ਫ਼ਰੀਦਕੋਟ 22 ਅਕਤੂਬਰ,2024 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਰਾਜ ਦੇ ਸਕੂਲਾਂ ਵਿੱਚ ਆਯੋਜਿਤ ਕੀਤੀ ਗਈ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ) ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਮੁੱਚੇ ਫ਼ਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ-ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 2.30 ਵਜੇ ਤੱਕ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਸਕੂਲ ਪਹੁੰਚ ਕੇ ਅਧਿਆਪਕਾਂ ਨੂੰ ਮਿਲੇ ਤੇ ਉਨ੍ਹਾਂ ਨਾਲ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਨਾਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਾਲੇ ਆਪਸੀ ਸਾਂਝ ਹੋਰ ਮਜਬੂਤ ਹੁੰਦੀ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਅਧਿਆਪਕ ਉਨ੍ਹਾਂ ਨੂੰ ਸਕੂਲਾਂ ਵਿੱਚ ਦੋਸਤਾਨਾ ਮਾਹੌਲ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਉਹ ਬੇਝਿਜਕ ਹੋ ਕੇ ਆਪਣੀਆਂ ਵਿੱਦਿਅਕ ਉਲਝਣਾਂ ਦਾ ਹੱਲ ਕਰਵਾ ਸਕਣ। ਉਨ੍ਹਾਂ ਅਧਿਆਪਕਾਂ ਤੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਨਿਰੰਤਰ ਪੂਰੀ ਮਿਹਨਤ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਬੌਧਿਕ ਤੇ ਸਰੀਰਕ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਚੰਗੇ ਸਮਾਜ ਦੇ ਨਿਰਮਾਣ ਦੀ ਨੀਂਹ ਹਨ ਕਿਉਂਕਿ ਵਿਦਿਆਰਥੀ ਹੀ ਅੱਗੇ ਚੱਲ ਕੇ ਨਿਰੋਏ ਸਮਾਜ ਦੀ ਸਿਰਜਣਾ ਕਰਦੇ ਹਨ। ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ ਕੋਟਕਪੂਰਾ ਸ਼੍ਰੀ ਵਰਿੰਦਰ ਸਿੰਘ, ਐਸ.ਡੀ.ਐਮ ਜੈਤੋ ਸ਼੍ਰੀ ਸੂਰਜ ਤੋਂ ਇਲਾਵਾ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ, ਮਾਰਕਿਟ ਕਮੇਟੀ ਫਰੀਦਕੋਟ ਦੇ ਚੇਅਰਮੈਨ ਸ.ਅਮਨਦੀਪ ਸਿੰਘ ਬਾਬਾ ਸਮੇਤ ਜਿਲ੍ਹਾ ਸਿੱਖਿਆ ਅਫਸਰ (ਸੈ. ਸਿੱ.) ਸ੍ਰੀਮਤੀ ਨੀਲਮ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਪ੍ਰਦੀਪ ਦਿਉੜਾ ਸਮੇਤ ਵੱਖ-ਵੱਖ ਅਧਿਕਾਰੀਆਂ ਵੱਲੋਂ ਸਕੂਲਾਂ ਵਿੱਚ ਜਾ ਕੇ ਮਾਪੇ-ਅਧਿਆਪਕ ਮਿਲਣੀ ਦਾ ਜਾਇਜ਼ਾ ਲਿਆ ਤੇ ਉਹਨਾਂ ਨਾਲ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ ।