- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦਾ ਸਰਬਪੱਖੀ ਵਿਕਾਸ ਹੋ ਰਿਹੈ - ਬ੍ਰਮ ਸ਼ੰਕਰ ਜਿੰਪਾ
- ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ
- ਲੋਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਅਤੇ ਪਾਣੀ ਨਾਲ ਸਬੰਧਤ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਨੇ ਕੀਤੇ ਅਹਿਮ ਉਪਰਾਲੇ
- ਸਿੱਖਿਆ ਅਤੇ ਸਿਹਤ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਨਵੀਆਂ ਯੋਜਨਾਵਾਂ ਉਲੀਕੀਆਂ
- ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਬਣੇ ਖਿੱਚ ਦਾ ਕੇਂਦਰ
ਫ਼ਿਰੋਜ਼ਪੁਰ 15 ਅਗਸਤ : ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਰੋਹ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਕੀਤਾ ਗਿਆ। ਸਮਾਰੋਹ ਵਿਚ ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਬੀ.ਐਸ.ਐਫ., ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਮੁੱਖ ਮਹਿਮਾਨ ਸ੍ਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਅਤੇ ਇਸ ਅਵਸਰ ‘ਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ, ਸੂਰਬੀਰਾਂ ਤੇ ਵੱਖ-ਵੱਖ ਆਜ਼ਾਦੀ ਦੀਆਂ ਲਹਿਰਾਂ ਵਿਚ ਹਿੱਸਾ ਪਾਉਣ ਵਾਲੇ ਯੋਧਿਆਂ, ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ। ਸ੍ਰੀ ਜਿੰਪਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਦਾ ਕਣ-ਕਣ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰਪੂਰ ਹੈ ਤੇ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਸ਼ਹੀਦਾਂ ਦੀ ਧਰਤੀ ਹੋਣ ਦਾ ਮਾਣ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਪੰਜਾਬੀਆ ਨੇ ਵੱਧ ਚੜ੍ਹ ਕੇ ਕੁਰਬਾਨੀਆਂ ਕੀਤੀਆਂ ਜਿਸ ‘ਤੇ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੱਡੇ ਸਮੱਰਥਨ ਨਾਲ ਹੋਂਦ ਵਿਚ ਆਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਚ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰ ਦੇ ਪਹਿਲੇ ਦਿਨਾਂ ਵਿਚ ਹੀ ਭ੍ਰਿਸ਼ਟਾਚਾਰ, ਨਸ਼ਿਆਂ ਦੇ ਖ਼ਾਤਮੇ ਅਤੇ ਬਿਜਲੀ ਦੇ ਬਿੱਲਾਂ ਦੀ ਮੁਆਫੀ ਵਰਗੇ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦੇ ਬਹੁਤ ਵਧੀਆ ਨਤੀਜੇ ਨਿਕਲ ਕੇ ਸਾਹਮਣੇ ਆਏ ਹਨ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਸਹੂਲਤਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਸਮੇਤ ਰਾਜ ਦੇ ਹਰ ਵਰਗ ਦੀ ਉੱਨਤੀ ਤੇ ਵਿਕਾਸ ਲਈ ਵੱਡੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਰਥਕ ਤੇ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਸਿਹਤ ਦੇ ਖੇਤਰ ਦੀ ਗੱਲ ਕਰਦਿਆਂ ਕਿਹਾ ਕਿ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ 76 ਹੋਰ ਨਵੇਂ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਵਿੱਚ ਵੱਖ-ਵੱਖ ਬਿਮਾਰੀਆਂ ਦੀਆਂ ਲਗਭਗ 80 ਤਰ੍ਹਾਂ ਦੀਆਂ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਨੂੰ ਮਜ਼ਬੂਤ ਕਰਨ ਲਈ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਦਿਆਂ ਪਿਛਲੇ ਕੁਝ ਮਹੀਨਿਆਂ ਦੌਰਾਨ ਕਈ ਗੈਂਗਸਟਰ ਕਾਬੂ ਕੀਤੇ ਗਏ ਹਨ। ਜਿੰਪਾ ਨੇ ਕਿਹਾ ਕਿ 100 ਫੀਸਦੀ ਪੇਂਡੂ ਇਲਾਕਿਆਂ ਵਿੱਚ ਪਾਈਪਾਂ ਰਾਹੀਂ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਸ ਤਰ੍ਹਾਂ ਕਰਨ ਵਾਲਾ ਪੰਜਾਬ ਪੂਰੇ ਦੇਸ਼ ਵਿਚੋਂ 5ਵਾਂ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਜੋ ਵੀ ਪੰਜਾਬ ਵਿੱਚ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ-ਸੁਥਰਾ ਬਣਾਉਣ ਲਈ 1.25 ਕਰੋੜ ਤੋਂ ਵੱਧ ਬੂਟੇ ਇਸ ਸਾਲ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਜਿਸ ਵਿੱਚ 9961 ਮੈਡਲ ਜੈਤੂ ਖਿਡਾਰੀਆਂ ਨੂੰ 6 ਕਰੋੜ 85 ਲੱਖ ਰੁਪਏ ਦੇ ਇਨਾਮ ਵੰਡੇ ਗਏ। ਕੈਬਨਿਟ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 11,665 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਆਜ਼ਾਦੀ ਘੁਲਾਈਆਂ ਨੂੰ ਦਿੱਤੀ ਜਾਂਦੀ ਪੈਨਸ਼ਨ 9400 ਤੋਂ ਵਧਾ ਕੇ 12 ਹਜ਼ਾਰ ਰੁਪਏ ਕੀਤੀ ਗਈ ਹੈ। ਆਜ਼ਾਦੀ ਦਿਵਸ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ, ਸੁਤੰਤਰਤਾ ਸੰਗਰਾਮੀਆਂ, ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ, ਖਿਡਾਰੀਆਂ, ਵਿਦਿਆਰਥੀਆਂ, ਅਧਿਕਾਰੀਆਂ, ਕਰਮਚਾਰੀਆਂ ਆਦਿ ਨੂੰ ਸ੍ਰੀ ਬ੍ਰਮ ਸ਼ੰਕਰ ਜਿੰਪਾ ਵਜੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਦੇਸ਼ ਭਗਤੀ ਨੂੰ ਦਰਸਾਉਂਦਾ ਰੰਗਾਂ ਰੰਗ ਸਭਿਆਚਾਰ ਪ੍ਰੋਗਰਾਮ ਤੋਂ ਇਲਾਵਾ ਪੰਜਾਬ ਦੇ ਲੋਕ ਨਾਚਾਂ ਗਿੱਧਾ ਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਸਮਾਗਮ ਵਿਚ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਏ.ਡੀ.ਜੀ.ਪੀ. ਸ੍ਰੀ ਪੀ.ਕੇ. ਸਿਨਹਾ, ਡੀ.ਆਈ.ਜੀ. ਸ. ਰਣਜੀਤ ਸਿੰਘ, ਐੱਸ.ਐੱਸ.ਪੀ. ਸ੍ਰੀ ਦੀਪਕ ਹਿਲੌਰੀ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ, ਰਾਜਨੀਤਿਕ ਆਗੂ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਅਧਿਆਪਕ, ਪੰਚਾਇਤਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।ਇਸ ਤੋਂ ਪਹਿਲਾਂ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਇਸ ਮੌਕੇ ਉਨ੍ਹਾਂ ਦੇ ਧਰਮ ਪਤਨੀ ਸ੍ਰੀਮਤੀ ਵਿਭਾ ਸ਼ਰਮਾ ਵੀ ਹਾਜ਼ਰ ਸਨ।