- ਸਥਾਈ ਲੋਕ ਅਦਾਲਤ ਆਮ ਲੋਕਾਂ ਨੂੰ ਜਲਦੀ ਨਿਆਂ ਦੇਣ ਵਿੱਚ ਮੁੱਢਲੀ ਭੂਮਿਕਾ ਨਿਭਾ ਰਹੀ ਹੈ
ਫ਼ਤਹਿਗੜ੍ਹ ਸਾਹਿਬ, 05 ਸਤੰਬਰ 2024 : ਸਥਾਈ ਲੋਕ ਅਦਾਲਤ ਰਾਹੀਂ ਜਨ ਉਪਯੋਗੀ ਸੇਵਾਵਾਂ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਛੇਤੀ ਹੋ ਜਾਂਦਾ ਹੈ ਅਤੇ ਲੋਕ ਅਦਾਲਤ ਤੱਕ ਪਹੁੰਚ ਕਰਨ ਵਾਲੇ ਲੋਕਾਂ ਨੂੰ ਜਲਦੀ, ਮੁਫਤ ਅਤੇ ਸਸਤਾ ਨਿਆਂ ਮਿਲਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਨੇ ਸਥਾਈ ਲੋਕ ਅਦਾਲਤ ਦੇ ਚੇਅਰਮੈਨ ਅਤੇ ਮੈਂਬਰਾਂ ਨਾਲ ਜ਼ਿਲ੍ਹਾ ਕਚਹਿਰੀਆਂ ਵਿਖੇ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਆਖਿਆ ਕਿ ਇਹ ਲੋਕ ਅਦਾਲਤ ਜਨ ਉਪਯੋਗੀ ਸੇਵਾਵਾਂ ਨਾਲ ਸਬੰਧਤ ਕੇਸਾਂ ਵਿੱਚ ਆਮ ਲੋਕਾਂ ਨੂੰ ਨਿਆਂ ਦਿਵਾਉਣ ਲਈ ਵਰਦਾਨ ਸਾਬਤ ਹੋ ਸਕਦੀ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਥਾਈ ਲੋਕ ਅਦਾਲਤ ਰਾਹੀਂ ਜਨ ਉਪਯੋਗੀ ਸੇਵਾਵਾਂ ਨਾਲ ਸਬੰਧਤ ਝਗੜਿਆਂ ਜਾਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਅਤੇ ਚੇਅਰਮੈਨ ਸਥਾਈ ਲੋਕ ਅਦਾਲਤ ਨਾਲ ਸੰਪਰਕ ਕਰਨ। ਸ਼੍ਰੀ ਗੁਪਤਾ ਨੇ ਦੱਸਿਆ ਕਿ ਸਥਾਈ ਲੋਕ ਅਦਾਲਤ ਵਿੱਚ ਆਵਾਜਾਈ, ਬਿਜਲੀ ਸੇਵਾਵਾਂ, ਬੈਂਕਾਂ ਨਾਲ ਸਬੰਧਤ ਸੇਵਾਵਾਂ, ਬੀਮਾ ਸੇਵਾਵਾਂ, ਵੀਜ਼ੇ (ਇਮੀਗ੍ਰੇਸ਼ਨ) ਨਾਲ ਸਬੰਧਤ ਸੇਵਾਵਾਂ, ਵਿੱਤੀ ਸੇਵਾਵਾਂ, ਐਲ.ਪੀ.ਜੀ ਗੈਸ ਸੇਵਾਵਾਂ, ਸਿੱਖਿਆ ਸਬੰਧੀ ਸੇਵਾਵਾਂ, ਹਸਪਤਾਲਾਂ ਤੇ ਡਿਸਪੈਂਸਰੀਆਂ ਦੀਆਂ ਸਿਹਤ ਸੇਵਾਵਾਂ, ਹਾਊਸਿੰਗ ਅਤੇ ਰੀਅਲ ਅਸਟੇਟ ਦੀਆਂ ਸੇਵਾਵਾਂ, ਆਧਾਰ ਕਾਰਡ, ਰਾਸ਼ਨ ਕਾਰਡ, ਵੋਟਰ ਸ਼ਨਾਖਤੀ ਕਾਰਡ ਅਤੇ ਬੀ.ਪੀ.ਐੱਲ ਕਾਰਡ ਜਾਰੀ ਕਰਵਾਉਣ ਸਬੰਧੀ ਸੇਵਾਵਾਂ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਸਬੰਧੀ ਸੇਵਾਵਾਂ, ਸ਼ਗਨ ਸਕੀਮ ਅਤੇ ਬੇਰੁਜ਼ਗਾਰੀ ਭੱਤੇ ਸਬੰਧੀ ਸੇਵਾਵਾਂ, ਜਨਤਕ ਵੰਡ ਪ੍ਰਣਾਲੀ ਸਬੰਧੀ ਸੇਵਾਵਾਂ, ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ, ਵਿਆਹ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ, ਵਾਹਨਾਂ ਦੀ ਰਜਿਸਟ੍ਰੇਸ਼ਨ ਤੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਸਬੰਧੀ ਸੇਵਾਵਾਂ, ਡਾਕਤਾਰ, ਟੈਲੀਗ੍ਰਾਫ ਜਾਂ ਟੈਲੀਫੋਨ ਸੇਵਾਵਾਂ, ਪਾਣੀ ਦੀ ਸਪਲਾਈ ਅਤੇ ਸੀਵਰੇਜ ਸਬੰਧੀ ਸੇਵਾਵਾਂ ਅਤੇ ਕੁਦਰਤੀ ਸਾਧਨਾਂ ਦੀ ਸੁਰੱਖਿਆ ਸਬੰਧੀ ਸੇਵਾਵਾਂ ਨਾਲ ਸਬੰਧਤ ਝਗੜੇ ਜਾਂ ਸ਼ਿਕਾਇਤਾਂ ਜੋ ਕਿ ਦੂਜੀਆਂ ਅਦਾਲਤਾਂ ਵਿੱਚ ਲੰਬਿਤ ਨਾ ਹੋਣ, ਉਨ੍ਹਾਂ ਦਾ ਸਥਾਈ ਲੋਕ ਅਦਾਲਤ ਵਿੱਚ ਨਿਪਟਾਰਾ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਕੋਈ ਵੀ ਲੋੜਵੰਦ ਵਿਅਕਤੀ ਸਾਦੇ ਕਾਗਜ਼ ਤੇ ਦਰਖਾਸਤ ਲਿਖ ਕੇ ਸਥਾਈ ਲੋਕ ਅਦਾਲਤ ਵਿੱਚ ਨਿਪਟਾਰੇ ਲਈ ਆ ਸਕਦਾ ਹੈ। ਇਸ ਤੋਂ ਇਲਾਵਾ ਜਿਹੜੇ ਕੇਸਾਂ ਵਿੱਚ ਵਕੀਲਾਂ ਦੀ ਲੋੜ ਹੋਵੇ, ਉਨ੍ਹਾਂ ਵਿੱਚ ਲੋੜਵੰਦਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਮੁਫਤ ਵਕੀਲ ਦੀਆਂ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਥਾਈ ਲੋਕ ਅਦਾਲਤ ਵਿੱਚ ਇੱਕ ਕਰੋੜ ਤੱਕ ਦੇ ਵਿੱਤੀ ਝਗੜੇ ਉਠਾਏ ਜਾ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਥਾਈ ਲੋਕ ਅਦਾਲਤ ਵਿੱਚ ਅਦਾਲਤ ਦੀ ਪ੍ਰਕਿਰਿਆ ਬਹੁਤ ਲੰਬੀ ਨਾ ਹੋਣ ਕਰਕੇ ਲੋਕਾਂ ਨੂੰ ਜਲਦੀ ਤੇ ਸਸਤਾ ਨਿਆਂ ਮਿਲਦਾ ਹੈ। ਸਥਾਈ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਕੋਰਟ ਫੀਸ ਵੀ ਨਹੀਂ ਲੱਗਦੀ। ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਦੀਪਤੀ ਗੋਇਲ ਨੂੰ ਨਿਰਦੇਸ਼ ਦਿੱਤੇ ਕਿ ਵੱਖ-ਵੱਖ ਸੈਮੀਨਾਰ ਦੌਰਾਨ ਵੀ ਸਥਾਈ ਲੋਕ ਅਦਾਲਤ ਦੀਆਂ ਸੇਵਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਮੀਟਿੰਗ ਵਿੱਚ ਚੇਅਰਮੈਨ ਸਥਾਈ ਲੋਕ ਅਦਾਲਤ ਸ਼੍ਰੀ ਅਮਰਜੀਤ ਸਿੰਘ ਵਿਰਕ, ਮੈਂਬਰ ਸ਼੍ਰੀ ਕੁਲਜੀਤ ਸਿੰਘ ਅਤੇ ਸ਼੍ਰੀਮਤੀ ਸਿਮਰਾਲੀ ਲਾਂਬਾ ਵੀ ਸ਼ਾਮਿਲ ਹੋਏ।