ਮਾਨਸਾ, 17 ਅਗਸਤ : ਜ਼ਿਲ੍ਹਾ ਮੈਜਿਸਟਰੇਟ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਫੌਜਦਾਰੀ ਦੰਡ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਅਤੇ ਨਾੜ੍ਹ ਨੂੰ ਅੱਗ ਲਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਕਿਹਾ ਗਿਆ ਹੈ ਕਿ ਆਮ ਤੌਰ ’ਤੇ ਕਿਸਾਨਾਂ ਵੱਲੋਂ ਝੋਨਾ ਕੱਟਣ ਉਪਰੰਤ ਫਸਲ ਦੀ ਰਹਿੰਦ-ਖੂੰਹਦ ਅਤੇ ਨਾੜ੍ਹ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ਵਿਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਅਤੇ ਆਲੇ-ਦੁਆਲੇ ਖੜ੍ਹੀ ਫਸਲ ਜਾਂ ਪਿੰਡ ਵਿੱਚ ਅੱਗ ਲੱਗਣ ਦਾ ਡਰ ਰਹਿੰਦਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸੜਕ ਦੁਆਲੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਹਾਦਸਾ ਹੋਣ ਦੀ ਵੀ ਸੰਭਾਵਨਾ ਬਣੀ ਰਹਿੰਦੀ ਹੈ, ਜਿਸ ਨਾਲ ਕਿਸੇ ਸਮੇਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਵੀ ਔਖਾ ਹੋ ਸਕਦਾ ਹੈ। ਇਸ ਨੂੰ ਰੋਕਣਾ ਲੋਕ ਹਿੱਤ ਵਿੱਚ ਬਹੁਤ ਜ਼ਰੂਰੀ ਹੈ ਅਤੇ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ। ਇਹ ਹੁਕਮ 30 ਸਤੰਬਰ 2023 ਤੱਕ ਲਾਗੂ ਰਹੇਗਾ।