- ਪੰਜਾਬ ਦੇ ਰਾਜਪਾਲ ਵੱਲੋਂ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਦਾ ਸੱਦਾ
ਫਾਜਿ਼ਲਕਾ, 11 ਅਕਤੂਬਰ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਮੁਲਕ ਨੂੰ ਮੁੜ ਵਿਸਵ ਗੁਰੂ ਬਣਾਉਣ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਹ ਅੱਜ ਕੌਮਾਂਤਰੀ ਸਰਹੱਦ ਨੇੜੇ ਬਣੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਸਾਨੂੰ ਕਮਜੋਰ ਕਰਨ ਲਈ ਕੋਝੀਆਂ ਚਾਲਾਂ ਚੱਲ ਰਿਹਾ ਹੈ ਪਰ ਪਾਕਿਸਤਾਨ ਦੇ ਇਸ ਕੁਚੱਕਰ ਨੂੰ ਪ੍ਰਸ਼ਾਸਨ ਅਤੇ ਪਿੰਡ ਸੁਰੱਖਿਆ ਕਮੇਟੀਆਂ ਦੇ ਤਾਲਮੇਲ ਦੇ ਸਹਾਰੇ ਤੋੜਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੇ ਹੁਣ ਇਹ ਸੱਚ ਸਵਿਕਾਰ ਕਰ ਲਿਆ ਹੈ ਕਿ ਉਹ ਭਾਰਤ ਨਾਲ ਸਿੱਧੀ ਜੰਗ ਨਹੀਂ ਲੜ੍ਹ ਸਕਦਾ ਇਸ ਲਈ ਉਸ ਵੱਲੋਂ ਨਸ਼ੇ ਨੂੰ ਹਥਿਆਰ ਬਣਾਇਆ ਜਾ ਰਿਹਾ ਹੈ ਪਰ ਜ਼ੇਕਰ ਲੋਕ ਵੀ ਸਰਕਾਰ ਨਾਲ ਮਿਲ ਕੇ ਚੱਲਣ ਤਾਂ ਪਾਕਿਸਤਾਨ ਨੂੰ ਅਸੀਂ ਇਸ ਲੁਕਵੇਂ ਯੁੱਧ ਵਿਚ ਹਰਾ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਹਜਾਰਾਂ ਸਾਲ ਪਹਿਲਾਂ ਅਸੀਂ ਵਿਸਵ ਗੁਰੂ ਸੀ ਪਰ ਹੁਣ ਮੁੜ ਵਕਤ ਆ ਗਿਆ ਹੈ ਕਿ ਅਸੀਂ ਆਪਣੇ ਪੁਰਾਣੇ ਗੌਰਵ ਦੀ ਬਹਾਲੀ ਲਈ ਸਾਰੇ ਇਕਜੁੱਟ ਹੋ ਕੇ ਕੰਮ ਕਰੀਏ ਅਤੇ ਆਪਣੇ ਦੇੇਸ਼ ਨੂੰ ਵਿਸਵ ਸ਼ਕਤੀ ਬਣਾਈਏ। ਪਰ ਇਹ ਟੀਚਾ ਇਮਾਨਦਾਰੀ ਨਾਲ ਆਪਣੇ ਦੇਸ਼ ਲਈ ਮਿਹਨਤ ਕਰਨ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਸ਼ੇ ਫੈਲਾਉਣ ਵਾਲੇ ਗਦਾਰਾਂ ਦੀ ਵੀ ਸਾਨੂੰ ਪਹਿਚਾਣ ਕਰਨੀ ਪਵੇਗੀ। ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਗੇ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ ਪਰ ਸਰਹੱਦੀ ਪਿੰਡਾਂ ਵਿਚ ਬਣੀਆਂ ਪਿੰਡ ਸੁਰੱਖਿਆ ਕਮੇਟੀਆਂ ਵੀ ਜ਼ੇਕਰ ਮੁਸਤੈਦ ਹੋ ਜਾਣ ਤਾਂ ਸਮਾਜ ਦੇ ਦੁ਼ਸਮਣਾਂ ਦੀ ਪਹਿਚਾਣ ਸਹਿਜੇ ਹੀ ਕੀਤੀ ਜਾ ਸਕਦੀ ਹੈ। ਰਾਜਪਾਲ ਨੇ ਇਸ ਮੌਕੇ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਹਰ ਖੇਤਰ ਵਿਚ ਅੱਗੇ ਹੈ, ਪਰ ਆਪਾਂ ਇਸਨੂੰ ਹੋਰ ਅੱਗੇ ਲੈਕੇ ਜਾਣਾ ਹੈ। ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਨੂੰ ਸਲਾਮ ਕਰਦਿਆਂ ਕਿਹਾ ਕਿ ਇੰਨ੍ਹਾਂ ਨੇ ਦੇਸ਼ ਨੂੰ ਅਨਾਜ ਦੇ ਖੇਤਰ ਵਿਚ ਆਤਮ ਨਿਰਭਰ ਬਣਾਇਆ ਹੈ। ਪਰ ਨਾਲ ਹੀ ਨਸ਼ੇ ਦੀ ਚੁਣੌਤੀ ਦੇ ਟਾਕਰੇ ਲਈ ਸਭ ਨੇ ਮਿਲ ਕੇ ਕੰਮ ਕਰਨਾ ਹੈ। ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪਿੰਡ ਵਿਚ ਜ਼ੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸਦਾ ਇਲਾਜ ਕਰਵਾਓ ਅਤੇ ਜ਼ੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸਦੀ ਇਤਲਾਹ ਪੁਲਿਸ ਨੂੰ ਦਿਓ।ਉਨ੍ਹਾਂ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਸੂਚਨਾ ਪੂਰੀ ਤਰਾਂ ਨਾਲ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਨਸ਼ੇ ਅੱਜ਼ ਸਿਰਫ ਪੰਜਾਬ ਦੀ ਸਮੱਸਿਆ ਨਹੀਂ ਹਨ, ਹਰਿਆਣਾ ਤੇ ਹੋਰ ਰਾਜਾਂ ਵਿਚ ਵੀ ਇਸਦਾ ਪਸਾਰ ਹੋ ਰਿਹਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼ਹੀਦਾਂ ਦੀ ਸਮਾਧੀ ਵਿਖੇ 1971 ਦੀ ਭਾਰਤ ਪਾਕਿ ਜੰਗ ਦੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕੀਤੀ ਅਤੇ ਇੱਥੇ ਬਣੀ ਯਾਦਗਾਰ ਵੇਖੀ।ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਮੁਸਕਿਲਾਂ ਵੀ ਸੁਣੀਆਂ। ਇਸਤੋਂ ਬਿਨ੍ਹਾਂ ਉਨ੍ਹਾਂ ਨੇ ਵਿਦਿਆਰਥਣਾਂ ਵੱਲੋਂ ਲਗਾਈ ਤ੍ਰਿੰਜਣ, ਸਵੈ ਸਹਾਇਤਾਂ ਸਮੂਹਾਂ ਦੇ ਸਟਾਲ ਅਤੇ ਜਿ਼ਲ੍ਹੇ ਦੇ ਖਿਡਾਰੀਆਂ ਨਾਲ ਵੀ ਮੁਲਾਕਾਤ ਕੀਤੀ। ਉਹ ਫੌਜ਼ ਵਿਚ ਨਵੇਂ ਭਰਤੀ ਹੋਏ ਸਰਹੱਦੀ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਮਿਲੇ। ਇਸ ਤੋਂ ਪਹਿਲਾਂ ਸਮਾਗਮ ਵਿਚ ਪੁੱਜਣ ਤੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਉਨ੍ਹਾਂ ਨੂੰ ਜੀ ਆਇਆ ਨੂੰ ਕਿਹਾ ਅਤੇ ਵਿਸਵਾਸ਼ ਦੁਆਇਆ ਕਿ ਪ੍ਰਸ਼ਾਸਨ ਉਨ੍ਹਾਂ ਵੱਲੋਂ ਦਿੱਤੇ ਦਿਸ਼ਾ ਨਿਰਦੇਸਾਂ ਅਨੁਸਾਰ ਅਮਨ ਸਾਂਤੀ ਕਾਇਮ ਰੱਖਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਇਸ ਸਮਾਗਮ ਵਿਚ ਆਏ ਰਾਜਪਾਲ ਪੰਜਾਬ ਅਤੇ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ, ਵਧੀਕ ਮੁੱਖ ਸਕੱਤਰ ਸ੍ਰੀ ਕੇ ਸਿ਼ਵਾ ਪ੍ਰਸ਼ਾਦ, ਸਪੈਸ਼ਲ ਸਕੱਤਰ ਗ੍ਰਹਿ ਸ੍ਰੀ ਵਰਿੰਦਰ ਸ਼ਰਮਾ ਵੀ ਪੁੱਜ਼ੇ ਸਨ। ਜਦ ਕਿ ਵਿਧਾਇਕ ਸ੍ਰੀ ਸੰਦੀਪ ਜਾਖੜ, ਕਮਿਸ਼ਨਰ ਸ੍ਰੀ ਦਲਜੀਤ ਸਿੰਘ ਮਾਂਗਟ, ਡੀਆਈਜੀ ਰਣਜੀਤ ਸਿੰਘ ਵੀ ਇਸ ਮੌਕੇ ਹਾਜਰ ਸਨ। ਇਸ ਤੋਂ ਪਹਿਲਾਂ ਇੱਥੇ ਪੱੁਜਣ ਤੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਮਨਜੀਤ ਸਿੰਘ ਢੇਸੀ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦਾ ਸਵਾਗਤ ਕੀਤਾ ਜਦ ਕਿ ਸ਼ਹੀਦਾਂ ਦੀ ਸਮਾਧੀ ਕਮੇਟੀ ਵੱਲੋਂ ਸ੍ਰੀ ਸੰਦੀਪ ਗਿਲਹੋਤਰਾ ਦੀ ਅਗਵਾਈ ਵਿਚ ਵੀ ਰਾਜਪਾਲ ਪੰਜਾਬ ਜੀ ਦਾ ਸਵਾਗਤ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਪ੍ਰਸ਼ਾਸਨ ਅਤੇ ਸੁਰੱਖਿਆ ਏਂਜਸੀਆਂ ਨਾਲ ਬੈਠਕ ਕੀਤੀ।