- ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੇ ਤਜਰਬਿਆਂ ਤੋਂ ਸੇਧ ਲੈਣ ਬਾਕੀ ਕਿਸਾਨ- ਸੁਖਪ੍ਰੀਤ ਸਿੰਘ ਸਿੱਧੂ
- ਕਿਹਾ, ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਵਾਤਾਵਰਨ ਪ੍ਰਤੀ ਸੁਚੇਤ ਹੋਣਾ ਜ਼ਰੂਰੀ
- ਏ.ਡੀ.ਸੀ. ਨੇ ਪਿੰਡ ਮਹੇਰਨਾ ਖ਼ੁਰਦ, ਕੰਗਣਵਾਲ,ਦਰਿਆਪੁਰ ਅਤੇ ਅਹਿਮਦਪੁਰ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਨਿਰਾਤਮਕ ਪ੍ਰਭਾਵ ਤੋਂ ਕਰਵਾਇਆ ਜਾਣੂ
ਅਹਿਮਦਗੜ੍ਹ/ਮਾਲੇਰਕੋਟਲਾ 10 ਅਕਤੂਬਰ : ਖੇਤਾਂ ਦੀ ਰਹਿੰਦ-ਖੂੰਹਦ ਖ਼ਾਸ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਅੱਗਾਂ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਕੀਤਾ ਜਾ ਸਕੇ । ਇਸੇ ਕੜੀ ਤਹਿਤ ਅੱਜ ਖੇਤੀਬਾੜੀ ਬਲਾਕ ਅਹਿਮਦਗੜ੍ਹ ਅਧੀਨ ਆਉਂਦੇ ਪਿੰਡ ਮਹੇਰਨਾ ਖ਼ੁਰਦ ਦੀ ਸਹਿਕਾਰੀ ਸਭਾ ਮਹੋਲੀ ਕਲਾ ਵਿਖੇ,ਕੰਗਣਵਾਲ,ਦਰਿਆਪੁਰ ਅਤੇ ਅਹਿਮਦਪੁਰ ਵਿਖੇ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪਾਂ ਦਾ ਆਯੋਜਨ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਖੇਤੀਬਾੜੀ ਅਫ਼ਸਰ ਡਾ ਕੁਲਵੀਰ ਸਿੰਘ , ਰਾਕੇਸ ਕੁਮਾਰ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਕਿਸਾਨਾਂ ਤੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਨ ਬਚਾਉਣ ਲਈ ਹੁਣ ਸਾਰਿਆਂ ਨੂੰ ਰਲ ਕੇ ਸਾਂਝਾ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਗਾਂਹਵਧੂ ਕਿਸਾਨਾਂ ਦੇ ਤਜਰਬਿਆਂ ਤੋਂ ਬਾਕੀ ਕਿਸਾਨ ਵੀ ਸੇਧ ਲੈਣ ਅਤੇ ਸਾਡੇ ਗੁਰੂ ਸਾਹਿਬਾਨਾਂ ਵੱਲੋਂ ਦਿਖਾਏ ਰਸਤੇ 'ਤੇ ਚਲਦਿਆਂ ਧਰਤੀ, ਪਾਣੀ ਤੇ ਹਵਾ ਨੂੰ ਪਲੀਤ ਹੋਣ ਤੋਂ ਰੋਕਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪਰਾਲੀ ਦੀ ਸੁਚੱਜੀ ਸੰਭਾਲ ਜ਼ਰੂਰੀ ਹੈ। ਇਸ ਲਈ ਕਿਸਾਨ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨ ਦੇ ਪਰਾਲੀ ਨਾ ਸਾੜਨ ਬਾਰੇ ਆਦੇਸ਼ਾਂ ਤੋਂ ਵੀ ਜਾਣੂ ਕਰਵਾਈਆਂ । ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਸ ਪਰਾਲੀ ਦਾ ਸਹੀ ਤਰ੍ਹਾਂ ਪ੍ਰਬੰਧਨ ਕਰੀਏ ਤਾਂ ਇਹ ਖੇਤਾਂ ਨੂੰ ਨੁਕਸਾਨ ਕਰਨ ਦੀ ਥਾਂ ਖਾਦ ਦੇ ਰੂਪ ਵਿੱਚ ਉਪਜਾਊ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਸਾਨੂੰ ਸੁਚੇਤ ਹੋਣਾ ਜ਼ਰੂਰੀ ਹੈ। ਇਸ ਮੌਕੇ ਖੇਤੀਬਾੜੀ ਅਫ਼ਸਰ ਡਾ ਕੁਲਵੀਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਨਵੀਨਤਮ ਤਕਨੀਕਾਂ ਤੋਂ ਕਿਸਾਨਾਂ ਨੂੰ ਜਾਗਰੂਕ ਕਰਵਾਇਆ ਅਤੇ ਜ਼ਿਲ੍ਹੇ ਵਿੱਚ ਉਪਲਬਧ ਮਸ਼ੀਨਰੀ ਦੀ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਤਿਆਰ ਐਪ ਅਤੇ ਵੱਖ ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਵੀ ਦੱਸਿਆ ।