ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ, ਮਾਨ ਸਰਕਾਰ ਨੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ : ਹਰਪਾਲ ਚੀਮਾ

  • ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਾਰਾ ਪੰਜਾਬ ਹੋਇਆ ਇਕਜੁੱਟ : ਹਰਪਾਲ ਸਿੰਘ ਚੀਮਾ
  • ਕਿਹਾ, 'ਯੁੱਧ ਨਸ਼ਿਆਂ ਵਿਰੁੱਧ ਨਾਲ ਨਸ਼ਿਆਂ ਖ਼ਿਲਾਫ਼ ਲੜਾਈ ਫ਼ੈਸਲਾਕੁੰਨ ਦੌਰ 'ਚ ਪੁੱਜੀ'
  • ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਆਦੀਆਂ ਨੂੰ ਰੋਜ਼ਗਾਰ ਨਾਲ ਜੋੜਨ ਦਾ ਤਹੱਈਆ-ਡਾ. ਬਲਬੀਰ ਸਿੰਘ
  • ਕਿਹਾ, 'ਨਸ਼ਾ ਛੁਡਾਊ ਉਪਰਾਲਿਆਂ ਨਾਲ ਨਸ਼ਿਆਂ ਦੀ ਮੰਗ ਘਟੀ ਤੇ ਸਪਲਾਈ ਲਾਈਨ ਵੀ ਟੁੱਟੀ'
  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡਾਂ ਦੇ ਪਹਿਰੇਦਾਰਾਂ ਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਅਹਿਮ ਬੈਠਕ
  • ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਜੈਕਾਰੇ ਨਾਲ ਵਿਸ਼ਾਲ ਇਕੱਤਰਤਾ ਨੂੰ ਨਸ਼ਿਆਂ ਵਿਰੁੱਧ ਚੁਕਾਈ ਸਹੁੰ

ਪਟਿਆਲਾ, 4 ਮਈ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਲੜਾਈ ਫ਼ੈਸਲਾਕੁੰਨ ਦੌਰ 'ਚ ਪੁੱਜ ਗਈ ਹੈ। ਅੱਜ ਆਪਣੇ ਕੈਬਨਿਟ ਦੇ ਸਾਥੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਪਟਿਆਲਾ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਇੱਕ ਅਹਿਮ ਬੈਠਕ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਅੱਜ ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ। ਦੋਵੇਂ ਮੰਤਰੀਆਂ ਨੇ ਜੋਰ ਨਾਲ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ। ਹਰਪਾਲ ਸਿੰਘ ਚੀਮਾ ਨੇ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਜੈਕਾਰੇ ਨਾਲ ਵਿਸ਼ਾਲ ਇਕੱਤਰਤਾ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਉਂਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ 'ਯੁੱਧ ਨਸ਼ਿਆਂ ਵਿਰੁੱਧ' ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣਾਇਆ ਜਾਵੇ। ਵਿੱਤ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੱਕੀ ਠਾਣ ਲਈ ਹੈ ਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ 'ਚ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਸਿਆਸੀ ਹੋਵੇ ਜਾਂ ਅਫ਼ਸਰਸ਼ਾਹੀ 'ਚੋਂ ਹੋਵੇ। ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ 'ਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਨਸ਼ਿਆਂ ਦੇ ਬੀਜ ਪੰਜਾਬ 'ਚ ਬੀਜੇ ਗਏ ਤੇ ਕਾਂਗਰਸ ਪਾਰਟੀ ਦੀ ਸਰਕਾਰ ਨੇ ਇਸ ਬੂਟੇ ਨੂੰ ਪਾਣੀ ਦਿੱਤਾ ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਇਹ ਬੂਟਾ ਜੜੋਂ ਪੁੱਟਣ ਦਾ ਤਹੱਈਆ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਪੰਜਾਬ 'ਚ ਪਾਣੀ, ਕਿਸਾਨੀ ਤੇ ਨੌਜਵਾਨੀ ਬਚਾਉਣ ਦੀ ਲੜਾਈ ਲੜ ਰਹੀ ਹੈ ਜਦੋਂਕਿ ਭਾਜਪਾ ਪੰਜਾਬ ਦੇ ਪਾਣੀਆਂ ਉਪਰ ਡਾਕਾ ਮਾਰਨ ਲੱਗੀ ਹੈ ਪਰੰਤੂ ਪੰਜਾਬ ਸਰਕਾਰ ਅਜਿਹੀਆਂ ਕੋਝੀਆਂ ਸਾਜਸ਼ਾਂ ਦਾ ਮੂੰਹ ਤੋੜ ਜਵਾਬ ਦੇਵਗੀ। ਵਿੱਤ ਮੰਤਰੀ ਸ. ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਬੀਐਮਬੀ ਦੇ ਮੁੱਦੇ 'ਤੇ ਲਏ ਸਖ਼ਤ ਸਟੈਂਡ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੂੰ ਪਾਣੀਆਂ ਦਾ ਅਸਲ ਰਾਖਾ ਕਰਾਰ ਦਿੰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਐਸ.ਵਾਈ.ਐਲ. ਬਣਾਉਣ ਲਈ ਇੰਦਰਾ ਗਾਂਧੀ ਨੂੰ ਚਾਂਦੀ ਦੀ ਕਹੀ ਫੜਾਈ ਸੀ ਤੇ ਬਾਅਦ 'ਚ ਪਾਣੀਆਂ ਦੇ ਅਖੌਤੀ ਰਾਖੇ ਦਾ ਢੌਂਗ ਰਚਿਆ ਸੀ। ਜਦੋਂਕਿ ਬਾਦਲਾਂ ਨੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਬਦਲੇ ਗੁੜਗਾਉਂ 'ਚ ਜਮੀਨ ਹਾਸਲ ਕੀਤੀ। ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੀ ਵਿਸ਼ਾਲ ਇਕੱਤਰਤਾ ਦੇਖਦਿਆਂ ਉਮੀਦ ਪ੍ਰਗਟਾਈ ਕਿ ਪਟਿਆਲਾ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਸਦਕਾ ਹੁਣ ਆਮ ਆਦਮੀ ਸਿਰ ਚੁੱਕਾ ਚੁੱਕਕੇ ਤੁਰਦਾ ਹੈ ਜਦਕਿ ਨਸ਼ਾ ਤਸਕਰ ਮੂੰਹ ਛੁਪਾ ਰਹੇ ਹਨ, ਹੁਣ ਡਰੋਨ ਆਉਂਦੇ ਹਨ ਪਰ ਨਸ਼ੇ ਚੁੱਕਣ ਵਾਲੇ ਨਹੀਂ ਹੁੰਦੇ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਉਹ ਜਾਂ ਪੰਜਾਬ ਛੱਡਣ ਜਾਂ ਨਸ਼ਿਆਂ ਦਾ ਕਾਲਾ ਕਾਰੋਬਾਰ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਹ ਬੀੜਾ ਉਠਾਇਆ ਹੈ ਕਿ ਨਸ਼ੇ ਦੇ ਆਦੀਆਂ ਦਾ ਨਸ਼ਾ ਛੁਡਾ ਕੇ ਨਸ਼ਿਆਂ ਦੀ ਮੰਗ ਘਟਾਈ ਜਾਵੇ ਤੇ ਸਪਲਾਈ ਲਾਈਨ ਤੋੜੀ ਜਾਵੇ ਤਾਂ ਕਿ ਕੋਈ ਵਿਅਕਤੀ ਨਸ਼ੇ ਦੀ ਓਵਰਡੋਜ਼ ਨਾਲ ਨਾ ਮਰੇ। ਉਨ੍ਹਾਂ ਦੱਸਿਆ ਕਿ ਰਾਜ ਅੰਦਰ ਨਸ਼ਾ ਮੁਕਤੀ ਕੇਂਦਰਾਂ ਦੇ ਬਿਸਤਰਿਆਂ ਦੀ ਗਿਣਤੀ ਤਿੱਗਣੀ ਕੀਤੀ ਜਾ ਰਹੀ ਹੈ ਅਤੇ ਸਾਰੇ ਨਸ਼ਾ ਮੁਕਤੀ ਕੇਂਦਰਾਂ ਨੂੰ ਮਾਡਲ ਬਣਾਇਆ ਜਾ ਰਿਹਾ ਹੈ ਤੇ ਹੁਨਰ ਵਿਕਾਸ ਕੇਂਦਰ ਬਣਾ ਕੇ ਨਸ਼ੇ ਦੇ ਆਦੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਰੁਜ਼ਗਾਰ ਨਾਲ ਜੋੜਿਆ ਜਾ ਰਿਹਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਰਾਜ ਦੇ ਸਾਰੇ ਵਿਧਾਇਕ ਤੇ ਆਗੂ 7 ਮਈ ਤੋਂ ਸਾਰੇ ਪਿੰਡਾਂ 'ਚ ਜਾਣਗੇ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਘਰ-ਘਰ ਲੈਕੇ ਜਾਇਆ ਜਾਵੇਗਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸਾਬਕਾ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕਾਂ ਨੂੰ ਨਸ਼ਾ ਤਸਕਰਾਂ ਦਾ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ। ਆਮ ਆਦਮੀ ਪਾਰਟੀ ਦੇ ਨਸ਼ਾ ਮੁਕਤੀ ਮੋਰਚੇ ਦੇ ਮਾਲਵਾ ਜੋਨ ਦੇ ਕੁਆਰਡੀਨੇਟਰ ਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਨਸ਼ਾ ਮੁਕਤੀ ਮੋਰਚੇ ਦੀ ਕਾਰਗੁਜ਼ਾਰੀ ਬਾਰੇ ਚਾਨਣਾ ਪਾਇਆ। ਡੀ.ਆਈ.ਜੀ. ਪਟਿਆਲਾ ਰੇਂਜ ਡਾ. ਨਾਨਕ ਸਿੰਘ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਦੱਸਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਜਰੂਰ ਸਾਂਝੀ ਕਰਨ ਅਤੇ ਸੇਫ ਪੰਜਾਬ ਵਟਸਐਪ ਨੰਬਰ 9779100200 'ਤੇ ਵੀ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡਾਂ ਦੇ ਪਹਿਰੇਦਾਰ ਤੇ ਵਾਰਡ ਡਿਫੈਂਸ ਕਮੇਟੀਆਂ ਦੀ ਬਣਤਰ ਤੇ ਟੀਚਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਤਤਪਰ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਗੁਰਲਾਲ ਘਨੌਰ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਆਪ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਵਾਈਸ ਚੇਅਰਮੈਨ ਕਨਵੇਅਰ ਇੰਦਰਜੀਤ ਸਿੰਘ ਸੰਧੂ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਪੀ.ਆਰ.ਟੀ.ਸੀ. ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਮਨਿੰਦਰਜੀਤ ਵਿੱਕੀ ਘਨੌਰ, ਬਲਕਾਰ ਸਿੰਘ ਗੱਜੂਮਾਜਰਾ, ਮਹਿੰਗਾ ਸਿੰਘ ਬਰਾੜ, ਸੁਰਿੰਦਰਪਾਲ ਸ਼ਰਮਾ, ਯਾਦਵਿੰਦਰ ਗੋਲਡੀ ਲਾਦੇਨ, ਦਵਿੰਦਰਪਾਲ ਮਿੱਕੀ, ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਾਰੇ ਹਲਕਿਆਂ ਤੋਂ ਆਏ ਮੈਂਬਰਾਂ ਸਮੇਤ ਜ਼ਿਲ੍ਹੇ ਦੇ ਪੰਚ-ਸਰਪੰਚ, ਸਮੂਹ ਕੌਂਸਲਰ, ਵੱਡੀ ਗਿਣਤੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਤੇ ਵਲੰਟੀਅਰਾਂ ਤੋਂ ਇਲਾਵਾ ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀਜ ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ, ਐਸ.ਪੀ ਪਲਵਿੰਦਰ ਸਿੰਘ ਚੀਮਾ ਤੇ ਗੁਰਬੰਸ ਸਿੰਘ ਬੈਂਸ ਸਮੂਹ ਐਸ.ਡੀ.ਐਮਜ ਤੇ ਹੋਰ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।