- ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਗਰਭਵਤੀਆਂ ਦਾ ਜਣੇਪਾ ਸਿਹਤ ਸੰਸਥਾਵਾਂ ਵਿੱਚ ਕਰਾਉਣਾ ਜਰੂਰੀ: ਡਾ ਐਰਿਕ
ਫਾਜਿਲਕਾ 23 ਸਤੰਬਰ 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜ਼ ਕਾਰੀ ਸਿਵਲ ਸਰਜਨ ਡਾ ਐਰਿਕ ਦੀ ਦੇਖਰੇਖ ਵਿੱਚ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ। ਡਾ ਏਰਿਕ ਨੇ ਕਿਹਾ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ ਅਤੇ ਆਮ ਆਦਮੀ ਕਲੀਨਿਕ ਵਿੱਚ ਸਪੈਸ਼ਲ ਕੈਂਪ ਲਗਾ ਕੇ ਚੈਕ ਅੱਪ, ਟੈਸਟ ਅਤੇ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇਂ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਹਨਾਂ ਔਰਤਾਂ ਨੂੰ ਇੰਨ੍ਹਾਂ ਕੈਂਪਾਂ ਵਿੱਚ ਲੈ ਕੇ ਆਇਆ ਜਾਂਦਾ ਹੈ ਤਾਂ ਜੋ ਗਰਭਵਤੀ ਮਾਵਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇ ਕੇ ਆਉਣ ਵਾਲੇ ਖਤਰੇ ਤੋ ਟਾਲਿਆ ਜਾ ਸਕੇ ਅਤੇ ਮੌਤ ਦਰ ਤੇ ਕਾਬੂ ਪਾਇਆ ਜਾ ਸਕੇ। ਉਹਨਾਂ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਸਮੇਂ ਸਿਰ ਰਜਿਸਟ੍ਰੇਸ਼ਨ, ਗਰਭ ਦੌਰਾਨ ਘੱਟੋਂ ਘੱਟ 4 ਵਾਰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਆਪਣੀ ਅਤੇ ਬੱਚੇ ਦੀ ਤੰਦਰੁਸਤੀ ਲਈ ਦੁੱਧ ਪਿਲਾੳਂਦੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ ਖਾਣੀ ਚਾਹੀਦੀ ਹੈ ਅਤੇ ਬੱਚਿਆਂ ਨੂੰ ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਟੀਕਾਕਰਣ ਕਰਵਾਉਣਾ ਚਾਹੀਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹਰ ਮਹੀਨੇ ਦੀ 9, ਅਤੇ 23 ਤਾਰੀਖ ਨੂੰ ਹਰ ਗਰਭਵਤੀ ਮਹਿਲਾ ਅਪਣੀ ਡਾਕਟਰ ਜਾਂਚ ਜਰੂਰ ਕਰਵਾਏ ਤਾਂਕਿ ਖੁਦ ਅਤੇ ਅਪਨੇ ਬੱਚੇ ਨੂੰ ਸੁਰੱਖਿਅਤ ਕੀਤਾ ਜਾ ਸਕੇ