ਲੁਧਿਆਣਾ : ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਵਲੋਂ ਸਨੈਚਿੰਗ ਦੀਆਂ ਘਟਨਾਵਾਂ ‘ਤੇ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਅਨੁਸਾਰ ਪਿਛਲੇ ਦਿਨਾਂ ਵਿੱਚ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ 40 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 110 ਮੋਬਾਈਲ ਫੋਨ ਆਦਿ ਬਰਾਮਦ ਕੀਤੇ ਗਏ ਹਨ। ਡੀਸੀਪੀ ਇਨਵੈਸਟੀਗੇਸ਼ਨ ਵਰਿੰਦਰ ਬਰਾੜ ਨੇ ਦੱਸਿਆ ਕਿ ਪੁਲੀਸ ਨੇ ਇਹ ਕਾਰਵਾਈ ਇੱਕ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਹੈ। ਇਹ ਮੁਲਜ਼ਮ ਵੱਖ-ਵੱਖ ਤਰੀਕਿਆਂ ਨਾਲ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਸ ਤਹਿਤ ਵੱਖ-ਵੱਖ ਮਾਮਲਿਆਂ ਵਿੱਚ 40 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 110 ਦੇ ਕਰੀਬ ਮੋਬਾਈਲ ਫ਼ੋਨ, ਕੰਨਾਂ ਦੀਆਂ ਵਾਲੀਆਂ, ਗੱਡੀਆਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਉਨ੍ਹਾਂ ਦੋਸ਼ੀਆਂ ਦਾ ਡਾਟਾ ਵੀ ਇਕੱਠਾ ਕਰ ਰਹੀ ਹੈ, ਜਿਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਜਦਕਿ ਨਵੇਂ ਮੁਲਜ਼ਮਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ।