- ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਲੰਬਿਤ ਕੇਸਾਂ ਦੇ ਸਮਾਂਬੱਧ ਨਿਪਟਾਰੇ ਦੀ ਹਦਾਇਤ
ਪਟਿਆਲਾ, 4 ਦਸੰਬਰ 2024 : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਹਦਾਇਤ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਲੰਬਿਤ ਕੇਸਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ। ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੋਂ ਜ਼ਿਲ੍ਹਾ ਵਿੱਚ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਬਤ ਜਾਣਕਾਰੀ ਹਾਸਲ ਕਰਦਿਆਂ ਹਦਾਇਤ ਕੀਤੀ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ। ਕੈਬਨਿਟ ਮੰਤਰੀ ਸ. ਮੁੰਡੀਆਂ ਨੇ ਕਿਹਾ ਕਿ ਸਰਕਾਰ ਦੀ ਮੁੱਖ ਤਰਜੀਹ ਜਵਾਬਦੇਹੀ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਇਸ ਲਈ ਲੰਬੇ ਸਮੇਂ ਤੋਂ ਪੈਂਡਿੰਗ ਪਏ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣ ਅਤੇ ਲੋਕਾਂ ਦੇ ਕੰਮ ਸਮਾਂਬੱਧ ਕਰਕੇ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਰ ਪਿੰਡ ਤੇ ਸ਼ਹਿਰ ਵਾਸੀ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਲੋੜੀਂਦੇ ਕਦਮ ਉਠਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਜਲ ਸਪਲਾਈ ਨਾਲ ਸਬੰਧਤ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇ ਕਿਉਂਕਿ ਇਹ ਬੁਨਿਆਦੀ ਜ਼ਰੂਰਤਾਂ ਵਿੱਚ ਆਉਂਦਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦਾ ਪਟਿਆਲਾ ਆਉਣ 'ਤੇ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੰਦਿਆਂ ਸਲਾਮੀ ਦਿੱਤੀ ਗਈ। ਬੈਠਕ ਵਿੱਚ ਵਿਧਾਇਕ ਸਮਾਣਾ ਚੇਤਨ ਸਿੰਘ ਜੌੜਾਮਾਜਰਾ, ਘਨੌਰ ਦੇ ਵਿਧਾਇਕ ਗੁਰਲਾਲ ਘਨੌਰ, ਪਾਤੜਾਂ ਦੇ ਵਿਧਾਇਕ ਕੁਲਵੰਤ ਸਿੰਘ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਪੀ ਮੁਹੰਮਦ ਸਰਫ਼ਰਾਜ ਆਲਮ, ਵਾਈਸ ਚੇਅਰਮੈਨ ਪੰਜਾਬ ਕੰਟੇਨਰ ਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਇੰਦਰਜੀਤ ਸਿੰਘ ਸੰਧੂ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਏਡੀਸੀ ਨਵਰੀਤ ਕੌਰ ਸੇਖੋਂ, ਏਡੀਸੀ ਅਨੁਪ੍ਰਿਤਾ ਜੌਹਲ, ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਤੇ ਮਾਲ ਵਿਭਾਗ ਦੇ ਅਧਿਕਾਰੀ ਮੌਜੂਦ ਸਨ।