ਪਿੰਡ ਲਾਗੜੀਆਂ ਵਿਖੇ ਝੋਨੇ ਦੀ ਨਾੜ ਨੂੰ ਬਿਨ੍ਹਾ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਸਬੰਧੀ ਕਿਸਾਨ ਜਾਗਰੂਕ ਕੈਂਪ ਦਾ ਆਯੋਜਨ

  • ਪਰਾਲੀ ਨੂੰ ਅੱਗ ਲਗਾਉਣੀ ਜ਼ਮੀਨ ਦੀ ਸਿਹਤ ਦੇ ਨਾਲ ਮਨੁੱਖਾਂ ਅਤੇ ਹੋਰ ਜੀਵ-ਜੰਤੂਆਂ ਲਈ ਵੀ ਬੇਹੱਦ ਹਾਨੀਕਾਰਕ

ਅਮਰਗੜ੍ਹ, 23 ਸਤੰਬਰ : ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ.ਪੱਲਵੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਅਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਜਾਗਰੂਕਤਾ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋ ਜਿਲ੍ਹਾ ਮਾਲੇਰਕੋਟਲਾ ਦੇ ਪਿੰਡ ਲਾਗੜੀਆਂ ਵਿਖੇ ਝੋਨੇ ਦੀ ਪਰਾਲੀ/ਰਹਿੰਦ ਖਹੂੰਦ ਦੀ ਸੁਚੱਜੀ ਸੰਭਾਲ ਕਰਨ ਸਬੰਧੀ ਕਿਸਾਨ ਜਾਗਰੂਕ ਕੈਪ ਦਾ ਆਯੋਜਨ ਕੀਤਾ ਗਿਆ । ਖੇਤੀਬਾੜੀ ਵਿਕਾਸ ਅਫਸਰ ਮਾਲੇਰਕੋਟਲਾ ਸ੍ਰੀ ਨਵਦੀਪ ਕੁਮਾਰ ਨੇ ਕਿਸਾਨਾ ਨੂੰ ਦੱਸਿਆਂ ਕਿ ਪੰਜਾਬ ਵਿੱਚ ਤਕਰੀਬਨ 220 ਲੱਖ ਟਨ ਝੋਨੇ ਦੀ ਪਰਾਲੀ ਪੈਦਾ ਹੁੰਦੀ ਹੈ, ਜਿਸ ਦਾ ਵੱਡਾ ਹਿੱਸਾ ਖੇਤਾਂ ਵਿੱਚ ਹੀ ਅੱਗ ਲਾ ਕੇ ਸਾੜ ਦਿੱਤਾ ਜਾਂਦਾ ਹੈ। ਝੋਨੇ ਦੇ ਨਾੜ ਵਿੱਚ ਵੱਡੀ ਮਾਤਰਾ ਵਿੱਚ ਫ਼ਸਲਾਂ ਲਈ ਜ਼ਰੂਰੀ ਖ਼ੁਰਾਕੀ ਤੱਤ ਮੌਜ਼ੂਦ ਹੁੰਦੇ ਹਨ। ਨਾੜ ਸਾੜਨ ਨਾਲ ਜਿਥੇ ਇਸ ਵਿੱਚੋਂ ਨਾਈਟ੍ਰੋਜਨ ਅਤੇ ਗੰਧਕ ਦਾ ਪੂਰੀ ਤਰ੍ਹਾਂ ਨੁਕਸਾਨ ਹੋ ਜਾਂਦਾ ਹੈ ਉਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ। ਇੱਕ ਟਨ ਪਰਾਲੀ ਸਾੜਨ ਨਾਲ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫ਼ਾਸਫ਼ੋਰਸ, 25 ਕਿਲੋ ਪੋਟਾਸ਼, 1.2 ਕਿਲੋ ਸਲਫ਼ਰ ਦਾ ਨੁਕਸਾਨ ਹੁੰਦਾ ਹੈ। ਝੋਨੇ ਦੇ ਨਾੜ ਨੂੰ ਅੱਗ ਲਾਉਣ ਨਾਲ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟ੍ਰਿਕ ਆਕਸਾਈਡ ਵਰਗੀਆਂ ਗੈਸਾਂ ਪੈਦਾ ਹੁੰਦੀਆਂ ਹਨ ਜਿਹੜੀਆਂ ਕਿ ਵਾਤਾਵਰਣ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਉੱਤੇ ਵੀ ਮਾੜਾ ਅਸਰ ਪਾਉਂਦੀਆਂ ਹਨ । ਪਰਾਲੀ ਸਾੜਨ ਨਾਲ ਹੋਣ ਵਾਲੇ ਧੂਏ ਨਾਲ ਅਣ ਸੁਖਾਂਵੀਆਂ ਘਟਨਾਵਾਂ ਵਾਪਰਦੀਆ ਹਨ। ਡਾ ਨਵਦੀਪ ਕੁਮਾਰ ਨੇ ਦੱਸਿਆ ਕਿ ਪਰਾਲੀ ਦੀ ਸੁਚੱਜੀ ਵਰਤੋ ਕਈ ਤਰੀਕਿਆ ਨਾਲ ਕੀਤੀ ਜਾ ਸਕਦੀ ਹੈ ਜਿਵੇ ਕਿ ਕੰਬਾਈਨ ਨਾਲ ਕੱਟੇ ਝੋਨੇ ਦੇ ਵੱਢ ਵਿੱਚ ਕਣਕ ਦੀ ਬਿਜਾਈ  ਸੁਪਰ ਸੀਡਰ  ਜਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਅਜਾਤ ਕੀਤਾ ਸਮਾਰਟ ਸੀਡਰ ਜਾਂ ਹੈਪੀਸੀਡਰ ਨਾਲ ਬਿਨ੍ਹਾਂ ਅੱਗ ਲਗਾਏ ।  ਇਹਨਾ ਮਸ਼ੀਨਾ  ਨੂੰ ਚਲਾਉਣ ਤੋਂ ਪਹਿਲਾਂ ਖੇਤ ਵਿੱਚ ਨਾੜ ਨੂੰ ਇਕਸਾਰ ਖਿਲਾਰਨ ਦੀ ਲੋੜ ਪੈਂਦੀ ਹੈ। ਪਰਾਲੀ ਨੂੰ ਇਕਸਾਰ ਖੇਤ ਵਿੱਚ ਖਿਲਾਰਨ ਵਾਸਤੇ ਕੰਬਾਈਨ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ ਐਮ ਐਸ) ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ ਜੋ ਝੋਨਾ ਵੱਢਦੇ ਸਮੇਂ ਪਰਾਲੀ ਨੂੰ ਕੁਤਰਾ ਕਰਕੇ ਇਕਸਾਰ ਖਿਲਾਰ ਦਿੰਦੀ ਹੈ। ਇਸ ਤਰ੍ਹਾਂ ਦੀ ਕੰਬਾਈਨ ਨਾਲ ਵਾਢੀ ਤੋਂ ਬਾਅਦ ਹੈਪੀਸੀਡਰ ਅਤੇ ਖੁੱਲ੍ਹੀਆਂ ਕਤਾਰਾਂ (ਸਪੇਸ਼ੀਅਲ) ਵਾਲੀ ਜ਼ੀਰੋ ਟਿੱਲ ਡਰਿੱਲ ਨਾਲ ਕਣਕ ਦੀ ਬਿਜਾਈ ਨਾੜ ਨੂੰ ਬਿਨਾਂ ਅੱਗ ਲਗਾਏ ਹੋ ਸਕਦੀ ਹੈ। ਇਸ ਮਸ਼ੀਨ ਨਾਲ ਬੀਜੇ ਖੇਤਾਂ ਵਿੱਚ ਪਈ ਪਰਾਲੀ ਮਲਚ ਦਾ ਕੰਮ ਕਰਦੀ ਹੈ ਅਤੇ ਨਦੀਨਾਂ ਦਾ ਹਮਲਾ ਵੀ ਘੱਟ ਹੁੰਦਾ ਹੈ। ਇਸ ਮੌਕੇ ਖੇਤੀਬਾੜੀ ਟੈਕਨੋਲੋਜੀ ਮੈਨਜੇਰ ਸ੍ਰੀ ਰਮਨਦੀਪ ਸਿੰਘ,ਸ. ਭੁਪਿੰਦਰ ਸਿੰਘ ਪ੍ਰਧਾਨ, ਸ. ਤੀਰਥ ਸਿੰਘ  ਅਮਨਿੰਦਰ ਸਿੰਘ, ਪਰਵੀਨ ਕੁਮਾਰ ਤੋ ਇਲਾਵਾ  ਵੱਡੀ ਗਿਣਤੀ ਵਿੱਚ ਕਿਸਾਨਾ ਨੇ ਭਾਗ ਲਿਆ।