਕ, ਡੀਟੀਸੀ ਸ੍ਰੀ ਮਨੀਸ਼ ਠੁਕਰਾਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।