- ਸਿਹਤ ਮੰਤਰੀ ਪੰਜਾਬ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾ ਦੌਰਾ
ਕੋਟਕਪੂਰਾ, 8 ਜੂਨ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਜੱਚਾ-ਬੱਚਾ ਜਾਂਚ ਸੈਂਟਰ ਅਤੇ ਹੋਰ ਸਿਹਤ ਸਹੂਲਤਾਂ ਦਾ ਨਿਰੀਖਣ ਕਰਨ ਉਪਰੰਤ ਸਿਹਤ ਵਿਭਾਗ ਅਤੇ ਮੈਡੀਕਲ ਕਾਲਜ ਦੇ ਅਧਿਕਾਰੀਆਂ ਨੂੰ ਮੈਡੀਕਲ ਕਾਲਜ ਵਿੱਚ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਮੌਕੇ ’ਤੇ ਆਦੇਸ਼ ਦਿੱਤੇ। ਇਸ ਮੌਕੇ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਅਮੋਲਕ ਸਿੰਘ ਵਿਧਾਇਕ ਜੈਤੋ, ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸਮੇਤ ਹੋਰ ਵੀ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਸਿਹਤ ਮੰਤਰੀ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਨਵੇਂ ਬਣੇ ਜੱਚਾ-ਬੱਚਾ ਕੇਂਦਰ ਦਾ ਦੌਰਾ ਕਰਕੇ ਬੱਚਾ ਵਾਰਡ, ਬੱਚਾ ਸਰਜਰੀ ਵਾਰਡ, ਨਿੱਕੂ, ਪਲੇਅ ਰੂਮ ਦਾ ਜਾਇਜਾ ਲਿਆ ਅਤੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਮੈਡੀਕਲ ਕਾਲਜ ਵਿਖੇ ਨੂਕਲੀਅਰ ਮੈਡੀਸਨ ਵਿਭਾਗ ਦਾ ਦੌਰਾ ਕਰਕੇ ਕੀਤੇ ਜਾਂਦੇ ਟੈਸਟਾਂ ਦੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮਰੀਜ਼ਾਂ ਦੀ ਦੇਖਭਾਲ, ਵਾਰਡਾਂ, ਲੈਬਾਰਟਰੀ ਟੈਸਟਾਂ, ਪਰਚੀ ਵਾਲੇ ਕਾਊਂਟਰਾਂ, ਇਲਾਜ ਸਮੇਤ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਦਾ ਵੀ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਮਰੀਜਾਂ ਅਤੇ ਉਨ੍ਹਾਂ ਦੇ ਵਾਰਸਾਂ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਰੈਫਰਲ ਹਸਪਤਾਲਾਂ ਵਜੋਂ ਤਬਦੀਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸਾਰੇ ਹਸਪਤਾਲਾਂ ਵਿੱਚ ਲੋਕਾਂ ਦੇ ਇਲਾਜ ਲਈ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਆਪਣੇ ਇਲਾਜ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਫਰੀਦਕੋਟ ਦੇ ਮੈਡੀਕਲ ਕਾਲਜ ਨੂੰ ਸਿਹਤ ਸਹੂਲਤਾਂ ਪੱਖੋਂ ਮਾਲਵੇ ਦੇ ਲੋਕਾਂ ਲਈ ਪੀ.ਜੀ.ਆਈ. ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਨਾਲ ਕੰਮ ਕਰਦੀ ਰਹੇਗੀ। ਇਸ ਉਪਰੰਤ ਉਨ੍ਹਾਂ ਬਾਬਾ ਫਰੀਦ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਕਪੂਰਥਲਾ, ਹੁਸ਼ਿਆਰਪੁਰ, ਮਲੇਰਕੋਟਲਾ, ਸੰਗਰੂਰ, ਮੋਗਾ ਆਦਿ ਜਿਲ੍ਹਿਆਂ ਵਿੱਚ ਸਿਵਲ ਹਸਪਤਾਲਾਂ ਵਿੱਚ ਚੱਲਣ ਵਾਲੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਉਨ੍ਹਾ ਨੂੰ ਮਿੱਥੇ ਸਮੇਂ ਵਿਚ ਪੂਰਾ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਸੁਲੇਖ ਮਿੱਤਲ, ਡਾ.ਐਸ.ਪੀ. ਸਿੰਘ, ਸਿਵਲ ਸਰਜਨ ਸ੍ਰੀ ਅਨਿਲ ਕੁਮਾਰ ਗੋਇਲ, ਡਾ. ਸੀਮਾ ਗਰੋਵਰ ਸਹਾਇਕ ਸਿਵਲ ਸਰਜਨ ਡਾ. ਚੰਦਰ ਸ਼ੇਖਰ ਤੋਂ ਇਲਾਵਾ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ।