- 7669 400 500 'ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ ਯੋਗਸ਼ਾਲਾਵਾਂ ਨਾਲ
- ਡਿਪਟੀ ਕਮਿਸ਼ਨਰ ਵੱਲੋਂ ਮਾਤਾ ਗੁਜਰੀ ਕਾਲਜ ਵਿਖੇ ਯੋਗਸ਼ਾਲਾ ਵਿਚ ਸ਼ਮੂਲੀਅਤ
- ਲੋਕਾਂ ਵਲੋਂ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ
ਫ਼ਤਹਿਗੜ੍ਹ ਸਾਹਿਬ, 12 ਅਕਤੂਬਰ : ਸੀ.ਐਮ.ਦੀ ਯੋਗਸ਼ਾਲਾ, ਪੰਜਾਬ ਸਰਕਾਰ, ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿਚ ਵੱਖ ਵੱਖ ਥਾਂਵਾਂ ਉੱਤੇ ਰੋਜ਼ਾਨਾ ਯੋਗਸ਼ਾਲਾਵਾਂ ਚੱਲ ਰਹੀਆਂ ਹਨ ਤੇ ਲੋਕ ਵੱਧ ਚੜ੍ਹ ਕੇ ਇਹਨਾਂ ਦਾ ਲਾਭ ਲੈ ਰਹੇ ਹਨ ਤੇ ਲੋਕਾਂ ਵਲੋਂ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਮਾਤਾ ਗੁਜਰੀ ਕਾਲਜ ਵਿਖੇ ਲਗਦੀ ਯੋਗਸ਼ਾਲਾ ਵਿਚ ਸ਼ਮੂਲੀਅਤ ਉਪਰੰਤ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ.ਦੀ ਯੋਗਸ਼ਾਲਾ ਰਾਹੀਂ ਲੋਕਾਂ ਨੂੰ ਉਨ੍ਹਾਂ ਵੱਲੋਂ ਚੁਣੀਆਂ ਥਾਵਾਂ ਜਿਵੇਂ ਕਿ ਪਾਰਕ/ ਜਨਤਕ ਥਾਂ 'ਤੇ ਮੁਫ਼ਤ ਯੋਗ ਸਿੱਖਿਆ ਦਿੱਤੀ ਜਾਂਦੀ ਹੈ। ਜੇ ਕਿਸੇ ਵੀ ਵਿਅਕਤੀ ਦੇ ਕੋਲ ਯੋਗ ਕਲਾਸ ਲਾਉਣ ਦੀ ਥਾਂ ਉਪਲਬਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟ੍ਰੇਂਡ ਇੰਸਟ੍ਰਕਟਰ ਭੇਜਦੀ ਹੈ। ਜੇਕਰ ਲੋਕ ਚਾਹੁਣ ਤਾਂ ਉਹ ਖੁਦ/ਇੱਕ ਵਿਅਕਤੀ ਲਈ ਵੀ ਪੰਜੀਕਰਨ ਕਰ ਸਕਦੇ ਹਨ। ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਟੋਲ ਫ੍ਰੀ ਨੰਬਰ 7669400500 'ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in 'ਤੇ ਲੌਗਿਇੰਨ ਕਰ ਸਕਦੇ ਹਨ। ਜੇਕਰ ਕਿਸੇ ਕਾਰਨ ਨਾਗਰਿਕ ਪੰਜੀਕਰਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ ਸਰਕਾਰ ਦੇ ਹੈਲਪ ਲਾਈਨ ਨੰਬਰ 1100 'ਤੇ ਸੰਪਰਕ ਕਰ ਸਕਦੇ ਹਨ ਜਾਂ cmdiyogshala@punjb.gov.in 'ਤੇ ਈਮੇਲ ਭੇਜ ਸਕਦੇ ਹਨ। ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਇਸ ਯੋਜਨਾ ਤਹਿਤ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ, ਜਿਸ ਤਹਿਤ ਸਰਹਿੰਦ ਫ਼ਤਹਿਗੜ੍ਹ ਸਾਹਿਬ ਲਈ 09 ਟ੍ਰੇਨਰ ਉਪਲਬਧ ਹਨ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ। ਇਸ ਮੌਕੇ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਆਮ ਖਾਸ ਬਾਗ, ਮਾਤਾ ਗੁਜਰੀ ਕਾਲਜ, ਨੈਣਾ ਦੇਵੀ ਪਾਰਕ, ਸ਼ਿਵ ਮੰਦਿਰ ਨੇੜੇ ਰੇਲਵੇ ਸਟੇਸ਼ਨ, ਮਨਸੂਰੀ ਟਿੱਬਾ ਪਾਰਕ, ਮੌਡਰਨ ਵੈਲੀ, ਸ਼ੇਖੂਪੁਰਾ ਕਲੋਨੀ, ਸ਼ਿਵ ਸ਼ਕਤੀ ਪਾਰਕ, ਜੰਡੂ ਵਰਕਸ਼ਾਪ ਨੇੜਲਾ ਪਾਰਕ, ਦਸਮੇਸ਼ ਨਗਰ ਪਾਰਕ, ਪਰਲ ਐਨਕਲੇਵ ਅਤੇ ਅਫ਼ਸਰ ਕਲੋਨੀ ਵਿਖੇ ਇਹ ਯੋਗਸ਼ਾਲਾਵਾਂ ਚੱਲ ਰਹੀਆਂ ਹਨ। ਇਕ ਅਭਿਆਸ ਦੇ ਰੂਪ ਵਿੱਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਇੱਕ ਪ੍ਰਭਾਵੀ ਸਾਧਨ ਹੈ। ਰੋਜ਼ਾਨਾ ਅਭਿਆਸ ਦੁਆਰਾ, ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਵਾਤਾਵਰਣ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਸਕਦਾ ਹੈ। ਯੋਗ ਦੀ ਮਹੱਤਤਾ ਉੱਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਤੰਦਰੁਸਤ ਸਰੀਰ ਤੇ ਮਨ ਦੇ ਲਈ ਯੋਗ ਬਹੁਤ ਜ਼ਰੂਰੀ ਹੈ। ਇਸ ਲਈ ਹਰੇਕ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਸੀਐਮ ਦੀ ਯੋਗਸ਼ਾਲਾ’ ਮੁਹਿੰਮ ਲੋਕਾਂ ਵਿੱਚ ਯੋਗ ਅਭਿਆਸ ਕਰ ਕੇ ਚੰਗੀ ਸਿਹਤ ਅਤੇ ਸਵੱਛਤਾ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਇੱਕ ਅਹਿਮ ਭੂਮਿਕਾ ਨਿਭਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨਾ ਸਿਰਫ਼ ਚੰਗੀ ਸਿਹਤ ਬਣਾਈ ਰੱਖੀ ਜਾਵੇ ਸਗੋਂ ਉਨ੍ਹਾਂ ਲੋਕਾਂ ਨੂੰ ਤਣਾਅ ਤੋਂ ਵੀ ਦੂਰ ਕੀਤਾ ਜਾਵੇ, ਜਿਨ੍ਹਾਂ ਨੂੰ ਆਪਣੇ ਜੀਵਨ ਵਿੱਚ ਹਰ ਰੋਜ਼ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਤਣਾਅ ਦਾ ਵਧ ਰਿਹਾ ਪੱਧਰ ਹਰ ਕਿਸੇ ਲਈ ਚਿੰਤਾ ਦਾ ਮੁੱਖ ਕਾਰਨ ਹੈ ਅਤੇ ਯੋਗ ਲੋਕਾਂ ਨੂੰ ਇਸ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਜੀਵਨਸ਼ੈਲੀ ਵਿੱਚ ਕੁਝ ਬਦਲਾਅ ਕਰ ਕੇ ਅਤੇ ਯੋਗ ਅਭਿਆਸ ਕਰ ਕੇ ਮਿਆਰੀ ਜੀਵਨ ਬਤੀਤ ਕਰਕੇ ਮਾਨਸਿਕ ਅਤੇ ਸਰੀਰਕ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਇਸ ਮੌਕੇ ਸਰਹਿੰਦ ਵਾਸੀ ਮਹਿਕ ਅਨਮੋਲ ਸਿੰਘ ਅਤੇ ਏ.ਐੱਸ.ਆਈ. ਕਸ਼ਮੀਰ ਕੌਰ ਨੇ ਮਾਤਾ ਗੁਜਰੀ ਕਾਲਜ ਵਿਖੇ ਸੀ.ਐਮ. ਦੀ ਯੋਗਸ਼ਾਲਾ ਵਿਚ ਹਿੱਸਾ ਲੈਣ ਉਪਰੰਤ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਹਨਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਉਪਰਾਲੇ ਦਾ ਲਾਹਾ ਲੈਣ ਦੀ ਅਪੀਲ ਵੀ ਕੀਤੀ।