- ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਪਿੰਡ ਨਰਾਇਣਗੜ੍ਹ ਵਿਖੇ ਲਗਾਇਆ ਗਿਆ ਕੈਂਪ
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ: ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਅਧੀਨ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਨਰਾਇਣਗੜ੍ਹ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਖੇਤੀ ਮਾਹਰਾਂ ਨਾਲ ਫਸਲਾਂ ਦੀ ਰਹਿੰਦ ਖੂੰਹਦ ਪ੍ਰਬੰਧਨ ਲਈ ਕੁਸ਼ਲ ਤਰੀਕਿਆਂ ਅਤੇ ਤਕਨਾਲੌਜੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਕੈਂਪ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਫਸਲਾਂ ਦੀ ਰਹਿੰਦ ਖੂੰਹਦ ਦੇ ਕੁਸ਼ਲ ਪ੍ਰਬੰਧਨ ਲਈ ਕੁਦਰਤੀ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਵਾਤਾਵਰਣ ਦੀ ਰਾਖੀ ਦਾ ਸੱਦਾ ਦਿੱਤਾ। ਉਨ੍ਹਾਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਿਫਾਰਸ਼ ਕੀਤੀਆਂ ਤਕਨਾਲੌਜੀਆਂ ਅਪਨਾਉਣ ਦੀ ਸਲਾਹ ਦਿੱਤੀ ਅਤੇ ਵੱਖ-ਵੱਖ ਖੇਤੀ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਬੇਲਰ ਤੇ ਸੀਡ ਡਰਿੱਲ ਆਦਿ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ । ਉਨ੍ਹਾਂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਦੇ ਸਮੇਂ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦੀ ਜਾਣਕਾਰੀ ਵੀ ਦਿੱਤੀ। ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ: ਅਜੈ ਕੁਮਾਰ ਨੇ ਝੌਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਵਿਚਲੇ ਖੁਰਾਕੀ ਤੱਤਾਂ ਦੇ ਨੁਕਸਾਨ ਬਾਰੇ ਸੁਚੇਤ ਕੀਤਾ ਅਤੇ ਮਿੱਟੀ ਦੀ ਜਾਂਚ ਕਰਵਾਉਣ ਦੀ ਮਹੱਤਤਾ ਤੇ ਚਾਨਣਾ ਵੀ ਪਾਇਆ। ਵੈਟਨਰੀ ਅਫਸਰ ਅਮਲੋਹ ਡਾ: ਵਿਕਾਸ ਗਰਗ ਨੇ ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ। ਡਾ: ਅਰਵਿੰਦਪ੍ਰੀਤ ਕੌਰ ਨੇ ਬਾਗਾਂ, ਸਰਜ਼ੀਆਂ ਅਤੇ ਖੁੰਬਾਂ ਦੀ ਕਾਸ਼ਤ ਵਿੱਚ ਪਰਾਲੀ ਦੀ ਵਰਤੋਂ ਕਰਨ ਬਾਰੇ ਦੱਸਿਆ। ਇਸ ਕੈਂਪ ਵਿੱਚ ਖੇਤੀ ਮਾਹਰਾਂ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਅਤੇ ਖੇਤੀ ਮਸ਼ੀਨਰੀ ਬਾਰੇ ਲਿਟਰੇਚਰ ਵੀ ਵੰਡਿਆ ਗਿਆ।