- ਸਬਸਿਡੀ ਲਈ ਕਿਸਾਨ 10 ਸਤੰਬਰ ਤੱਕ ਦੇ ਸਕਦੇ ਹਨ ਅਰਜ਼ੀਆਂ - ਡਿਪਟੀ ਕਮਿਸ਼ਨਰ ਸੁਰਭੀ ਮਲਿਕ
ਲੁਧਿਆਣਾ, 05 ਸਤੰਬਰ : ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਨਵੀਂ ਤਕਨੀਕ ਵਾਲੀ ਸਰਫੇਸ ਸੀਡਰ ਮਸ਼ੀਨ ਸਬਸਿਡੀ 'ਤੇ ਉਪਲਬਧ ਕਰਵਾਉਣ ਵਾਸਤੇ ਅਨਲਾਈਨ ਪੋਰਟਲ agrimachinerypb.com ਰਾਹੀਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਬਿਨੈ ਪੱਤਰ ਦੇਣ ਦੀ ਆਖਰੀ ਮਿਤੀ 10 ਸਤੰਬਰ, 2023 ਹੈ ਅਤੇ ਅਰਜ਼ੀਆਂ ਦੇਣ ਲਈ ਅਖਬਾਰਾਂ ਵਿੱਚ ਦਿੱਤੇ ਇਸ਼ਤਿਹਾਰ ਵਿਚਲੇ ਕੋਡ ਨੂੰ ਸਕੈਨ ਕਰਕੇ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਰਫੇਸ ਸੀਡਰ ਮਸ਼ੀਨ 'ਤੇ ਵਿਅਕਤੀਗਤ ਕਿਸਾਨ ਨੂੰ 50 ਫੀਸਦ ਜਾਂ ਵੱਧ ਤੋਂ ਵੱਧ 40 ਹਜ਼ਾਰ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ ਅਤੇ ਸਹਿਕਾਰੀ ਸਭਾਵਾਂ/ ਪੰਚਾਇਤਾਂ/ ਰਜਿਸਟਰਡ ਕਿਸਾਨ ਗਰੁੱਪਾਂ ਨੂੰ 80 ਫੀਸਦ ਜਾਂ ਵੱਧ ਤੋਂ ਵੱਧ 64 ਹਜ਼ਾਰ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਨੂੰ ਸਰਫੇਸ ਸੀਡਰ ਲਈ 200 ਮਸ਼ੀਨਾਂ ਦਾ ਟੀਚਾ ਪ੍ਰਾਪਤ ਹੋਇਆ ਹੈ। ਉਹਨਾਂ ਕਿਸਾਨਾਂ ਨੂੰ ਇਸ ਮਸ਼ੀਨ ਲਈ ਵੱਧ ਤੋਂ ਵੱਧ ਅਰਜ਼ੀਆਂ ਦੇਣ ਦੀ ਅਪੀਲ ਕੀਤੀ ਤਾਂ ਜੋ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਘੱਟ ਤੋਂ ਘੱਟ ਖਰਚੇ ਨਾਲ ਸੰਭਾਲਿਆ ਜਾ ਸਕੇ। ਸਰਫੇਸ ਸੀਡਰ ਮਸ਼ੀਨ ਦੇ ਫਾਇਦਿਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਮਸ਼ੀਨ 35 ਤੋਂ 40 ਹਾਰਸਪਾਵਰ ਦੇ ਟਰੈਕਟਰ ਨਾਲ ਅਸਾਨੀ ਨਾਲ ਚਲਾਈ ਜਾ ਸਕਦੀ ਹੈ ਅਤੇ ਇਸ ਮਸ਼ੀਨ ਨਾਲ ਝੋਨੇ ਦੀ ਵਾਢੀ ਤੋਂ ਤੁਰੰਤ ਬਾਅਦ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇੱਕ ਦਿਨ ਵਿੱਚ ਇਸ ਮਸ਼ੀਨ ਨਾਲ 14 ਤੋਂ 16 ਏਕੜ ਵਿੱਚ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਵਧੇਰੇ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਦਫਤਰਾਂ ਜਾਂ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰਬਰ 1800-1801-551 'ਤੇ ਸੰਪਰਕ ਕੀਤਾ ਜਾ ਸਕਦਾ ਹੈ।