ਲੁਧਿਆਣਾ, 12 ਮਾਰਚ : ਅਗਲੇ ਸਾਲ 2024 ‘ਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੁੰ ਲੈ ਕੇ ਵੱਖ ਵੱਖ ਪਾਰਟੀਆਂ ਵੱਲੋਂ ਹੁਣੇ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕ ਸਭਾ ਲੁਧਿਆਣਾ ਤੋਂ ਪਾਰਟੀ ਵੱਲੋਂ ਪਹਿਲਾ ਉਮੀਦਵਾਰ ਐਲਾਨ ਕੇ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਦੇ ਲਈ ਉਮੀਦਵਾਰ ਦਾ ਐਲਾਨ ਵੀ ਕੀਤਾ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਦੇ ਲਈ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਵਿਪਨ ਕਾਕਾ ਸੂਦ ਨੂੰ ਉਮੀਦਵਾਰ ਐਲਾਨਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ। ਪੰਜਾਬ ਦੇ ਵਿੱਚ ਗੁੰਡਾਗਰਦੀ ਦਾ ਰਾਜ਼ ਚੱਲ ਰਿਹਾ ਹੈ ਜਿਸ ’ਤੇ ਪੁਲਿਸ ਦਾ ਕੋਈ ਕੰਟਰੋਲ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦਾ ਅਸਲੀ ਮੁੱਖ ਮੰਤਰੀ ਹੈ ਪੰਜਾਬ ਦੇ ਵਿੱਚ ਸਭ ਤੋਂ ਜ਼ਿਆਦਾ ਨਸ਼ਾ ਵਿਕ ਰਿਹਾ ਹੈ। ਸਨਅਤਕਾਰ ਪੰਜਾਬ ਤੋਂ ਬਾਹਰ ਦੂਜੇ ਸੂਬਿਆਂ ਦੇ ਵਿੱਚ ਇੰਡਸਟਰੀ ਲਾ ਰਹੇ ਹਨ। ਜੇਕਰ ਇਸੇ ਤਰ੍ਹਾਂ ਦੇ ਹਾਲਾਤ ਰਹੇ ਤਾਂ ਪੰਜਾਬ ਦੀ ਅਰਥਵਿਵਸਥਾ ਖਰਾਬ ਹੋਰ ਵੀ ਜਿਆਦਾ ਖਰਾਬ ਹੋ ਸਕਦੀ ਹੈ।