- ਅਸ਼ੀਰਵਾਦ ਸਕੀਮ ਤਹਿਤ 694 ਲਾਭਪਾਤਰੀਆਂ ਨੂੰ ਮਿਲੇਗਾ ਲਾਭ-ਡਿਪਟੀ ਕਮਿਸ਼ਨਰ
- ਕਿਹਾ, ਸਰਕਾਰ ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਪਹੁੰਚਾਉਣ ਲਈ ਵਚਨਬੱਧ
- ਚਾਹਵਾਨ http://ashirwad.punjab.gov.in ਤੇ ਅਰਜ਼ੀ ਆਨਲਾਈਨ ਭਰਨ- ਬਾਵਾ
ਮਾਲੇਰਕੋਟਲਾ 22 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਵਰਦਾਨ ਸਾਬਿਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਦੇ 694 ਲਾਭਪਾਤਰੀਆਂ ਨੂੰ 03 ਕਰੋੜ 53 ਲੱਖ 94 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਆਸ਼ੀਰਵਾਦ ਸਕੀਮ ਤਹਿਤ ਮੁਹੱਈਆ ਕਰਵਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਪਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਲਗਾਤਾਰ ਕਾਰਜਸ਼ੀਲ ਅਤੇ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀ ਦੇ 253 ਲਾਭਪਾਤਰੀਆਂ ਨੂੰ 1 ਕਰੋੜ 29 ਲੱਖ 3 ਹਜ਼ਾਰ ਰੁਪਏ ਦੀ ਰਾਸ਼ੀ ਅਤੇ ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ 441 ਲਾਭਪਾਤਰੀਆਂ ਨੂੰ 2 ਕਰੋੜ 24 ਲੱਖ 91 ਹਜ਼ਾਰ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ ਹੈ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਮੁਕਲ ਬਾਵਾ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।