- ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਕੁੱਲਰੀਆਂ ਤੇ ਭਾਵਾ ਵਿਖੇ ਪਾਣੀ ਦੀ ਸਥਿਤੀ ਦਾ ਲਿਆ ਜਾਇਜ਼ਾ
ਮਾਨਸਾ, 16 ਜੁਲਾਈ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਹੜ੍ਹਾਂ ਦੀ ਕੁਦਰਤੀ ਆਫ਼ਤ ਮੌਕੇ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚਾਂਦੁਪਰਾ ਘੱਗਰ ਨੇੜੇ ਰਿੰਗ ਬੰਨ੍ਹ ਟੁੱਟਣ ਕਾਰਨ ਪਿੰਡ ਕੁੱਲਰੀਆਂ ਅਤੇ ਭਾਵਾ ਵਿਖੇ ਪਾਣੀ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ ਵੀ ਮੌਜੂਦ ਸਨ। ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਬੰਨ੍ਹ ਦੇ ਪਾੜ ਨੂੰ ਪੂਰਨ ਲਈ ਭਾਰਤੀ ਸੈਨਾ ਦੇ ਜਵਾਨ, ਐਨ.ਡੀ.ਆਰ.ਐਫ. ਅਤੇ ਨੇੜਲੇ ਪਿੰਡਾਂ ਦੇ ਸਮਾਜ ਸੇਵੀ ਪਤਵੰਤੇ ਅਤੇ ਸਮੁੱਚਾ ਸਰਕਾਰੀ ਅਮਲਾ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਬੁੱਧ ਰਾਮ ਲਗਾਤਾਰ ਪਾੜ ਦੇ ਕਾਰਨ ਪਾਣੀ ਦੇ ਵਹਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਦਿਨਰਾਤ ਡਟ ਕੇ ਖੜ੍ਹੇ ਹਨ, ਤਾਂ ਜੋ ਘੱਗਰ ਦੇ ਨਾਲ ਲੱਗਦੇ ਪਿੰਡਾਂ ਦੇ ਵਸਨੀਕਾਂ ਨੂੰ ਕੋਈ ਦਰਪੇਸ਼ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੈਦਾ ਹੋਈ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਪ੍ਰਭਾਵਿਤ ਸਬੰਧਤ ਇਲਾਕਾ ਨਿਵਾਸੀਆਂ ਨੂੰ ਸੰਜਮ ਰੱਖਣ ਦੀ ਲੋੜ ਹੈ ਅਤੇ ਜਦੋਂ ਵੀ ਕੋਈ ਖਤਰਾ ਲੱਗਦਾ ਹੈ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਂਦਿਆਂ ਰਾਹਤ ਕਾਰਜਾਂ ਵਿਚ ਜੁਟੀਆਂ ਟੀਮਾਂ ਦਾ ਸਹਿਯੋਗ ਕੀਤਾ ਜਾਵੇ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਭਾਰਤੀ ਸੈਨਾ ਦੇ ਇੰਜਨੀਅਰਾਂ ਵੱਲੋਂ ਬੰਨ੍ਹ ਦੇ ਵਿਚ ਪਏ ਪਾੜ ਨੂੰ ਪੂਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਮੱਦਦ ਲਈ ਸਿਵਲ ਡਿਸਪੈਂਸਰੀ ਕੁੱਲਰੀਆਂ ਵਿੱਚ ਮੈਡੀਕਲ ਹੈਡਕੁਆਟਰ ਬਣਾਇਆ ਹੈ। ਉਨ੍ਹਾਂ ਹਲਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਸਮੂਹ ਕਲੱਬਾਂ ਨੂੰ ਇਸ ਆਫ਼ਤ ਦੀ ਘੜੀ ਵਿਚ ਆਪਸੀ ਤਾਲਮੇਲ ਨਾਲ ਸਹਿਯੋਗ ਕਰਕੇ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੇ ਵਸਨੀਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਬੁਢਲਾਡਾ ਪ੍ਰਮੋਦ ਸਿੰਗਲਾ, ਵਪਾਰ ਵਿੰਗ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਹਰਵਿੰਦਰ ਸਿੰਘ ਸੇਖੋਂ ਬੱਛੋਆਣਾ, ਗੁਰਦਰਸ਼ਨ ਸਿੰਘ ਪਟਵਾਰੀ, ਚਮਕੌਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਬਰੇਟਾ, ਗੁਰਪ੍ਰੀਤ ਸਿੰਘ ਭੁੱਚਰ, ਕੇਵਲ ਸ਼ਰਮਾ ਬਰੇਟਾ, ਸਰਪੰਚ ਰਾਜਵੀਰ ਸਿੰਘ ਕੁੱਲਰੀਆਂ, ਜਗਤਾਰ ਤਾਰੀ ਕੁੱਲਰੀਆਂ ਤੋਂ ਇਲਾਵਾ ਸਬ ਡਵੀਜ਼ਨ ਬੁਢਲਾਡਾ ਦੇ ਸਾਰੇ ਅਧਿਕਾਰੀ ਹਾਜ਼ਰ ਸਨ।