ਲੁਧਿਆਣਾ 6 ਜੂਨ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪਲਾਸਟਿਕ ਪ੍ਰਦੂਸ਼ਣ ਦਾ ਹੱਲ ਥੀਮ ਹੇਠ ਇੱਕ ਸਮਾਗਮ ਕਰਵਾਇਆ | ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਮਹੱਤਤਾ ਤੋਂ ਜਾਣੂੰ ਕਰਵਾਉਣਾ ਸੀ | ਇਸ ਮੌਕੇ ਐੱਮ ਐੱਸ ਸੀ ਅਤੇ ਪੀ ਐੱਚ ਡੀ ਵਿਦਿਆਰਥੀਆਂ ਦੇ ਪੋਸਟਰ ਬਨਾਉਣ ਦੇ ਮੁਕਾਬਲੇ ਕਰਵਾਏ ਗਏ | ਸਮਾਗਮ ਵਿੱਚ ਸਵਾਗਤੀ ਸ਼ਬਦ ਬੋਲਦਿਆਂ ਡਾ. ਕੁਲਦੀਪ ਸਿੰਘ ਨੇ ਸਾਡੀਆਂ ਰੋਜ਼ਾਨਾ ਗਤੀਵਿਧੀਆਂ ਵਿੱਚੋਂ ਪਲਾਸਟਿਕ ਦੀ ਵਰਤੋਂ ਘੱਟ ਕਰਨ ਦੀ ਲੋੜ ਤੇ ਜ਼ੋਰ ਦਿੱਤਾ | ਉਹਨਾਂ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪਲਾਸਟਿਕ ਦੀ ਵਰਤੋਂ ਨੂੰ ਸੀਮਤ ਕਰਨਾ ਅੱਜ ਦੇ ਸਮੇਂ ਦੀ ਸਭ ਤੋਂ ਅਹਿਮ ਲੋੜ ਹੈ |ਡਾ. ਲਖਵਿੰਦਰ ਕੌਰ ਨੇ ਵਿਸ਼ਵ ਵਾਤਾਵਰਣ ਦਿਵਸ ਦੇ ਮਹੱਤਵ ਬਾਰੇ ਗੱਲ ਕੀਤੀ ਅਤੇ ਡਾ. ਮਨਮੀਤ ਕੌਰ ਨੇ ਰੋਜ਼ਾਨਾ ਜੀਵਨ ਵਿੱਚੋਂ ਪਲਾਸਟਿਕ ਦੀ ਵਰਤੋਂ ਘਟਾਉਣ ਦੇ ਤਰੀਕੇ ਦੱਸੇ | ਅੰਤ ਵਿੱਚ ਡਾ. ਲਵਲੀਸ਼ ਗਰਗ ਨੇ ਸਭ ਦਾ ਧੰਨਵਾਦ ਕੀਤਾ | ਪੋਸਟਰ ਬਨਾਉਣ ਦੇ ਮੁਕਾਬਲਿਆਂ ਵਿੱਚ ਚਰਨਜੋਤ ਕੌਰ ਅਤੇ ਵਿਵੇਕ ਸ਼ਰਮਾ ਪਹਿਲੇ ਸਥਾਨ ਤੇ ਰਹੇ | ਜਾਨਵੀ ਠਾਕੁਰ, ਰਮਨਦੀਪ ਅਤੇ ਦੀਕਸ਼ਾ ਜਿੰਦਲ ਦੂਜੇ ਸਥਾਨ ਅਤੇ ਅਰਸ਼ਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ |