
- ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੁਦ ਪਹੁੰਚ ਕੇ ਛੱਪੜ ਦੀ ਸਾਫ਼ ਸਫਾਈ ਦਾ ਕੀਤਾ ਨਿਰੀਖਣ
- ਟੋਭੇ ਵਿੱਚ ਸੋਲਰ ਮੋਟਰ ਲਗਾ ਕੇ ਟਰੀਟਡ ਪਾਣੀ ਖੇਤਾਂ ਨੂੰ ਦਿੱਤਾ ਜਾਵੇਗਾ
ਖੰਨਾ 26 ਅਪ੍ਰੈਲ 2025 : ਪੰਜਾਬ ਵਿੱਚ ਆਪ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਟੋਭਿਆਂ ਦੀ ਸਫਾਈ ਮੁਹਿੰਮ ਦੇ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰ ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ ਕਰੀਬ 50 ਸਾਲ ਬਾਅਦ ਸਫ਼ਾਈ ਹੋਈ ਹੈ। ਪੰਜਾਬ ਦੇ ਪੰਚਾਇਤ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਖੁਦ ਪਿੰਡ ਭੁਮੱਦੀ ਪਹੁੰਚ ਕੇ ਟੋਭੇ ਦੀ ਸਾਫ਼ ਸਫਾਈ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੂੰ ਪਿੰਡ ਦੇ ਸਰਪੰਚ ਹਰਮਨਦੀਪ ਸਿੰਘ ਨੇ ਦੱਸਿਆ ਕਿ ਟੋਭੇ ਦੀ ਮੁਕੰਮਲ ਰੂਪ ਵਿੱਚ ਸਾਫ਼ ਸਫਾਈ ਕਰੀਬ 50 ਸਾਲ ਤੋਂ ਨਹੀਂ ਹੋਈ ਸੀ। ਹੁਣ ਟੋਭੇ ਵਿੱਚੋਂ ਗਾਰ ਕੱਢ ਕੇ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਕੁਝ ਬਜ਼ੁਰਗਾਂ ਨੇ ਦੱਸਿਆ ਕਿ ਅਸੀਂ ਆਪਣੀ ਸੋਝੀ ਵਿੱਚ ਪਹਿਲੀ ਵਾਰ ਛੱਪੜ ਦਾ ਤਲਾ ਦੇਖਿਆ ਹੈ। ਪਿੰਡ ਵਾਸੀਆਂ ਨੇ ਇਸ ਅਹਿਮ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਿੰਡਾਂ ਦੇ ਟੋਭਿਆਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ ਉੱਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਰਹੀਆਂ ਸਰਕਾਰਾਂ ਨੇ ਪਿੰਡਾਂ ਦੇ ਛੱਪੜਾਂ ਦੀ ਕਦੇ ਸਾਰ ਨਹੀਂ ਲਈ ਸੀ। ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਸਦਕਾ ਇਹ ਸੰਭਵ ਹੋ ਸਕਿਆ ਹੈ। ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਟੀਚਾ ਮਿੱਥਿਆ ਹੈ ਕਿ ਬਰਸਾਤਾਂ ਤੋਂ ਪਹਿਲਾਂ ਸਾਰੇ ਪਿੰਡਾਂ ਦੇ ਛੱਪੜਾਂ ਦਾ ਪਾਣੀ ਕੱਢਕੇ ਸਫਾਈ ਕੀਤੀ ਜਾਵੇ। ਅਤੇ ਜਿੱਥੇ ਲੋੜ ਹੈ ਉੱਥੇ ਗਾਰ ਕੱਢਕੇ ਸਫਾਈ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਫਾਈ ਤੋਂ ਬਾਅਦ ਟੋਭੇ ਵਿੱਚ ਸੋਲਰ ਮੋਟਰ ਲਗਾ ਕੇ ਟਰੀਟਡ ਪਾਣੀ ਖੇਤਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਕਰੀਬ 15000 ਛੱਪੜਾਂ ਦੀ ਸਫ਼ਾਈ ਕਰਵਾ ਰਹੀ ਹੈ। ਪੰਜਾਬ ਦੇ ਬਹੁਤੇ ਪਿੰਡਾਂ ਵਿੱਚ ਇਹ ਕਾਰਜ ਸ਼ੁਰੂ ਵੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋੜ ਮੁਤਾਬਕ ਛੱਪੜਾਂ ਦੀ ਡੀਸਿਲਟਿੰਗ ਤੇ ਰੀਸਿਲਟਿੰਗ, ਦੋਵੇਂ ਕੰਮ ਕੀਤੇ ਜਾ ਰਹੇ ਹਨ। ਪੰਚਾਇਤ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨਾ ਹੈ, ਜਿਸ ਤਹਿਤ ਪਿੰਡਾਂ ਦੇ ਛੱਪੜਾਂ ਦੀ ਮੁਰੰਮਤ, ਰੱਖ-ਰਖਾਅ ਅਤੇ ਸਾਂਭ-ਸੰਭਾਲ ਅਤੇ ਖੇਡ ਮੈਦਾਨਾਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਹੇਠ ਪੰਜਾਬ ਨੂੰ ”ਰੰਗਲਾ ਪੰਜਾਬ” ਬਣਾਉਣ ਦਾ ਮਿਸ਼ਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਸੌਂਦ ਨੇ ਦੱਸਿਆ ਕਿ ਮੌਨਸੂਨ ਸੀਜ਼ਨ ਤੋਂ ਪਹਿਲਾਂ, ਪੰਜਾਬ ਸਰਕਾਰ ਜਿੱਥੇ ਵੀ ਲੋੜ ਪਵੇਗੀ, ਛੱਪੜਾਂ ਨੂੰ ਗਾਰ ਮੁਕਤ ਕਰੇਗੀ ਅਤੇ ਗੰਦਾ ਪਾਣੀ ਬਾਹਰ ਕੱਢੇਗੀ। ਇਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਹੋਵੇਗਾ ਅਤੇ ਪੰਜਾਬ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ।