- ਭਾਜਪਾ ਵਰਕਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਸੰਭਾਵੀ ਯਤਨ ਕਰਨ ਲਈ ਕਿਹਾ
ਮੋਹਾਲੀ, 10 ਜੁਲਾਈ : ਸੂਬਾ ਭਾਜਪਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਮੈਦਾਨ ਵਿੱਚ ਨਿੱਤਰਦੇ ਹੋਏ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ (ਐਮਪੀ) ਸੁਨੀਲ ਜਾਖੜ ਨੇ ਸੋਮਵਾਰ ਨੂੰ ਖਰੜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਪੰਜਾਬ ਸਰਕਾਰ ਨੂੰ ਸਭ ਤੋਂ ਮਾੜੇ ਹਾਲਾਤਾਂ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਬਾਰਸ਼ਾਂ ਰੁਕਣ ਦੇ ਕੋਈ ਸੰਕੇਤ ਨਹੀਂ ਲੱਗ ਰਹੇ ਅਤੇ ਅਜਿਹੇ ਵਿੱਚ ਕੁਝ ਖੇਤਰਾਂ ਵਿੱਚ ਸਥਿਤੀ ਤੇਜ਼ੀ ਨਾਲ ਗੰਭੀਰ ਬਣਦੀ ਜਾ ਰਹੀ ਹੈ। ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਲੋੜਵੰਦਾਂ ਦੀ ਹਰ ਸੰਭਵ ਮਦਦ ਅਤੇ ਸਹਾਇਤਾ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਡੇ ਲੱਖਾਂ ਲੋਕ ਸੂਬੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੀ ਮਾਰ ਝੱਲ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਦੀ ਜਾਨ ਦਾ ਖ਼ਤਰਾ ਵੀ ਬਣਿਆ ਹੋਇਆ ਹੈ, ਇਸ ਲਈ ਸੂਬਾ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਮਾਰ ਕਾਰਨ ਭਾਰੀ ਨੁਕਸਾਨ ਹੋ ਰਿਹਾ ਹੈ। ਅਜਿਹੇ ਵਿਚ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਹੜ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੀਏ ਤੇ ਇਸ ਸਥਿਤੀ ਨਾਲ ਨਿਪਟਣ ਲਈ ਹਰ ਸੰਭਵ ਯਤਨ ਕਰੀਏ। ਜਾਖੜ ਨੇ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੂਰਤ ਵਿੱਚ ਪਾਣੀ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਨਿਕਾਸੀ ਯੋਜਨਾ ਅਤੇ ਰਾਸ਼ਨ ਯੋਜਨਾ ਨੂੰ ਤੁਰੰਤ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਸਮੇਂ ਸਿਰ ਨਿਕਾਸੀ ਨੂੰ ਯਕੀਨੀ ਬਣਾਉਣ ਤੇ ਲੋਕਾਂ ਦੀ ਰਿਹਾਇਸ਼ ਲਈ ਅਗੇਤੇ ਪ੍ਰਬੰਧ ਕਰਨ ਦੀ ਸਭ ਤੋਂ ਪਹਿਲਾਂ ਲੋੜ ਹੈ। ਜਾਖੜ ਨੇ ਕਿਹਾ ਕਿ ਖਰੜ ਦੇ ਲੋਕਾਂ ਨੇ ਆਪਣੇ ਘਰਾਂ ਅਤੇ ਕੀਮਤੀ ਸਮਾਨ ਦੇ ਗਵਾਚ ਜਾਣ ਦਾ ਡਰ ਜ਼ਾਹਰ ਕੀਤਾ ਹੈ, ਕਿਉਂਕਿ ਉਹਨਾਂ ਨੂੰ ਨੀਵੇਂ ਇਲਾਕਿਆਂ ਵਿੱਚ ਆਪਣੇ ਘਰ ਖਾਲੀ ਕਰਨ ਲਈ ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ ਕੀਤੇ ਗਏ ਹਨI ਜਾਖੜ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਉਹਨਾਂ ਦੇ ਸਮਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ, ਜਦੋਂ ਤੱਕ ਸਥਿਤੀ ਆਮ ਨਹੀਂ ਹੋ ਜਾਂਦੀ। ਉਨ੍ਹਾਂ ਕਿਹਾ ਕਿ ਇਹ ਨੁਕਸ ਲੱਭਣ ਦਾ ਸਮਾਂ ਨਹੀਂ ਹੈ ਅਤੇ ਇਹ ਜ਼ਰੂਰੀ ਹੈ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਇਕੱਠੇ ਹੋਣ। ਭਾਜਪਾ ਦੇ ਸੀਨੀਅਰ ਆਗੂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਗੰਭੀਰ ਸਥਿਤੀ ਦੇ ਮੱਦੇਨਜ਼ਰ ਆਪਣੇ ਲੋਕਾਂ ਦੀ ਸੁਰੱਖਿਆ ਕਰਨ ਦਾ ਸੱਦਾ ਦਿੱਤਾ। ਜੇਕਰ ਹੁਣ ਸਹੀ ਢੰਗ ਨਾਲ ਨਜਿੱਠਿਆ ਨਹੀਂ ਗਿਆ ਤਾਂ ਇਸ ਦੁਖਾਂਤ ਨਾਲ ਸਾਡੇ ਸੂਬੇ ਦੇ ਲੋਕਾਂ ਦਾ ਵੱਡਾ ਨੁਕਸਾਨ ਹੋ ਜਾਵੇਗਾ। ਜਾਖੜ ਨੇ ਕਿਹਾ ਕਿ ਇਹ ਸੁਚੇਤ ਰਹਿਣ ਅਤੇ ਪੂਰੀ ਤਿਆਰੀ ਨਾਲ ਕਿਸੇ ਵੀ ਸੰਕਟ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦਾ ਸਮਾਂ ਹੈI ਜਾਖੜ ਨੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਨੂੰ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਕਰਨ ਅਤੇ ਲੋੜਵੰਦਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਦੀ ਅਪੀਲ ਕੀਤੀ। ਜਾਖੜ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਦੌਰੇ ਦੌਰਾਨ ਉਨ੍ਹਾਂ ਨਾਲ ਸੀਨੀਅਰ ਆਗੂ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਅਰਵਿੰਦ ਖੰਨਾ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸਟ, ਸੂਬਾ ਸਕੱਤਰ ਪਰਮਿੰਦਰ ਬਰਾੜ, ਕਮਲ ਸੈਣੀ ,ਪਵਨ ਮਨੋਚਾ ,ਸੁਖਵਿੰਦਰ ਸਿੰਘ ਗੋਲਡੀ ਆਦਿ ਵੀ ਹਾਜ਼ਰ ਸਨ।