- ਸ਼ਹਿਰ ਵਾਸੀਆਂ ਨੂੰ ਸਫ਼ਾਈ ਪੰਦਰਵਾੜੇ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਕੀਤੀ ਅਪੀਲ
ਫ਼ਰੀਦਕੋਟ 23 ਅਕਤੂਬਰ,2024 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ ਤੱਕ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ । ਜਿਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਸਕੂਲਾਂ ਕਾਲਜਾਂ ਦੇ ਪ੍ਰਿੰਸੀਪਲ ਅਤੇ ਐਨ.ਜੀ.ਓਜ਼ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੁਹਿੰਮ ਜ਼ਿਲ੍ਹੇ ਵਿੱਚ ਲੋਕਾਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਫਾਈ ਸਾਡੀ ਜ਼ਿੰਦਗੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ ਸਿਹਤਮੰਦ ਸਮਾਜ ਦੀ ਨੀਂਹ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਫਾਈ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ, ਉਹ ਆਪਣੇ ਘਰਾਂ ਦੀ ਅਤੇ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ, ਆਪਣੀ ਨਿੱਜੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ, ਪਲਾਸਟਿਕ ਦੀ ਵਰਤੋਂ ਨਾ ਕਰਨ, ਕੂੜੇ ਕਰਕਟ ਦਾ ਸਹੀ ਨਿਪਟਾਰਾ ਕਰਨ, ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ, ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਖਾਲੀ ਪਲਾਟਾਂ, ਸੜਕਾਂ ਦੇ ਕੰਢਿਆ ਆਦਿ ਤੇ ਕੂੜਾ ਨਾ ਸੁੱਟਿਆ ਜਾਵੇ ਅਤੇ ਕੂੜਾ ਇੱਕਠਾ ਕਰਨ ਵਾਲੀ ਰੇਹੜੀ ਵਿੱਚ ਹੀ ਗਿੱਲਾ ਅਤੇ ਸੁੱਕਾ ਕੂੜਾ ਅਲੱਗ- ਅਲੱਗ ਕਰਕੇ ਸੁੱਟਿਆ ਜਾਵੇ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪਾਰਕਾਂ ਦੀ ਸਫਾਈ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਬਜ਼ਾਰ ਵਿੱਚ ਸਫਾਈ ਦਾ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਉਹਨਾਂ ਇਸ ਮੁਹਿੰਮ ਵਿੱਚ ਜ਼ਿਲ੍ਹੇ ਦੀਆਂ ਸਿੱਖਿਆ ਸੰਸਥਾਵਾਂ, ਸਕੂਲਾਂ, ਕਾਲਜਾਂ, ਐਨਸੀਸੀ ਯੂਨਿਟਾਂ, ਨਹਿਰੂ ਯੁਵਾ ਕੇਂਦਰਾਂ, ਯੁਵਕ ਸੇਵਾਵਾਂ ਕਲੱਬਾਂ ਸਮੇਤ ਸਮੁੱਚੇ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸ਼ਿਫਟ ਵਾਈਜ ਸਵੇਰੇ 7 ਵਜੇ ਤੋਂ 12 ਵਜੇ ਤੱਕ ਅਤੇ ਵਪਾਰਕ ਖੇਤਰ ਵਿੱਚ ਰਾਤ ਨੂੰ ਵੀ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਸਮੂਹ ਐਨ.ਜੀ.ਓਜ਼ ਜਾਂ ਇਸ ਪੰਦਰਵਾੜਾ ਮੁਹਿੰਮ ਨਾਲ ਜੁੜਨ ਵਾਲੇ ਲੋਕਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਫ਼ਾਈ ਪੰਦਰਵਾੜੇ ਵਿੱਚ ਵੱਧ ਚੜ ਕੇ ਹਿੱਸਾ ਲੈਣ ਅਤੇ ਆਪਣੇ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਸਾਫ਼ ਸੁਥਰਾ ਰੱਖਣ ਵਿੱਚ ਆਪਣਾ ਸਹਿਯੋਗ ਦੇਣ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇਸ ਵਾਰ ਗਰੀਨ ਦੀਵਾਲੀ, ਕਲੀਨ ਦੀਵਾਲੀ ਮਨਾਉਣ। ਇਸ ਮੌਕੇ ਕਾਰਜ ਸਾਧਕ ਅਫ਼ਸਰ ਫ਼ਰੀਦਕੋਟ ਸ. ਮਨਿੰਦਰਪਾਲ ਸਿੰਘ, ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸ੍ਰੀਮਤੀ ਨੀਲਮ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਪਵਨ ਕੁਮਾਰ,ਸ. ਹਰਿੰਦਰ ਸਿੰਘ ਚੀਫ ਸੈਕਟਰੀ ਇੰਸਪੈਕਟਰ ਨਗਰ ਕੌਂਸਲ, ਸੈਕਟਰੀ ਰੈਡ ਕਰਾਸ ਮਨਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ, ਐਨ.ਜੀ.ਓਜ਼ ਦੇ ਨੁਮਾਇੰਦੇ ਹਾਜ਼ਰ ਸਨ।