ਫਿਲੌਰ, 10 ਜੁਲਾਈ : ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਡਿਪਟੀ ਕਮਿਸ਼ਨਰ ਜਲੰਧਰ ਵਿਸ਼ੇਸ਼ ਸਾਰੰਗਲ ਨੇ ਲੋੜਵੰਦ ਲੋਕਾਂ ਦੀ ਸੇਵਾ ਅਤੇ ਮਨੁੱਖਤਾ ਦੀ ਮਿਸਾਲ ਪੇਸ਼ ਕਰਦਿਆਂ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਦੇ ਇੱਕ ਪਰਿਵਾਰ ਦੀ ਜਾਨ ਬਚਾਈ। ਸੰਸਦ ਮੈਂਬਰ ਅਤੇ ਡਿਪਟੀ ਕਮਿਸ਼ਨਰ ਦੋਵੇਂ ਫਿਲੌਰ ਸਬ ਡਵੀਜ਼ਨ ਵਿੱਚ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਸਨ ਕਿ ਜਦੋਂ ਉਨ੍ਹਾਂ ਨੂੰ ਸਤਲੁਜ ਦੇ ਕੰਢੇ ਪਿੰਡ ਉੱਚਾ ਖੇੜਾ ਬੇਟ ਵਿੱਚ ਇੱਕ ਪਰਿਵਾਰ ਦੇ ਫਸੇ ਹੋਣ ਬਾਰੇ ਐਮਰਜੈਂਸੀ ਸੰਦੇਸ਼ ਮਿਲਿਆ। ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਕਿ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਕਰਕੇ ਪਰਿਵਾਰ ਨੂੰ ਜਲਦ ਤੋਂ ਜਲਦ ਬਚਾਉਣ ਦੀ ਲੋੜ ਹੈ। ਭਾਵੇਂ ਕੁਝ ਜੂਨੀਅਰ ਅਧਿਕਾਰੀਆਂ ਵੱਲੋਂ ਮੈਂਬਰ ਪਾਰਲੀਮੈਂਟ ਅਤੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਗਿਆ ਕਿ ਇਹ ਪਿੰਡ ਲੁਧਿਆਣਾ ਵਿੱਚ ਪੈਂਦਾ ਹੈ, ਪਰ ਕਿਉਂਕਿ ਇਹ ਪਿੰਡ ਉਕਤ ਜ਼ਿਲ੍ਹੇ ਨਾਲੋਂ ਕਟ ਗਿਆ ਸੀ, ਇਸ ਲਈ ਦੋਵਾਂ ਨੇ ਕੀਮਤੀ ਜਾਨਾਂ ਬਚਾਉਣ ਲਈ ਸਰਕਾਰੀ ਤੰਤਰ ਨੂੰ ਹਰਕਤ ਵਿੱਚ ਲਿਆਂਦਾ। ਸਤਲੁਜ ਵਿੱਚ ਆਏ ਉਫਾਨ ਫਸੇ ਪਰਿਵਾਰ ਨੂੰ ਬਚਾਉਣ ਲਈ ਸੰਸਦ ਮੈਂਬਰ ਅਤੇ ਡਿਪਟੀ ਕਮਿਸ਼ਨਰ ਖੁਦ ਐਨ.ਡੀ.ਆਰ.ਐਫ. ਦੀ ਟੀਮ ਨਾਲ ਕਿਸ਼ਤੀ ਵਿੱਚ ਗਏ। ਜਦੋਂ ਦੋਵੇਂ ਮੌਕੇ ‘ਤੇ ਪਹੁੰਚੇ ਤਾਂ ਪਰਿਵਾਰ ਨੇ ਆਪਣਾ ਘਰ ਛੱਡਣ ਤੋਂ ਇਨਕਾਰ ਕਰ ਦਿੱਤਾ । ਸੰਸਦ ਮੈਂਬਰ ਅਤੇ ਡਿਪਟੀ ਕਮਿਸ਼ਨਰ ਨੇ ਪਰਿਵਾਰ ਨੂੰ ਉਨ੍ਹਾਂ ਦੇ ਨਾਲ ਚੱਲਣ ਲਈ ਪ੍ਰੇਰਿਆ ਕਿਉਂਕਿ ਪਰਿਵਾਰ ਦੀਆਂ ਕੀਮਤੀ ਜਾਨਾਂ ਬਚਾਉਣਾ ਸਮੇਂ ਦੀ ਮੁੱਖ ਲੋੜ ਸੀ। ਇਸ ਦੌਰਾਨ ਲੋਕ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਦੋਵਾਂ ਨੇ ਕਿਹਾ ਕਿ ਇਹ ਜ਼ਿਲ੍ਹਿਆਂ ਜਾਂ ਅਧਿਕਾਰ ਖੇਤਰ ਦੀ ਗੱਲ ਨਹੀਂ ਹੈ, ਫਿਲਹਾਲ ਮਨੁੱਖਤਾ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਪਿੰਡ ਲੁਧਿਆਣਾ ਨਾਲੋਂ ਕਟ ਗਿਆ ਹੈ ਅਤੇ ਪਿੰਡ ਵਾਸੀਆਂ ਵੱਲੋਂ ਜਲੰਧਰ ਪ੍ਰਸ਼ਾਸਨ ਦੇ ਨੰਬਰਾਂ ‘ਤੇ ਫੋਨ ਕੀਤਾ ਗਿਆ, ਇਸ ਲਈ ਇਨ੍ਹਾਂ ਪਰਿਵਾਰਾਂ ਦੀ ਮਦਦ ਕਰਨਾ ਉਨ੍ਹਾਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਵੱਲੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਹੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਨੁੱਖਤਾ ਦਾ ਫਰਜ਼ ਹੈ ਅਤੇ ਉਹ ਭਾਗਸ਼ਾਲੀ ਹਨ ਕਿ ਉਨ੍ਹਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਲੰਧਰ ਪ੍ਰਸ਼ਾਸਨ ਵੱਲੋਂ ਇਸ ਔਖੀ ਘੜੀ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਵਿਆਪਕ ਸਿਸਟਮ ਸਥਾਪਤ ਕੀਤਾ ਗਿਆ ਹੈ।