- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਕੂਲ ਵਿੱਚ ਕਰਵਾਇਆ ਗਿਆ ਜਾਗਰੂਕਤਾ ਨਾਟਕ
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇੜਾ ਬਲਾਕ ਦੇ ਪਿੰਡ ਰੰਧਾਵਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਬੱਚਿਆਂ ਵਿੱਚ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਪੋਸਟਰ ਮੇਕਿੰਗ ਤੇ ਪੇਟਿੰਗ ਦੇ ਮੁਕਾਬਲੇ ਕਰਵਾਏ ਗਏ। ਜਿਸ ਦੇ ਜੇਤੂਆਂ ਨੂੰ 2500, 1500 ਤੇ 1000 ਰੁਪਏ ਦੇ ਨਗਦ ਇਨਾਮ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਖੇੜਾ ਸ਼੍ਰੀ ਪੁਨੀਤ ਕੁਮਾਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਂਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਅਤੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਇਸ ਤੋਂ ਇਲਾਵਾ ਧੂੰਏ ਨਾਲ ਕਈ ਸੜਕ ਹਾਦਸੇ ਹੁੰਦੇ ਹਨ ਤੇ ਸਾਹ ਦੀਆਂ ਬਿਮਾਰੀਆਂ ਫੈਲਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪਰਾਲੀ ਨੂੰ ਆਧੁਨਿਕ ਮਸ਼ੀਨਰੀ ਨਾਲ ਖੇਤਾਂ ਵਿੱਚ ਹੀ ਰਲਾ ਦਿੱਤਾ ਜਾਵੇ ਤਾਂ ਧਰਤੀ ਦੀ ਸਿਹਤ ਤੰਦਰੁਸਤ ਹੁੰਦੀ ਹੈ ਅਤੇ ਖਾਦ ਵੀ ਘੱਟ ਪਾਉਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਵੱਲੋਂ ਸਬਸਿਡੀ ਤੇ ਮਸ਼ੀਨਰੀ ਦਿੱਤੀ ਜਾ ਰਹੀ ਹੈ ਜਿਸ ਦੀ ਵਰਤੋਂ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕੀਤਾ ਜਾ ਸਕਦਾ ਹੈ। ਵਿਭਾਗ ਦੇ ਏ.ਟੀ.ਐਮ. ਰਾਜਵੀਰ ਸਿੰਘ ਨੇ ਕਿਹਾ ਕਿ ਪਾਣੀ ਤੇ ਧਰਤੀ ਨੂੰ ਬਚਾਉਣਾ ਤੇ ਸਾਫ ਸੁਥਰਾ ਰੱਖਣਾ ਬਹੁਤ ਜਰੂਰੀ ਹੈ ਨਹੀਂ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਸਕੂਲ ਮੁਖੀ ਸ਼੍ਰੀਮਤੀ ਨਰਿੰਦਰ ਕੌਰ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਇਨ੍ਹਾਂ ਵੱਲੋਂ ਹੀ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾਣੀ ਹੈ, ਇਸ ਲਈ ਇਨ੍ਹਾਂ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਸਬੰਧੀ ਬੱਚਿਆਂ ਨੂੰ ਜਾਣਕਾਰੀ ਦੇਣੀ ਬਹੁਤ ਜਰੂਰੀ ਹੈ। ਇਸ ਮੌਕੇ ਰੈੱਡ ਆਰਟ ਪੰਜਾਬ ਦੇ ਕਲਾਕਾਰ ਮਹਿਤਾਬ ਸਿੰਘ, ਗੁਰਪ੍ਰੀਤ ਸਿੰਘ ਤੇ ਸਤਨਾਮ ਸਿੰਘ ਨੇ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਨੁਕੜ ਨਾਟਕ ਵੀ ਪੇਸ਼ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਦਰਸ਼ਨ ਸਿੰਘ ਰੰਧਾਵਾ ਨੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹ ਦਿੱਤਾ ਜਾਵੇ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇ। ਇਸ ਮੌਕੇ ਸਕੂਲ ਅਧਿਆਪਕ ਸੰਜੀਵ ਕੁਮਾਰ, ਰਮਨਜੀਤ ਕੌਰ, ਅਮਰਜੀਤ ਸਿੰਘ, ਗੁਰਮੀਤ ਸਿੰਘ, ਦਲਜੀਤ ਸਿੰਘ, ਕਮਲਦੀਪ ਸਿੰਘ, ਸੁਰਿੰਦਰ ਕੌਰ, ਸਤਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲ ਦੇ ਵਿਦਿਆਰਥੀ ਤੇ ਪਿੰਡ ਦੇ ਪਤਵੰਤੇ ਹਾਜਰ ਸਨ।