ਲੁਧਿਆਣਾ 4 ਅਪ੍ਰੈਲ : ਪੀ ਏ ਯੂ ਨੇ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਪਰਾਲੀ ਨੂੰ ਸਾੜਨ ਦੇ ਰੁਝਾਨ ਦੀ ਰੋਕਥਾਮ ਦੇ ਮੱਦੇਨਜ਼ਰ ਝੋਨੇ ਦੀ ਕਾਸ਼ਤ ਲਈ ਵਿਕਸਿਤ ਕਿਸਮਾਂ ਦੀ ਸਿਫਾਰਿਸ਼ ਕੀਤੀ ਹੈ। ਇਸ ਬਾਰੇ ਗੱਲ ਕਰਦਿਆਂ ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੰਜਾਬ ਦੇ ਪਾਣੀ ਅਤੇ ਵਾਤਾਵਰਨ ਦੀ ਸੰਭਾਲ ਮੁੱਖ ਮੁੱਦਾ ਹੈ। ਇਸ ਲਈ ਝੋਨੇ ਦੀਆਂ ਘੱਟ ਸਮੇਂ ਵਿਚ ਪੱਕਣ ਵਾਲੀਆਂ ਅਤੇ ਵਧੇਰੇ ਝਾੜ ਦੇਣ ਵਾਲੀਆਂ ਉੱਨਤ ਕਿਸਮਾਂ ਪੀ ਆਰ 130, ਪੀ ਆਰ 129, ਪੀ ਆਰ 128, ਪੀ ਆਰ 126, ਪੀ ਆਰ 121, ਪੀ ਆਰ 114 ਦੀ ਕਾਸ਼ਤ ਲਈ ਕਿਸਾਨਾਂ ਨੂੰ ਸਿਫਾਰਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਬਾਸਮਤੀ ਦੀਆਂ ਕਿਸਮਾਂ ਪੰਜਾਬ ਬਾਸਮਤੀ 7, ਪੂਸਾ ਬਾਸਮਤੀ 1121, ਪੂਸਾ ਬਾਸਮਤੀ 1847 ਅਤੇ ਪੂਸਾ ਬਾਸਮਤੀ 1509 ਦੀ ਕਾਸ਼ਤ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਨ੍ਹਾਂ ਕਿਸਮਾਂ ਦਾ ਮਿਆਰੀ ਬੀਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਉਸ ਦੇ ਵੱਖ-ਵੱਖ ਜਿਲ੍ਹਿਆਂ ਵਿਚ ਸਥਾਪਿਤ ਖੋਜ ਕੇਦਂਰਾਂ, ਬੀਜ ਫਾਰਮਾਂ, ਕ੍ਰਿਸ਼ੀ ਵਿਗਿਆਨ ਕੇਦਂਰਾਂ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰਾਂ ਤੇ ਉਪਲਬੱਧ ਹੈ। ਝੋਨੇ ਦੀਆਂ ਇਹ ਕਿਸਮਾਂ ਝੁਲਸ ਰੋਗ ਦਾ ਟਾਕਰਾ ਕਰਨ ਦੇ ਸਮਰੱਥ ਹਨ ਅਤੇ ਘੱਟ ਪਰਾਲੀ ਵਾਲੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਇਲਾਵਾ ਗਰਮੀ ਰੁੱਤ ਦੀ ਮੂੰਗੀ ਦੀ ਕਿਸਮ ਐੱਸ ਐੱਮ ਐੱਲ 1827 ਦਾ ਬੀਜ ਵੀ ਵੱਖ-ਵੱਖ ਕੇਂਦਰਾਂ ਤੇ ਉਪਲਬੱਧ ਹੈ।